ਬੇਬੇ ਨਾਨਕੀ ਕਾਲਜ ’ਚ ਆਜ਼ਾਦੀ ਦਿਵਸ ਮਨਾਇਆ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ
Publish Date: Sun, 16 Aug 2026 07:20 PM (IST)
Updated Date: Sun, 16 Aug 2026 07:20 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਐੱਨਐੱਸਐੱਸ ਵਿਭਾਗ ਵੱਲੋਂ ਆਜ਼ਾਦੀ ਦਿਵਸ ਦੇਸ਼ ਭਗਤੀ ਤੇ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਕੈਂਪਸ ਵਿੱਚ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਇਸ ਉਪਰੰਤ ਸਮੂਹ ਸਟਾਫ ਤੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ ਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਆਜ਼ਾਦੀ ਦੀ ਰੱਖਿਆ ਲਈ ਆਪਣੀ ਵਚਨਬੱਧਤਾ ਪ੍ਰਗਟ ਕੀਤੀ ਗਈ। ਇਸ ਮੌਕੇ ਐੱਨਐੱਸਐੱਸ ਕੋਆਰਡੀਨੇਟਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਆਜ਼ਾਦੀ ਦਿਵਸ ਸਾਨੂੰ ਸੁਪਨਿਆਂ ਦੇ ਭਾਰਤ ਦੀ ਉਸਾਰੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੰਦਾ ਹੈ। ਐੱਨਐੱਸਐੱਸ ਦੀ ਦੂਜੀ ਇਕਾਈ ਦੇ ਪ੍ਰੋਗਰਾਮ ਅਫ਼ਸਰ ਸੰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਏਕਤਾ, ਭਾਈਚਾਰਕ ਸਾਂਝ ਤੇ ਸਮਾਜ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਆਪਣੇ ਸੰਬੋਧਨ ਵਿੱਚ ਸਮੂਹ ਵਿਦਿਆਰਥੀਆਂ ਤੇ ਸਟਾਫ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਤੇ ਕਿਹਾ ਕਿ ਸੱਚੀ ਆਜ਼ਾਦੀ ਉਦੋਂ ਹੀ ਸੰਭਵ ਹੈ ਜਦੋਂ ਸਾਡੀ ਨੌਜਵਾਨ ਪੀੜ੍ਹੀ ਵਿੱਦਿਆ, ਖੇਡਾਂ ਤੇ ਉੱਚ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾ ਕੇ ਦੇਸ਼ ਦਾ ਨਾਂ ਰੌਸ਼ਨ ਕਰੇਗੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ, ਐੱਨਐੱਸਐੱਸ ਵਲੰਟੀਅਰ ਤੇ ਵਿਦਿਆਰਥੀ ਹਾਜ਼ਰ ਸਨ। ਕੌਮੀ ਝੰਡੇ ਨੂੰ ਸਲਾਮੀ ਤੇ ਰਾਸ਼ਟਰੀ ਗਾਣ ਨਾਲ ਸਮਾਗਮ ਨੇ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।