2027 ’ਚ ਪੰਜਾਬ ਦੇ ਲੋਕ ਕਾਂਗਰਸ ਨੂੰ ਦੇਣਗੇ ਢੁੱਕਵਾਂ ਜਵਾਬ : ਪੱਡਾ 2027 ਵਿੱਚ ਪੰਜਾਬ ਦੇ ਲੋਕ ਕਾਂਗਰਸ ਨੂੰ ਢੁੱਕਵਾਂ ਜਵਾਬ ਦੇਣਗੇ ਅਤੇ ਆਮ ਆਦਮੀ ਪਾਰਟੀ ਦੁਬਾਰਾ ਸਰਕਾਰ ਬਣਾਏਗੀ : ਪੱਡਾ
Publish Date: Tue, 10 Nov 2026 07:26 PM (IST)
Updated Date: Tue, 10 Nov 2026 07:27 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਸਕੀਮਾਂ ਸਬੰਧੀ ਕਾਂਗਰਸੀ ਆਗੂਆਂ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾਈ ਉਪ ਪ੍ਰਧਾਨ ਸੁਖਵੰਤ ਸਿੰਘ ਪੱਡਾ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਪਰਵਾਹ ਕਰਨ ਦੀ ਬਜਾਏ ਸਿਰਫ਼ ਸੱਤਾ ਹਾਸਲ ਕਰਨ ਲਈ ਉਤਸੁਕ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਕਾਂਗਰਸ ਦੀ ਲੋਕ ਵਿਰੋਧੀ ਰਾਜਨੀਤੀ ਦਾ ਮੂੰਹ ਤੋੜ ਜਵਾਬ ਦੇਣਗੇ ਅਤੇ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ। ਪੱਡਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।ਮੁਫ਼ਤ ਬਿਜਲੀ,ਆਮ ਆਦਮੀ ਕਲੀਨਿਕ,ਸਰਕਾਰੀ ਸਕੂਲਾਂ ਵਿੱਚ ਸੁਧਾਰ ਅਤੇ ਲੋਕ ਭਲਾਈ ਸਕੀਮਾਂ ਰਾਹੀਂ ਸਰਕਾਰ ਨੇ ਆਮ ਪਰਿਵਾਰਾਂ ਨੂੰ ਰਾਹਤ ਦੇਣ ਲਈ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਹਜ਼ਮ ਨਹੀਂ ਕਰ ਪਾ ਰਹੇ,ਇਸ ਲਈ ਉਹ ਲਗਾਤਾਰ ਗੁੰਮਰਾਹਕੁੰਨ ਬਿਆਨ ਦੇ ਰਹੇ ਹਨ। ਪੱਡਾ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ 2022 ਵਿੱਚ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੀਆਂ ਨੀਤੀਆਂ ਨੂੰ ਰੱਦ ਕਰ ਦਿੱਤਾ ਸੀ ਅਤੇ ਆਮ ਆਦਮੀ ਪਾਰਟੀ ਨੂੰ ਵੋਟ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਖਾਲੀ ਵਾਅਦਿਆਂ ਅਤੇ ਰਾਜਨੀਤਿਕ ਬਿਆਨਬਾਜ਼ੀ ਦੀ ਬਜਾਏ ਜ਼ਮੀਨੀ ਪੱਧਰ ਤੇ ਵਿਕਾਸ ਕਾਰਜਾਂ ਨੂੰ ਮਹੱਤਵ ਦਿੰਦੇ ਹਨ।ਉਨ੍ਹਾਂ ਕਾਂਗਰਸ ਪਾਰਟੀ ਨੂੰ ਚੁਣੌਤੀ ਦਿੱਤੀ ਕਿ ਉਹ ਪਹਿਲਾਂ ਆਪਣੇ ਕਾਰਜਕਾਲ ਦਾ ਲੇਖਾ-ਜੋਖਾ ਪੰਜਾਬ ਦੇ ਲੋਕਾਂ ਸਾਹਮਣੇ ਪੇਸ਼ ਕਰੇ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਨੂੰ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ਤੇ ਅੱਗੇ ਵਧਾਉਣਾ ਹੈ। ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀ ਨਕਾਰਾਤਮਕ ਰਾਜਨੀਤੀ ਨੂੰ ਦੁਬਾਰਾ ਸਵੀਕਾਰ ਨਹੀਂ ਕਰਨਗੇ।