ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ : ਸੁਰਜੀਤ ਸਿੰਘ ਤਿਉਹਾਰਾਂ ਦੇ ਮੱਦੇਨਜਰ ਜਿਲਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰੇ : ਸੁਰਜੀਤ ਸਿੰਘ
Publish Date: Thu, 05 Nov 2026 09:32 PM (IST)
Updated Date: Thu, 05 Nov 2026 09:35 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਬਹੁਜਨ ਸਮਾਜ ਪਾਰਟੀ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਨੇ ਦੀਵਾਲੀ, ਬੰਦੀ ਛੋੜ ਦਿਵਸ ਤੇ ਹੋਰ ਆ ਰਹੇ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਤੋਂ ਸ਼ਹਿਰ ਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਦੌਰਾਨ ਬਾਜ਼ਾਰਾਂ, ਧਾਰਮਿਕ ਸਥਾਨਾਂ ਤੇ ਜਨਤਕ ਥਾਵਾਂ ਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੁੰਦੀ ਹੈ, ਜਿਸ ਕਾਰਨ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਸਾਵਧਾਨੀ ਵਰਤਣ ਦੀ ਲੋੜ ਹੈ। ਸੁਰਜੀਤ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਮੁੱਖ ਬਾਜ਼ਾਰਾਂ, ਚੌਕਾਂ, ਬੱਸ ਅੱਡਿਆਂ ਤੇ ਹੋਰ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਪੁਲਿਸ ਕਰਮਚਾਰੀਆਂ ਦੀ ਤਾਇਨਾਤੀ ਵਧਾਈ ਜਾਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਤਿਉਹਾਰਾਂ ਮੌਕੇ ਖਰੀਦਦਾਰੀ ਲਈ ਵੱਡੀ ਗਿਣਤੀ ਵਿੱਚ ਲੋਕ ਘਰਾਂ ਤੋਂ ਬਾਹਰ ਨਿਕਲਦੇ ਹਨ, ਜਿਸ ਦਾ ਫਾਇਦਾ ਚੋਰ, ਲੁਟੇਰੇ ਤੇ ਸਮਾਜ ਵਿਰੋਧੀ ਅਨਸਰ ਚੁੱਕਣ ਦੀ ਕੋਸ਼ਿਸ਼ ਕਰਦੇ ਹਨ। ਇਸ ਲਈ ਪੁਲਿਸ ਗਸ਼ਤ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਰਾਤ ਦੇ ਸਮੇਂ ਸ਼ਹਿਰ ਵਿੱਚ ਦਾਖਲ ਹੋਣ ਵਾਲੇ ਦੂਜੇ ਜ਼ਿਲ੍ਹਿਆਂ ਤੇ ਸ਼ਹਿਰਾਂ ਦੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾਵੇ। ਮੁੱਖ ਦਾਖਲਾ ਬਿੰਦੂਆਂ ਤੇ ਨਾਕਿਆਂ ਤੇ ਪੁਲਿਸ ਦੀ ਨਿਗਰਾਨੀ ਵਧਾ ਕੇ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਤੇ ਪੂਰੀ ਨਜ਼ਰ ਰੱਖੀ ਜਾਵੇ। ਇਸ ਨਾਲ ਅਪਰਾਧਿਕ ਗਤੀਵਿਧੀਆਂ ਤੇ ਅੰਕੁਸ਼ ਲਗਾਉਣ ਵਿੱਚ ਮਦਦ ਮਿਲੇਗੀ। ਸੁਰਜੀਤ ਸਿੰਘ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਪਹਿਲੀ ਜ਼ਿੰਮੇਵਾਰੀ ਹੈ ਤੇ ਤਿਉਹਾਰਾਂ ਦੌਰਾਨ ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਚੌਕਸ ਰਹਿਣ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ।