- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਨੁੱਖਤਾ ਤੇ ਬਰਾਬਰੀ ਦਾ ਸੁਨੇਹਾ ਦਿੰਦੀ ਹੈ ਗੁਰੂ ਰਵੀਦਾਸ ਜੀ ਦੀ ਬਾਣੀ : ਸੰਤ ਸੀਚੇਵਾਲ

ਇੰਗਲੈਂਡ ’ਚ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਕਰਵਾਏ ਧਾਰਮਿਕ ਸਮਾਗਮ ’ਚ ਕੀਤੀ ਸ਼ਿਰਕਤ
650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ’ਚ ਸ਼ਾਮਲ ਹੋਣ ਦਾ ਦਿੱਤਾ ਸੱਦਾ
ਕੁਲਬੀਰ ਸਿੰਘ ਮਿੰਟੂ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਇੰਗਲੈਂਡ ਫੇਰੀ ਦੌਰਾਨ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਕਰਵਾਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਸਮਾਗਮ ਦੌਰਾਨ ਉਨ੍ਹਾਂ ਸੰਗਤਾਂ ਨੂੰ ਸਾਲ 2027 ਵਿੱਚ ਮਨਾਏ ਜਾਣ ਵਾਲੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਬਾਣੀ ਨਾਲ ਜੋੜਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ। ਸੰਤ ਸੀਚੇਵਾਲ ਨੇ ਕਿਹਾ ਕਿ 650ਵਾਂ ਪ੍ਰਕਾਸ਼ ਪੁਰਬ ਸਮੁੱਚੀ ਸੰਗਤ ਲਈ ਇਤਿਹਾਸਕ ਤੇ ਪਾਵਨ ਮੌਕਾ ਹੈ। ਉਨ੍ਹਾਂ ਇਸ ਮੌਕੇ ਨੂੰ ਗੁਰੂ ਸਾਹਿਬ ਦੀ ਬਾਣੀ ਤੇ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਮਰਪਿਤ ਕਰਨ ਦੀ ਅਪੀਲ ਕੀਤੀ। ਸੰਤ ਸੀਚੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਮਨੁੱਖਤਾ, ਆਪਸੀ ਸਾਂਝ ਤੇ ਬਰਾਬਰੀ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖ ਨੂੰ ਹਰ ਤਰ੍ਹਾਂ ਦੇ ਭੇਦ-ਭਾਵ ਤੋਂ ਉੱਪਰ ਉੱਠ ਕੇ ਮਾਨਵਤਾ ਦੀ ਸੇਵਾ ਕਰਨ ਤੇ ਕੁਦਰਤ ਨਾਲ ਇਕਮਿਕ ਹੋ ਕੇ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ।
ਇਸ ਤੋਂ ਇਲਾਵਾ ਸੰਤ ਸੀਚੇਵਾਲ ਨੇ ਗੁਰਦੁਆਰਾ ਬਾਬੇ ਕੇ ਹਾਕਲੀ, ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸ਼ਾਮ ਵੇਲੇ ਸਜਾਏ ਗਏ ਦੀਵਾਨ ਵਿੱਚ ਵੀ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਤੇ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ।