ਸੰਵਾਦ ਸਹਿਯੋਗੀ, ਸੁਲਤਾਨਪੁਰ ਲੋਧੀ : ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ’ਚ ਸ਼ੁੱਕਰਵਾਰ ਦੇਰ ਰਾਤ ਅਖੌਤੀ ਤੌਰ ’ਤੇ ਬੇਅਦਬੀ ਦੀ ਇਕ ਘਟਨਾ ਨੂੰ ਸੰਗਤ ਦੇ ਸਹਿਯੋਗ ਨਾਲ ਨਾਕਾਮ ਕਰ ਦਿੱਤਾ ਗਿਆ। ਇਕ ਕਿੰਨਰ ਵੱਲੋਂ ਗੁਰਦੁਆਰਾ ਸਾਹਿਬ ’ਚ ਇਤਰਾਜ਼ਯੋਗ ਹਰਕਤਾਂ ਕੀਤੀਆਂ ਜਾ ਰਹੀਆਂ ਸਨ। ਸ਼ੱਕ ਹੋਣ ’ਤੇ ਸੰਗਤ ਨੇ ਉਸ ਨੂੰ ਕਾਬੂ ਕਰ ਲਿਆ ਤੇ ਪਹਿਲਾਂ ਇਹ ਮਾਮਲਾ ਗੁਰਦੁਆਰੇ ਦੇ ਮੈਨੇਜਰ ਦੇ ਧਿਆਨ ’ਚ ਲਿਆਂਦਾ ਤੇ ਫਿਰ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਸੰਗਤ ਨੂੰ ਸ਼ਾਂਤ ਕੀਤਾ ਜਾ ਰਿਹਾ ਹੈ। ਸੰਗਤ ਵੱਲੋਂ ਪੁਲਿਸ ਨੂੰ ਜਾਣਕਾਰੀ ਦੇਣ ਤੋਂ ਤੁਰੰਤ ਬਾਅਦ ਪੁਲਿਸ ਦੇ ਉੱਚ ਅਧਿਕਰੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਮੌਕੇ ’ਤੇ ਇਕੱਠੀਆਂ ਹੋਈ ਸਿੱਖ ਜਥੇਬੰਦੀਆਂ ਦੀ ਹਾਜ਼ਰੀ ’ਚ ਮੁਲਜ਼ਮ ਨੂੰ ਹਿਰਾਸਤ ’ਚ ਲੈ ਕੇ ਜਾਂਚ ਉਪਰੰਤ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਹੈ।

ਇਸ ਮੌਕੇ ਪਹੁੰਚੇ ਸਤਕਾਰ ਕਮੇਟੀ ਦੇ ਪ੍ਰਧਾਨ ਭਾਈ ਸੁਖਜੀਤ ਸਿੰਘ ਖੋਸੇ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਜਿੱਥੇ ਵੀ ਹੋਣ, ਉਹ ਅਤਿ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਕਿੰਨਰ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਜਾ ਕੇ ਇਤਰਾਜ਼ਯੋਗ ਹਰਕਤਾਂ ਕਰਨ ਪਿੱਛੇ ਕੀ ਕਾਰਨ ਹੋ ਸਕਦਾ ਹੈ, ਉਸਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਜੇਕਰ ਇਸ ਪਿੱਛੇ ਕਿਸੇ ਵਿਅਕਤੀ ਜਾਂ ਸੰਗਠਨ ਦਾ ਹੱਥ ਹੈ, ਤਾਂ ਇਸ ਦੀ ਵੀ ਜਾਂਚ ਕਰ ਕੇ ਪਰਦਾਫ਼ਾਸ਼ ਹੋਣਾ ਚਾਹੀਦਾ ਹੈ। ਉਧਰ ਮੌਕੇ ’ਤੇ ਪਹੁੰਚੇ ਐੱਸਐੱਸਪੀ ਨਵਨੀਤ ਸਿੰਘ ਬੈਂਸ ਨੇ ਕਿਹਾ ਕਿ ਮਾਮਲੇ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਤੋਂ ਪੁੱਛਗਿੱਤ ਕਰ ਕੇ ਸਮੁੱਚੀ ਕਾਰਵਾਈ ਕੀਤੀ ਜਾਵੇਗੀ।

Posted By: Shubham Kumar