ਪਰਾਲੀ ਨੂੰ ਖੇਤਾਂ ’ਚ ਹੀ ਮਿਲਾਓ, ਉਪਜਾਊ ਸ਼ਕਤੀ ਵਧਾਓ : ਐੱਸਡੀਐੱਮ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਓ, ਖੇਤਾਂ ਦੀ ਉਪਜਾਊ ਸ਼ਕਤੀ ਵਧਾਓ: ਐਸ.ਡੀ.ਐਮ. ਡਾ. ਨਵਜੋਤ ਸ਼ਰਮਾ
Publish Date: Thu, 08 Oct 2026 06:38 PM (IST)
Updated Date: Thu, 08 Oct 2026 06:38 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਫਗਵਾੜਾ ਦੇ ਹੋਟਸਪਾਟ ਉੱਚਾਪਿੰਡ ਵਿਖੇ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਫਗਵਾੜਾ ਦੇ ਐੱਸਡੀਐੱਮ ਡਾ. ਨਵਜੋਤ ਸ਼ਰਮਾ ਤੇ ਡੀਐੱਸਪੀ ਪਲਵਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਇਸ ਨੂੰ ਖੇਤਾਂ ਵਿੱਚ ਹੀ ਮਿਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ। ਐੱਸਡੀਐੱਮ ਡਾ. ਸ਼ਰਮਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ,“ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਓ ਤੇ ਖੇਤਾਂ ਦੀ ਉਪਜਾਊ ਸ਼ਕਤੀ ਵਧਾਓ।” ਉਨ੍ਹਾਂ ਕਿਹਾ ਕਿ ਜੇਕਰ ਪਰਾਲੀ ਨੂੰ ਅੱਗ ਲਗਾਉਣ ਦਾ ਰੁਝਾਨ ਜਾਰੀ ਰਿਹਾ ਤਾਂ ਇਸ ਨਾਲ ਸਾਡੀ ਮਾਂ ਵਰਗੀ ਧਰਤੀ ਦੀ ਉਪਜਾਊ ਸ਼ਕਤੀ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਤੇ ਵਾਤਾਵਰਨ ਦੀ ਸੁਰੱਖਿਆ ਲਈ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਹਰ ਸੰਭਵ ਸਹਿਯੋਗ ਮੁਹੱਈਆ ਕਰਵਾਇਆ ਜਾ ਰਿਹਾ ਹੈ। ਡੀਐੱਸਪੀ ਪਲਵਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾੜਨ ’ਤੇ ਹੋਣ ਵਾਲੀ ਕਾਨੂੰਨੀ ਕਾਰਵਾਈ ਤੇ ਜੁਰਮਾਨੇ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਨ ਨੂੰ ਨੁਕਸਾਨ ਪਹੁੰਚਦਾ ਹੈ, ਉੱਥੇ ਇਸ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਦੇ ਹਾਂ-ਪੱਖੀ ਰੁਝਾਨ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਨੌਬਤ ਹੀ ਨਹੀਂ ਆਉਣ ਦੇਣਗੇ। ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬਲਾਕ ਖੇਤੀਬਾੜੀ ਅਫ਼ਸਰ ਪਰਮਜੀਤ ਸਿੰਘ ਮਹੇ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਜਿਸ ਦਾ ਮਨੁੱਖੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਖੇਤਾਂ ਵਿੱਚ ਮੌਜੂਦ ਮਿੱਤਰ ਕੀੜੇ ਤੇ ਸੂਖਮ ਜੀਵ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਗੁਣਵੱਤਾ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਪਰਾਲੀ ਨੂੰ ਖੇਤ ਵਿੱਚ ਹੀ ਮਿਲਾ ਦਿੱਤਾ ਜਾਵੇ ਤਾਂ ਇਸ ਨਾਲ ਮਿੱਟੀ ਵਿੱਚ ਜੈਵਿਕ ਮਾਦੇ ਅਤੇ ਮੱਲ੍ਹਣ ਦੀ ਮਾਤਰਾ ਵਿੱਚ ਵਾਧਾ ਹੁੰਦਾ ਹੈ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਮਿੱਟੀ ਵਿੱਚ ਨਮੀ ਲੰਬੇ ਸਮੇਂ ਤੱਕ ਬਰਕਰਾਰ ਰਹਿਣ ਕਾਰਨ ਫ਼ਸਲਾਂ ਨੂੰ ਪਾਣੀ ਦੀ ਘੱਟ ਲੋੜ ਪੈਂਦੀ ਹੈ ਤੇ ਫ਼ਸਲਾਂ ਦੀ ਸਿਹਤ ਵੀ ਬਿਹਤਰ ਰਹਿੰਦੀ ਹੈ। ਇਸ ਦੇ ਨਾਲ ਹੀ ਕੀੜੇ-ਮਕੌੜਿਆਂ ਤੇ ਬਿਮਾਰੀਆਂ ਦੇ ਹਮਲੇ ਵਿੱਚ ਵੀ ਕਮੀ ਆਉਂਦੀ ਹੈ। ਇਸ ਦੌਰਾਨ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਨੇ ਕਿਸਾਨਾਂ ਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਖੇਤੀਬਾੜੀ ਵਿਭਾਗ ਦੇ ਕਰਮਚਾਰੀ ਧਰਮਵੀਰ ਤੇ ਐੱਨਜੀਓ ਨੁਮਾਇੰਦਾ ਕੋਮਲ ਨੇ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਨੰਬਰਦਾਰ ਬਲਜਿੰਦਰ ਸਿੰਘ, ਦਰਸ਼ੀ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਤੇ ਹੋਰ ਪਤਵੰਤੇ ਹਾਜ਼ਰ ਸਨ।