ਨਰਪਾਲ ਸਿੰਘ ਸ਼ੇਰਗਿੱਲ ਦੀ ਪੁਸਤਕ ਕੀਤੀ ਲੋਕ ਅਰਪਣ ਨਰਪਾਲ ਸਿੰਘ ਸ਼ੇਰਗਿੱਲ ਦਾ ‘ਇੰਡੀਅਨਜ਼ ਅਬਰੋਡ ਐਂਡ ਪੰਜਾਬ ਇੰਪੈਕਟ–2026’ ਲੋਕ ਅਰਪਣ
Publish Date: Tue, 18 Aug 2026 07:09 PM (IST)
Updated Date: Tue, 18 Aug 2026 07:12 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਸੁਤੰਤਰਤਾ ਦਿਵਸ ਦੇ ਮੌਕੇ ’ਤੇ ਸਕੇਪ ਸਾਹਿਤਕ ਸੰਸਥਾ, ਫਗਵਾੜਾ ਵੱਲੋਂ ਅੰਤਰਰਾਸ਼ਟਰੀ ਪੱਧਰ ’ਤੇ ਪ੍ਰਸਿੱਧ ਕਾਲਮਨਵੀਸ, ਲੇਖਕ ਤੇ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਦੇ ਮੈਗਜ਼ੀਨ ‘ਇੰਡੀਅਨਜ਼ ਅਬਰੋਡ ਐਂਡ ਪੰਜਾਬ ਇੰਪੈਕਟ–2026’ ਦਾ ਪਰਚਾ ਬਲੱਡ ਸੈਂਟਰ ਹਾਲ ਗੁਰੁ ਹਰਿਗੋਬਿੰਦ ਨਗਰ ਵਿਖੇ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਸੁਤੰਤਰਤਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕਵੀ ਦਰਬਾਰ ਵੀ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿੱਚ ਸੰਸਥਾ ਦੇ ਸਰਪ੍ਰਸਤ ਪ੍ਰਿੰ. ਗੁਰਮੀਤ ਸਿੰਘ ਪਲਾਹੀ, ਪ੍ਰਧਾਨ ਪਰਵਿੰਦਰਜੀਤ ਸਿੰਘ, ਮੀਤ ਪ੍ਰਧਾਨ ਰਵਿੰਦਰ ਚੋਟ ਤੇ ਮੈਗਜ਼ੀਨ ਦੇ ਸੰਪਾਦਕ ਨਰਪਾਲ ਸਿੰਘ ਸ਼ੇਰਗਿੱਲ ਸ਼ਾਮਲ ਹੋਏ। ਮੈਗਜ਼ੀਨ ਲੋਕ ਅਰਪਣ ਕਰਦਿਆਂ ਪ੍ਰਿੰ. ਗੁਰਮੀਤ ਸਿੰਘ ਪਲਾਹੀ ਨੇ ਕਿਹਾ ਕਿ ਨਰਪਾਲ ਸਿੰਘ ਸ਼ੇਰਗਿੱਲ ਨੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਪ੍ਰਚਾਰ-ਪ੍ਰਸਾਰ ਲਈ ਵੀ ਲਗਾਤਾਰ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਸ ਮੌਕੇ ਸੰਸਥਾ ਦੇ ਮੈਂਬਰਾਂ ਵੱਲੋਂ ਨਰਪਾਲ ਸਿੰਘ ਸ਼ੇਰਗਿੱਲ ਨੂੰ ਉਨ੍ਹਾਂ ਦੇ ਮੈਗਜ਼ੀਨ ਦੇ ਲੋਕ ਅਰਪਣ ਲਈ ਵਧਾਈ ਦਿੱਤੀ ਗਈ। ਸੁਤੰਤਰਤਾ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਵਿੱਚ ਰਵਿੰਦਰ ਸਿੰਘ ਰਾਏ, ਬਲਬੀਰ ਕੌਰ ਬੱਬੂ ਸੈਣੀ, ਹਰਜਿੰਦਰ ਨਿਆਣਾ, ਲਸ਼ਕਰ ਢੰਡਵਾੜਵੀ, ਬਲਦੇਵ ਰਾਜ ਕੋਮਲ ਅਤੇ ਕਮਲੇਸ਼ ਸੰਧੂ ਨੇ ਆਪਣੀਆਂ ਰਚਨਾਵਾਂ ਪੇਸ਼ ਕਰਕੇ ਸਰੋਤਿਆਂ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਪਰਵਿੰਦਰਜੀਤ ਸਿੰਘ ਨੇ ਕਿਹਾ ਕਿ ਆਜ਼ਾਦੀ ਦਾ ਅਸਲ ਅਰਥ ਤਾਂ ਹੀ ਸਾਰਥਕ ਹੋ ਸਕਦਾ ਹੈ, ਜਦੋਂ ਦੇਸ਼ ਦੇ ਹਰ ਨਾਗਰਿਕ ਨੂੰ ਆਪਣੇ ਵਿਚਾਰ ਪ੍ਰਗਟ ਕਰਨ, ਲਿਖਣ ਤੇ ਬੋਲਣ ਦੀ ਅਸਲ ਆਜ਼ਾਦੀ ਪ੍ਰਾਪਤ ਹੋਵੇ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਵਿਚਾਰਾਂ ਦੀ ਆਜ਼ਾਦੀ ਅਤੇ ਸਵਾਲ ਕਰਨ ਦਾ ਹੱਕ ਬਹੁਤ ਜ਼ਰੂਰੀ ਹੈ। ਮੀਤ ਪ੍ਰਧਾਨ ਰਵਿੰਦਰ ਚੋਟ ਨੇ ਕਿਹਾ ਕਿ ਬੇਅੰਤ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਕੀਤੀ ਆਜ਼ਾਦੀ ਨੂੰ ਕਾਇਮ ਰੱਖਣ ਲਈ ਲੋਕਾਂ ਦਾ ਜਾਗਰੂਕ ਹੋਣਾ ਤੇ ਅਸਲ ਆਜ਼ਾਦੀ ਦੇ ਅਰਥਾਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਚੋਟ ਨੇ ਦੇਸ਼ ਵਿੱਚ ਵਧ ਰਹੇ ਭਗਵਾਂਕਰਨ ’ਤੇ ਵੀ ਚਿੰਤਾ ਪ੍ਰਗਟ ਕੀਤੀ ਤੇ ਕਿਹਾ ਕਿ ਦੇਸ਼ ਦੀ ਵਿਭਿੰਨਤਾ, ਧਰਮ-ਨਿਰਪੱਖਤਾ ਤੇ ਬਹੁ-ਸੱਭਿਆਚਾਰਕ ਪਹਿਚਾਣ ਨੂੰ ਕਾਇਮ ਰੱਖਣਾ ਸਮੇਂ ਦੀ ਵੱਡੀ ਲੋੜ ਹੈ। ਸੰਸਥਾ ਦੇ ਸਰਪ੍ਰਸਤ ਪ੍ਰਿੰ. ਗੁਰਮੀਤ ਸਿੰਘ ਪਲਾਹੀ ਨੇ ਆਪਣੇ ਸੰਬੋਧਨ ਵਿੱਚ ਦੇਸ਼ ਦੇ ਮੌਜੂਦਾ ਰਾਜਨੀਤਕ ਤੇ ਸਮਾਜਿਕ ਹਾਲਾਤਾਂ ’ਤੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਦਾ ਜਾਗਰੂਕ ਹੋਣਾ ਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਸਿਰਫ਼ ਬਾਹਰੀ ਗੁਲਾਮੀ ਤੋਂ ਮੁਕਤੀ ਦਾ ਨਾਮ ਨਹੀਂ, ਸਗੋਂ ਇਹ ਸਮਾਜਿਕ, ਆਰਥਿਕ, ਵਿਚਾਰਕ ਤੇ ਮਨੁੱਖੀ ਅਧਿਕਾਰਾਂ ਦੀ ਆਜ਼ਾਦੀ ਨਾਲ ਵੀ ਜੁੜੀ ਹੋਈ ਹੈ। ਪ੍ਰੋਗਰਾਮ ਦਾ ਸਮੁੱਚਾ ਪ੍ਰਬੰਧ ਮਨਦੀਪ ਸਿੰਘ, ਬਬੀਤਾ ਤੇ ਅਨਮੋਲ ਵੱਲੋਂ ਕੀਤਾ ਗਿਆ।