- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਹਸਪਤਾਲ ਕਪੂਰਥਲਾ ਦੇ ਨਸ਼ਾ ਮੁਕਤੀ ਕੇਂਦਰ ਵਿਖੇ ਸਵੈ-ਰੋਜ਼ਗਾਰ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ

ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ
ਕਪੂਰਥਲਾ : ਪੰਜਾਬ ਨੈਸ਼ਨਲ ਬੈਂਕ ਰੂਰਲ ਸੈਲਫ਼ ਇੰਪਲਾਇਮੈਂਟ ਟ੍ਰੇਨਿੰਗ ਇੰਸਟੀਚਿਊਟ ਕਪੂਰਥਲਾ ਵੱਲੋਂ ਸਿਵਲ ਹਸਪਤਾਲ ਕਪੂਰਥਲਾ ਦੇ ਨਸ਼ਾ ਮੁਕਤੀ ਕੇਂਦਰ ਵਿਖੇ ਨਸ਼ਾ ਛੁਡਾਉਣ ਦੀ ਪ੍ਰਕਿਰਿਆ ਵਿੱਚੋਂ ਗੁਜ਼ਰ ਰਹੇ ਮਰੀਜ਼ਾਂ ਨੂੰ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਤੇ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਫਾਸਟ ਫੂਡ ਤਿਆਰ ਕਰਨ ਦੀ ਸਿਖਲਾਈ ਦਿੱਤੀ ਗਈ। ਇਸ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਐੱਸਡੀਐੱਮ ਕਪੂਰਥਲਾ ਜਸਜੀਤ ਸਿੰਘ, ਪੀਸੀਐੱਸ ਵੱਲੋਂ ਕੀਤਾ ਗਿਆ। ਇਸ ਮੌਕੇ ਪ੍ਰਿਆਂਸ਼ੁਲ ਸ਼ਰਮਾ ਜ਼ਿਲ੍ਹਾ ਮੈਨੇਜਰ, ਵਿਕੇਸ਼ ਕੁਮਾਰ ਚੀਫ਼ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਸਰਕਲ ਦਫ਼ਤਰ ਕਪੂਰਥਲਾ, ਦੀਪਿਕਾ ਲੂਥਰਾ ‘ਯੁੱਧ ਨਸ਼ਿਆਂ ਵਿਰੁੱਧ’ ਦੀ ਕੋਆਰਡੀਨੇਟਰ, ਡਾ. ਰਾਹੁਲ ਤੇ ਡਾ. ਰਾਕੇਸ਼ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਪੀਐੱਨਬੀ ਆਰਸੇਟੀ ਵੱਲੋਂ ਸਿਖਲਾਈ ਪ੍ਰਾਪਤ ਕਰਨ ਵਾਲੇ ਮਰੀਜ਼ਾਂ ਨੂੰ ਫਾਸਟ ਫੂਡ ਤਿਆਰ ਕਰਨ ਦੀ ਵਿਹਾਰਕ ਸਿਖਲਾਈ ਦਿੱਤੀ ਗਈ, ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਜੀਵਨ ਨੂੰ ਨਵੀਂ ਦਿਸ਼ਾ ਦੇ ਸਕਣ ਤੇ ਭਵਿੱਖ ਵਿੱਚ ਆਪਣਾ ਕਾਰੋਬਾਰ ਸ਼ੁਰੂ ਕਰਕੇ ਸਵੈ-ਰੋਜ਼ਗਾਰ ਪ੍ਰਾਪਤ ਕਰ ਸਕਣ। ਇਸ ਸਿਖਲਾਈ ਦਾ ਮੁੱਖ ਉਦੇਸ਼ ਮਰੀਜ਼ਾਂ ਨੂੰ ਰੁਜ਼ਗਾਰ ਨਾਲ ਸਬੰਧਤ ਹੁਨਰਾਂ ਨਾਲ ਜੋੜਨਾ, ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਾਉਣਾ ਤੇ ਸਮਾਜ ਵਿੱਚ ਸਨਮਾਨ ਨਾਲ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕਰਨਾ ਹੈ।
ਉਦਘਾਟਨ ਮੌਕੇ ਐੱਸਡੀਐੱਮ ਕਪੂਰਥਲਾ ਜਸਜੀਤ ਸਿੰਘ ਨੇ ਸਿਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਿਖਲਾਈ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਹਾਸਲ ਕਰਨ ਤੇ ਇਸ ਹੁਨਰ ਦੀ ਵਰਤੋਂ ਕਰਕੇ ਆਪਣਾ ਕਾਰੋਬਾਰ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਸਵੈ-ਰੋਜ਼ਗਾਰ ਆਤਮ-ਨਿਰਭਰ ਬਣਨ ਦਾ ਇੱਕ ਮਹੱਤਵਪੂਰਨ ਸਾਧਨ ਹੈ ਤੇ ਨਸ਼ਿਆਂ ਤੋਂ ਦੂਰ ਰਹਿ ਕੇ ਮਿਹਨਤ ਤੇ ਦ੍ਰਿੜ੍ਹ ਇਰਾਦੇ ਨਾਲ ਜੀਵਨ ਵਿੱਚ ਨਵੀਂ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਵਿਕੇਸ਼ ਕੁਮਾਰ ਤੇ ਦੀਪਿਕਾ ਲੂਥਰਾ ਨੇ ਵੀ ਸਿਖਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ਾ-ਮੁਕਤ ਜੀਵਨ ਅਪਣਾਉਣ, ਸਕਾਰਾਤਮਕ ਸੋਚ ਰੱਖਣ ਤੇ ਆਪਣੇ ਹੁਨਰਾਂ ਰਾਹੀਂ ਰੋਜ਼ੀ-ਰੋਟੀ ਕਮਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਿਖਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਸਹੀ ਮਾਰਗਦਰਸ਼ਨ, ਮਿਹਨਤ ਤੇ ਲਗਨ ਨਾਲ ਉਹ ਆਪਣੇ ਜੀਵਨ ਵਿੱਚ ਚੰਗੇ ਬਦਲਾਅ ਲਿਆ ਸਕਦੇ ਹਨ। ਇਸ ਪ੍ਰੋਗਰਾਮ ਦੌਰਾਨ ਡਾ. ਰਾਕੇਸ਼, ਮਿਸ ਪ੍ਰਿਆ ਤੇ ਮਿਸ ਰਣਜੀਤ ਕੌਰ ਵੀ ਹਾਜ਼ਰ ਰਹੇ।