ਭਾਜਪਾ ਨੇ ਪੁਲਿਸ ਦੀ ਨਾਕਾਮੀ ’ਤੇ ਉਠਾਏ ਸਵਾਲ ਸ਼ਹਿਰ ’ਚ ਸ਼ਰੇਆਮ ਕਤਲ ਅਤੇ ਖੋਹਾਂ ਦੀਆਂ ਘਟਨਾਵਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਜਸ਼ੈਲੀ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ : ਸ਼ਾਰਦਾ
Publish Date: Tue, 30 Jun 2026 10:13 PM (IST)
Updated Date: Tue, 30 Jun 2026 10:16 PM (IST)
ਸ਼ਹਿਰ ’ਚ ਹੋ ਰਹੀਆਂ ਘਟਨਾਵਾਂ ਪ੍ਰਸ਼ਾਸਨ ਦੀ ਨਾਕਾਮੀ ਦਾ ਸਬੂਤ : ਸ਼ਾਰਦਾ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਸ਼ਹਿਰ ਵਿਚ ਵਧਦੀਆਂ ਅਪਰਾਧਿਕ ਘਟਨਾਵਾਂ ਤੇ ਪੁਲਿਸ ਦੀ ਨਾਕਾਮੀ ’ਤੇ ਸਵਾਲ ਉਠਾਉਂਦੇ ਹੋਏ ਭਾਜਪਾ ਦੇ ਸਾਬਕਾ ਸੂਬਾ ਸਕੱਤਰ ਤੇ ਸੂਬਾ ਕਾਰਜਕਾਰਣੀ ਦੇ ਮੈਂਬਰ ਉਮੇਸ਼ ਸ਼ਾਰਦਾ ਨੇ ਕਿਹਾ ਕਿ ਪੁਲਿਸ ਵੱਲੋਂ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਅਸਫਲਤਾ ਤੇ ਅਪਰਾਧੀਆਂ ਦੇ ਹੌਸਲੇ ਗੰਭੀਰ ਚਿੰਤਾ ਦਾ ਵਿਸ਼ਾ ਹਨ। ਸ਼ਾਰਦਾ ਨੇ ਕਿਹਾ ਕਿ ਵਿਰਾਸਤੀ ਸ਼ਹਿਰ ਵਿਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਹੁਣ ਬਹੁਤ ਚਿੰਤਾਜਨਕ ਹੈ। ਲੋਕਾਂ ਦੇ ਸ਼ਰੇਆਮ ਕਤਲ ਹੋ ਰਹੇ ਹਨ, ਜਦੋਂ ਕਿ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਚੇਨ ਸਨੈਚਿੰਗ, ਚੋਰੀ, ਡਕੈਤੀ, ਜਬਰੀ ਵਸੂਲੀ ਤੇ ਗੋਲੀਬਾਰੀ ਵਰਗੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਆਮ ਨਾਗਰਿਕ, ਕਾਰੋਬਾਰੀ, ਔਰਤਾਂ ਤੇ ਨੌਜਵਾਨ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਅਪਰਾਧੀਆਂ ਦਾ ਮਨੋਬਲ ਇਸ ਹੱਦ ਤੱਕ ਵਧ ਗਿਆ ਹੈ ਕਿ ਉਹ ਪੁਲਿਸ ਦੀ ਪਰਵਾਹ ਕੀਤੇ ਬਿਨਾਂ ਹਿੰਸਕ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਇਹ ਸਥਿਤੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਸ਼ਾਰਦਾ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਸਰਕਾਰ ਤੇ ਸਥਾਨਕ ਆਪ ਆਗੂਆਂ ਦੇ ਕੰਮਕਾਜ ’ਤੇ ਵੀ ਗੰਭੀਰ ਸਵਾਲ ਉਠਾਉਂਦੇ ਹੋਏ ਕਿਹਾ ਕਿ ਪੰਜਾਬ ਵਿਚ ਆਪ ਸਰਕਾਰ ਦੀ ਅਗਵਾਈ ਹੇਠ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਚੁੱਕੀ ਹੈ ਤੇ ਸਰਕਾਰ ਸੂਬੇ ਵਿਚ ਵਧ ਰਹੇ ਅਪਰਾਧ, ਗੈਂਗਸਟਰ ਗਤੀਵਿਧੀਆਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਨਜਿੱਠਣ ਵਿਚ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਸ਼ਾਰਦਾ ਨੇ ਦੋਸ਼ ਲਗਾਇਆ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਸੂਬੇ ਵਿਚ ਸੱਤਾ ਵਿਚ ਆਈ ਹੈ ਅਪਰਾਧੀਆਂ ਤੇ ਵੱਖਵਾਦੀਆਂ ਦਾ ਪ੍ਰਭਾਵ ਵਧਿਆ ਹੈ। ਉਨ੍ਹਾਂ ਕਿਹਾ ਕਿ ਅਪਰਾਧ ਤੇ ਕਤਲ ਦੀਆਂ ਵਧਦੀਆਂ ਘਟਨਾਵਾਂ ਬਹੁਤ ਚਿੰਤਾਜਨਕ ਹਨ। ਸ਼ਾਰਦਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਜ਼ਬੂਤ ਖੁਫੀਆ ਪ੍ਰਣਾਲੀ ਦੇ ਦਾਅਵੇ ’ਤੇ ਵੀ ਸਵਾਲ ਉਠਾਏ। ਸ਼ਾਰਦਾ ਨੇ ਦੋਸ਼ ਲਗਾਇਆ ਕਿ ਸੂਬੇ ਵਿਚ ਗੈਂਗਸਟਰ ਸੱਭਿਆਚਾਰ, ਭ੍ਰਿਸ਼ਟਾਚਾਰ ਤੇ ਪ੍ਰਸ਼ਾਸਨਿਕ ਅਸਫਲਤਾਵਾਂ ਵਿਚ ਚਿੰਤਾਜਨਕ ਵਾਧਾ ਹੋ ਰਿਹਾ ਹੈ ਤੇ ਗੋਲੀਬਾਰੀ, ਜਬਰੀ ਵਸੂਲੀ ਦੀਆਂ ਕਾਲਾਂ ਤੇ ਧਮਕੀਆਂ ਦੀਆਂ ਘਟਨਾਵਾਂ ਲਗਭਗ ਰੋਜ਼ਾਨਾ ਹੋ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦਾ ਵਿਰਾਸਤੀ ਸ਼ਹਿਰ ਜਬਰੀ ਵਸੂਲੀ ਦੀਆਂ ਕਾਲਾਂ ਤੇ ਸੰਗਠਿਤ ਅਪਰਾਧ ਦਾ ਕੇਂਦਰ ਬਣ ਗਿਆ ਹੈ, ਜਿਸ ਨਾਲ ਕਾਰੋਬਾਰੀਆਂ, ਉਦਯੋਗਪਤੀਆਂ ਤੇ ਆਮ ਨਿਵਾਸੀਆਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਸ਼ਾਰਦਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਖਰਾਬ ਹੈ। ਹਰ ਕੋਈ ਫਿਰੌਤੀ ਮੰਗ ਰਿਹਾ ਹੈ ਪਰ ਅਪਰਾਧੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੁੱਤੀ ਪਈ ਹੈ। ਇਹ ਸਰਕਾਰ ਅਪਰਾਧੀਆਂ ਵਿਰੁੱਧ ਕਾਰਵਾਈ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ।