ਡਾ. ਚੱਬੇਵਾਲ ਨੇ ਸਰਕਾਰੀ ਸਕੂਲ ’ਚ ਸਮਾਰਟ ਕਲਾਸ ਰੂਮ ਦਾ ਕੀਤਾ ਉਦਘਾਟਨ ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਸਰਕਾਰੀ ਹਾਈ ਸਕੂਲ ਰਾਮਪੁਰ ਸੁੰਨੜਾਂ ਵਿਖੇ ਸਮਾਰਟ ਕਲਾਸ ਰੂਮ ਦਾ ਉਦਘਾਟਨ
Publish Date: Mon, 02 Nov 2026 06:26 PM (IST)
Updated Date: Mon, 02 Nov 2026 06:29 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸੋਮਵਾਰ ਨੂੰ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪਿੰਡ ਰਾਮਪੁਰ ਸੁੰਨੜਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਸਮਾਰਟ ਕਲਾਸ ਰੂਮ ਦਾ ਉਦਘਾਟਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਆਧੁਨਿਕ ਸਿੱਖਣ ਸਹੂਲਤਾਂ ਤੇ ਅਤਿ-ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾ ਕੇ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਚੱਬੇਵਾਲ ਨੇ ਵਿਦਿਆਰਥੀਆਂ ਨੂੰ ਤਕਨਾਲੋਜੀ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਤਕਨਾਲੋਜੀ ਅੱਜ ਦੇ ਸਮੇਂ ਦੇ ਨਾਲ-ਨਾਲ ਭਵਿੱਖ ਦਾ ਵੀ ਅਹਿਮ ਹਿੱਸਾ ਬਣ ਚੁੱਕੀ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਬਾਰੇ ਜਾਣਕਾਰੀ ਹਾਸਲ ਕਰਨ ਤੇ ਇਸ ਦੇ ਵੱਖ-ਵੱਖ ਖੇਤਰਾਂ ਵਿੱਚ ਵਧ ਰਹੇ ਮਹੱਤਵ ਨੂੰ ਸਮਝਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖੇਤਰ ਵਿੱਚ ਹੋ ਰਹੀਆਂ ਨਵੀਆਂ ਤਬਦੀਲੀਆਂ ਤੋਂ ਜਾਣੂ ਰਹਿਣਾ ਚਾਹੀਦਾ ਹੈ ਤੇ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਲੋੜੀਂਦਾ ਹੁਨਰ ਤੇ ਗਿਆਨ ਹਾਸਲ ਕਰਨਾ ਚਾਹੀਦਾ ਹੈ। ਨਵੇਂ ਅਪਗ੍ਰੇਡ ਕੀਤੇ ਸਮਾਰਟ ਕਲਾਸ ਰੂਮ ਦੇ ਲਾਭਾਂ ਬਾਰੇ ਗੱਲ ਕਰਦਿਆਂ ਡਾ. ਚੱਬੇਵਾਲ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਆਧੁਨਿਕ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤਕਨਾਲੋਜੀ ਨਾਲ ਲੈਸ ਕਲਾਸ ਰੂਮ ਸਿੱਖਣ ਦੀ ਪ੍ਰਕਿਰਿਆ ਨੂੰ ਵਧੇਰੇ ਦਿਲਚਸਪ, ਪ੍ਰਭਾਵਸ਼ਾਲੀ ਤੇ ਆਪਸੀ ਸੰਵਾਦ ਵਾਲਾ ਬਣਾਉਂਦੇ ਹਨ, ਜਿਸ ਨਾਲ ਵਿਦੁਆਰਥੀਆਂ ਨੂੰ ਵਿਸ਼ਿਆਂ ਨੂੰ ਬਿਹਤਰ ਢੰਗ ਨਾਲ ਸਮਝਣ ਤੇ ਆਪਣੇ ਗਿਆਨ ਦਾ ਘੇਰਾ ਵਧਾਉਣ ਵਿੱਚ ਮਦਦ ਮਿਲਦੀ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਤੇ ਸਕੂਲ ਪ੍ਰਿੰਸੀਪਲਾਂ ਦੀ ਪੇਸ਼ੇਵਰ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਵੀ ਨਿਵੇਸ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ, ਤਜਰਬਾ ਹਾਸਲ ਕਰਨ ਤੇ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਨ ਲਈ ਫਿਨਲੈਂਡ, ਸਿੰਗਾਪੁਰ ਤੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈਆਈਐੱਮ), ਅਹਿਮਦਾਬਾਦ ਵਰਗੀਆਂ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਮਕਸਦ ਪੜ੍ਹਾਈ ਦੇ ਮਿਆਰ ਨੂੰ ਉੱਚਾ ਚੁੱਕਣਾ, ਸਕੂਲ ਪ੍ਰਬੰਧਨ ਨੂੰ ਬਿਹਤਰ ਬਣਾਉਣਾ ਤੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਵਿੱਚ ਸੁਧਾਰ ਲਿਆਉਣਾ ਹੈ। ਆਪਣੇ ਦੌਰੇ ਦੌਰਾਨ ਐੱਮਪੀ ਨੇ ਕਲਾਸ ਰੂਮਾਂ ਵਿੱਚ ਜਾ ਕੇ ਵਿਦਿਆਰਥੀਆਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਵੀ ਕੀਤੀ। ਉਨ੍ਹਾਂ ਵਿਦਿਆਰਥੀਆਂ ਦੀਆਂ ਗੱਲਾਂ ਸੁਣੀਆਂ ਤੇ ਉਨ੍ਹਾਂ ਨਾਲ ਦੋਸਤਾਨਾ ਮਾਹੌਲ ਵਿੱਚ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸਵਾਲ ਪੁੱਛਣ, ਨਵੀਆਂ ਚੀਜ਼ਾਂ ਜਾਣਨ ਦੀ ਜਗਿਆਸਾ ਵਿਕਸਤ ਕਰਨ ਤੇ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਆਧੁਨਿਕ ਸਹੂਲਤਾਂ ਤੇ ਸਿੱਖਿਆ ਦੇ ਮੌਕਿਆਂ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।