- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਸਰਕਾਰ ਵਿਰੁੱਧ ਕੀਤੀ ਨਾਰੇਬਾਜੀ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
ਕਿਸਾਨਾਂ ਤੇ ਮਜ਼ਦੂਰਾਂ ਨੂੰ 60 ਸਾਲ ਤੋਂ ਬਾਅਦ ਪੈਨਸ਼ਨ ਦਿੱਤੀ ਜਾਵੇ
ਗੁਰਵਿੰਦਰ ਕੌਰ ਪੰਜਾਬੀ ਜਾਗਰਣ
ਕਪੂਰਥਲਾ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਤੇ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਪਿੰਡ ਕਾਦੂਪੁਰ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਕਿਸਾਨਾਂ ਨਾਲ ਸਬੰਧਤ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲੀਟਾ ਨੇ ਦੱਸਿਆ ਕਿ ਬਿਜਲੀ ਸੋਧ ਬਿੱਲ 2025 ਸੂਬੇ ਦੇ ਅਧਿਕਾਰ ’ਤੇ ਡਾਕਾ ਹੈ। ਬਿਜਲੀ ਦੀ ਵੰਡ ਖੇਤਰ ਦੇ ਨਿਜੀਕਰਨ ਦੀ ਨੀਤੀ ਹੈ, ਇਸ ਬਿੱਲ ਨਾਲ ਪੰਜਾਬ ਤੇ ਪੰਜਾਬੀਅਤ ਨੂੰ ਵੱਡੇ ਘਾਟੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਬਿੱਲ ਨੂੰ ਤੁਰੰਤ ਰੱਦ ਕੀਤਾ ਜਾਵੇ ਤੇ ਸਰਕਾਰ ਵੱਲੋਂ ਲਗਾਏ ਜਾ ਰਹੇ ਚਿੱਪ ਵਾਲੇ ਮੀਟਰਾਂ ਨੂੰ ਵੀ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਰੱਦ ਕੀਤੇ ਜਾਣ। ਮੁਲਾਜ਼ਮਾਂ ਦੀ ਮਹਿਕਮੇ ਵਿਚ ਪੱਕੀ ਭਰਤੀ ਕੀਤੀ ਜਾਵੇ। ਕਾਰਪੋਰੇਟ ਪੱਖੀ ਬੀਜ ਬਿੱਲ 2025 ਰੱਦ ਕੀਤਾ ਜਾਵੇ। ਸਾਰੀਆਂ ਫਸਲਾਂ ਦੀ ਐੱਮਐੱਸਪੀ ’ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ ਤੇ ਫਸਲਾਂ ਦੇ ਰੇਟ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਨਿਰਧਾਰਿਤ ਕੀਤਾ ਜਾਵੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਨੇ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਨੂੰ 60 ਸਾਲ ਦੀ ਉਮਰ ਪੂਰੀ ਹੋਣ ’ਤੇ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ। ਕਿਸਾਨਾਂ ਨੂੰ ਆਪਣੇ ਖੇਤਾਂ ਵਿਚੋਂ ਰੇਤਾ ਚੁੱਕਣ ਦੀ ਮਨਜ਼ੂਰੀ ਦਿੱਤੀ ਜਾਵੇ ਤੇ ਫਸਲ ਦੀ ਬੀਮਾ ਯੋਜਨਾ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਆਲੂ ਅਤੇ ਸਬਜ਼ੀਆਂ ਦੇ ਰੇਟ ਬਹੁਤ ਮੰਦੇ ਚੱਲ ਰਹੇ ਹਨ, ਜਿਸ ਕਰਕੇ ਕਿਸਾਨਾਂ ਨੂੰ ਵੱਡੇ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਦੂਜੀ ਦੇਸ਼ਾਂ ਦੇ ਬਾਰਡਰਾਂ ’ਤੇ ਸਬਜ਼ੀ ਵੇਚਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ਮੌਕੇ ਬਲਾਕ ਪ੍ਰਧਾਨ ਬਖਸ਼ੀਸ਼ ਸਿੰਘ ਕਪੂਰਥਲਾ, ਬਲਾਕ ਪ੍ਰਧਾਨ ਜ਼ੋਨ ਸਿੰਘ ਇਬਰਾਹਿਮਵਾਲ ਨਡਾਲਾ, ਬਲਾਕ ਪ੍ਰਧਾਨ ਸਤਪਾਲ ਸਿੰਘ ਢਿੱਲਵਾਂ, ਨਿਰਮਲ ਸਿੰਘ ਮੰਡ ਬਲਾਕ ਪ੍ਰਧਾਨ ਬੇਗੋਵਾਲ, ਜੋਗਿੰਦਰ ਸਿੰਘ ਬਲਾਕ ਮੀਤ ਪ੍ਰਧਾਨ ਭੁਲੱਥ, ਅਮਰੀਕ ਸਿੰਘ ਬਲਾਕ ਮੀਤ ਪ੍ਰਧਾਨ, ਚੰਚਲ ਸਿੰਘ, ਨਿਸ਼ਾਨ ਸਿੰਘ, ਜਸਵੰਤ ਸਿੰਘ, ਅਮਰੀਕ ਸਿੰਘ, ਬਲਬੀਰ ਸਿੰਘ, ਯਾਦਵਿੰਦਰ ਸਿੰਘ, ਗੁਰਮੇਲ ਸਿੰਘ, ਪੁਸ਼ਪਿੰਦਰ ਸਿੰਘ, ਬਾਬਾ ਪਾਲ ਸਿੰਘ, ਬਾਬਾ ਸੁਖਜੀਤ ਸਿੰਘ, ਨਿਹਾਲ ਸਿੰਘ, ਅਮਰੀਕ ਸਿੰਘ, ਲਖਵਿੰਦਰ ਸਿੰਘ, ਵਰਿੰਦਰ ਸਿੰਘ, ਗੁਰਬਖਸ਼ ਸਿੰਘ, ਪਰਮਜੀਤ ਸਿੰਘ, ਟਹਿਲ ਸਿੰਘ ਅਤੇ ਹੋਰ ਹਾਜ਼ਰ ਸਨ।