ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ : ਸੂਰੀ ਹਲਕਾ ਕਪੂਰਥਲਾ ਵਿਚ ਵੀ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ : ਚੇਤਨ ਸੂਰੀ
Publish Date: Tue, 24 Nov 2026 09:48 PM (IST)
Updated Date: Tue, 24 Nov 2026 09:49 PM (IST)
--ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ਵਿਚ ਕਪੂਰਥਲਾ ਵਿਖੇ ਵੰਡੇ ਲੱਡੂ, ਚਲਾਈ ਆਤਿਸ਼ਬਾਜ਼ੀ ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗੱਠਜੋੜ ਹੋਣ ਤੋਂ ਬਾਅਦ ਹਲਕਾ ਕਪੂਰਥਲਾ ਦੇ ਭਾਜਪਾ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਦੌਰਾਨ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਹੇਠ ਭਾਜਪਾ ਆਗੂ ਇਕੱਠੇ ਹੋਏ, ਜਿੱਥੇ ਉਨ੍ਹਾਂ ਨੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਤੇ ਆਤਿਸ਼ਬਾਜ਼ੀ ਚਲਾ ਕੇ ਗੱਠਜੋੜ ਦੀ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਭਾਜਪਾ ਦੇ ਆਗੂਆਂ ਦੇ ਵੱਲੋਂ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਚੇਤਨ ਸੂਰੀ ਨੇ ਕਿਹਾ ਕਿ ਅੱਜ ਦਾ ਦਿਨ ਉਨ੍ਹਾਂ ਲਈ ਖੁਸ਼ੀ ਦਾ ਦਿਨ ਹੈ। ਉਨ੍ਹਾਂ ਸਭ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਮੁੜ ਗੱਠਜੋੜ ਹੋਣਾ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਦੀ ਚਿਰੋਕਣੀ ਇੱਛਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਸਮੇਂ ਦੌਰਾਨ ਦੋਵਾਂ ਪਾਰਟੀਆਂ ਵਿਚਕਾਰ ਰਹੀ ਸਾਂਝ ਤੇ ਭਾਈਚਾਰਕ ਸਾਂਝ ਯਾਦ ਹੈ। ਉਨ੍ਹਾਂ ਮੁਤਾਬਕ ਇਸ ਗੱਠਜੋੜ ਨਾਲ ਦੋਵਾਂ ਪਾਰਟੀਆਂ ਦੀ ਪੁਰਾਣੀ ਸਾਂਝ ਮੁੜ ਬਹਾਲ ਹੋਈ ਹੈ। ਚੇਤਨ ਸੂਰੀ ਨੇ ਕਿਹਾ ਕਿ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਇਕੱਠੇ ਰਹੇ ਹਨ, ਉਦੋਂ ਪੰਜਾਬ ਦੀ ਤਰੱਕੀ ਲਈ ਕੰਮ ਹੋਇਆ ਹੈ ਤੇ ਆਉਣ ਵਾਲੇ ਸਮੇਂ ਵਿਚ ਵੀ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਦੇ ਵਿਕਾਸ ਨੂੰ ਲੈ ਕੇ ਕੰਮ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਹਲਕਾ ਕਪੂਰਥਲਾ ਵਿਚ ਵੀ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਆਉਣ ਵਾਲੇ ਦਿਨਾਂ ਵਿਚ ਵੱਡੇ ਪੱਧਰ ’ਤੇ ਸਾਂਝੀਆਂ ਸਰਗਰਮੀਆਂ ਤੇ ਨਵੀਆਂ ਸ਼ਮੂਲੀਅਤਾਂ ਵੀ ਹੋਣਗੀਆਂ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਤੇ ਦੋਵਾਂ ਪਾਰਟੀਆਂ ਦੇ ਵਰਕਰਾਂ ਦੀ ਚਾਹਤ ਸੀ ਕਿ ਅਕਾਲੀ ਦਲ ਤੇ ਭਾਜਪਾ ਮੁੜ ਇਕੱਠੇ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੈਂਗਸਟਰਵਾਦ ਤੇ ਨਸ਼ਿਆਂ ਵਰਗੀਆਂ ਸਮੱਸਿਆਵਾਂ ਨੂੰ ਲੈ ਕੇ ਲੋਕ ਚਿੰਤਤ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਇਨ੍ਹਾਂ ਸਮੱਸਿਆਵਾਂ ਨੂੰ ਨੱਥ ਪਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ। ਇਸ ਮੌਕੇ ਅਕਾਲੀ ਆਗੂ ਜੀਆ ਲਾਲ ਨਾਹਰ, ਕੋਮਲ ਸਹੋਤਾ, ਭਾਜਪਾ ਆਗੂ ਉਮੇਸ਼ ਸ਼ਾਰਦਾ, ਪ੍ਰਦੀਪ ਠਾਕੁਰ, ਯਾਦਵਿੰਦਰ ਪਾਸੀ, ਪੰਕਜ ਮਿਸ਼ਰਾ, ਨਿਰਮਲ ਸਿੰਘ ਨਾਹਰ, ਯਸ਼ ਮਹਾਜਨ, ਰਾਜਿੰਦਰ ਰਾਜੂ, ਵਿਸ਼ਾਲ ਸੋਂਧੀ, ਗੋਪਾਲ ਕ੍ਰਿਸ਼ਨ ਅਰੋੜਾ, ਵਿੱਕੀ ਗੁਜਰਾਲ, ਰਾਜੇਸ਼ ਰਾਜਾ, ਰਿੰਪੀ ਸ਼ਰਮਾ,ਮਧੂ ਸੂਦ, ਸੁਖਦੇਵ ਸਿੰਘ ਨਾਨਕਪੁਰ, ਰੋਸ਼ਨ ਲਾਲ ਸੱਭਰਵਾਲ, ਧਰਮਵੀਰ ਬੋਬੀ, ਕੁਸ਼ਲਦੀਪ ਸਿੰਘ,ਅਸ਼ੋਕ ਮਾਹਲਾ, ਜਗਦੀਸ ਸ਼ਰਮਾ, ਰੰਜੀਵ ਖੰਨਾ ਆਦਿ ਹਾਜ਼ਰ ਸਨ।