ਬਾਬਾ ਸਾਹਿਬ ਦੇ ਬੁੱਤ ਨਾਲ ਵਾਪਰੀ ਘਟਨਾ ਨਿੰਦਣਯੋਗ : ਭੂੰਗਰਨੀ ਲੁਧਿਆਣਾ ਵਿਖੇ ਬਾਬਾ ਸਾਹਿਬ ਦੇ ਬੁੱਤ ਨਾਲ ਵਾਪਰੀ ਘਟਨਾ ਨਿੰਦਣਯੋਗ : ਭੂੰਗਰਨੀ, ਠੇਕੇਦਾਰ
Publish Date: Sat, 12 Sep 2026 06:51 PM (IST)
Updated Date: Sat, 12 Sep 2026 06:53 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਲੁਧਿਆਣਾ ਵਿਖੇ ਭਾਰਤ ਰਤਨ ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨਾਲ ਵਾਪਰੀ ਘਟਨਾ ਦੀ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਭੂੰਗਰਨੀ ਤੇ ਐੱਸਸੀ ਵਿੰਗ ਦੇ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇਸ਼ ਦੇ ਮਹਾਨ ਵਿਅਕਤੀ ਸਨ, ਜਿਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਰਚਨਾ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦੇ ਬੁੱਤ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਜਾਂ ਨਿਰਾਦਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤੇ ਅਜਿਹੀਆਂ ਘਟਨਾਵਾਂ ਸਮਾਜ ਵਿੱਚ ਤਣਾਅ ਪੈਦਾ ਕਰਨ ਵਾਲੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਭੂੰਗਰਨੀ ਤੇ ਠੇਕੇਦਾਰ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਦਾ ਨਿਰਾਦਰ ਕਰਨ ਵਾਲੇ ਵਿਅਕਤੀਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਜਾਵੇ ਤੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਮੁੜ ਦੁਹਰਾਈ ਨਾ ਹੋ ਸਕੇ।