ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਤੇ ਕਿਸਾਨ ਹਿੱਤਾਂ ਦੇ ਵਿਰੁੱਧ : ਧਾਲੀਵਾਲ
ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਅਤੇ ਕਿਸਾਨ ਹਿੱਤਾਂ ਦੇ ਵਿਰੁੱਧ - ਬਲਵਿੰਦਰ ਸਿੰਘ ਧਾਲੀਵਾਲ
Publish Date: Mon, 23 Feb 2026 06:45 PM (IST)
Updated Date: Mon, 23 Feb 2026 06:49 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਫਗਵਾੜਾ ਬਲਵਿੰਦਰ ਸਿੰਘ ਧਾਲੀਵਾਲ (ਰਿਟਾ. ਆਈਏਐੱਸ) ਦੀ ਅਗਵਾਈ ਹੇਠ ਸਥਾਨਕ ਤਹਿਸੀਲ ਕੰਪਲੈਕਸ ‘ਚ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ ਕਰਦੇ ਹੋਏ ਕੇਂਦਰ ਸਰਕਾਰ ਦੇ ਵਿਰੁੱਧ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਮ ਉੱਪ ਮੰਡਲ ਮੈਜਿਸਟਰੇਟ ਰਣਦੀਪ ਹੀਰ ਰਾਹੀਂ ਮੰਗ ਪੱਤਰ ਵੀ ਦਿੱਤਾ ਗਿਆ, ਜੋ ਕਿ ਨਾਇਬ ਤਹਿਸੀਲਦਾਰ ਫਗਵਾੜਾ ਨੇ ਕਾਂਗਰਸ ਆਗੂਆਂ ਤੋਂ ਪ੍ਰਾਪਤ ਕੀਤਾ। ਇਸ ਤੋਂ ਪਹਿਲਾਂ ਧਰਨਾਕਾਰੀ ਕਾਂਗਰਸ ਵਰਕਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਭਾਰਤ-ਅਮਰੀਕਾ ਵਿਚਕਾਰ ਪ੍ਰਸਤਾਵਿਤ ਵਪਾਰ ਸਮਝੌਤਾ ਦੇਸ਼ ਤੇ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹੈ ਤੇ ਇਸ ਵਿਚ ਦੇਸ਼ ਭਰ, ਖ਼ਾਸ ਕਰਕੇ ਪੰਜਾਬ ਦੀ ਖੇਤੀਬਾੜੀ ਆਰਥਿਕਤਾ ਨੂੰ ਤਬਾਹ ਕਰਨ ਦੀ ਪੂਰੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਕ ਖੇਤੀਬਾੜੀ ਪ੍ਰਧਾਨ ਸੂਬਾ ਹੈ ਤੇ ਇਸ ਤਰ੍ਹਾਂ ਦਾ ਸਮਝੌਤਾ ਸੂਬੇ ਦੀ ਆਰਥਿਕ ਰੀੜ੍ਹ ਨੂੰ ਕਮਜ਼ੋਰ ਕਰਨ ਵਾਲਾ ਹੈ। ਜ਼ਿਲ੍ਹਾ ਕਾਂਗਰਸ ਪ੍ਰਧਾਨ ਨੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਸਤੇ ਵਿਦੇਸ਼ੀ ਖੇਤੀਬਾੜੀ ਉਤਪਾਦ ਦੇਸ਼ ਦੇ ਬਾਜ਼ਾਰਾਂ ਵਿਚ ਆਉਣ ਨਾਲ ਘਰੇਲੂ ਉਤਪਾਦਾਂ ਨੂੰ ਨੁਕਸਾਨ ਪਹੁੰਚੇਗਾ। ਪੰਜਾਬ ਦੇ ਔਸਤਨ 2 ਏਕੜ ਜ਼ਮੀਨ ਵਾਲੇ ਛੋਟੇ ਕਿਸਾਨ ਅਮਰੀਕਾ ਦੇ ਹਜ਼ਾਰਾਂ ਏਕੜ ਜ਼ਮੀਨ ਤੇ ਵੱਡੀਆਂ ਸਰਕਾਰੀ ਸਬਸਿਡੀਆਂ ਨਾਲ ਮਸ਼ੀਨੀਕ੍ਰਿਤ ਖੇਤੀ ਕਰਨ ਵਾਲੇ ਕਿਸਾਨਾਂ ਨਾਲ ਮੁਕਾਬਲਾ ਨਹੀਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਖੇਤੀਬਾੜੀ ਰੁਜ਼ਗਾਰ ਵਿਚ ਕਮੀ ਤੇ ਜ਼ਮੀਨਾਂ ਦੀ ਘਟਦੀ ਮਾਲਕੀ ਕਾਰਨ ਬੇਰੁਜ਼ਗਾਰੀ ਵਧੇਗੀ, ਜਿਸ ਨਾਲ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਸਕਦੇ ਹਨ। ਇਸ ਨਾਲ ਸੂਬੇ ਦੀ ਸਮਾਜਿਕ ਬਣਤਰ ਤੇ ਕੌਮੀ ਸੁਰੱਖਿਆ ਉੱਤੇ ਵੀ ਗੰਭੀਰ ਪ੍ਰਭਾਵ ਪੈ ਸਕਦਾ ਹੈ। ਵਿਧਾਇਕ ਧਾਲੀਵਾਲ ਨੇ ਚੇਤਾਵਨੀ ਦਿੱਤੀ ਕਿ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਵਿਚ ਵੈਰੀ ਤਾਕਤਾਂ ਬੇਰੁਜ਼ਗਾਰੀ ਤੇ ਆਰਥਿਕ ਕਮਜ਼ੋਰੀ ਦਾ ਫਾਇਦਾ ਚੁੱਕ ਸਕਦੀਆਂ ਹਨ। ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਘੁਸਪੈਠ ਪਹਿਲਾਂ ਹੀ ਚਿੰਤਾ ਦਾ ਵਿਸ਼ਾ ਹੈ ਤੇ ਅਜਿਹੀ ਸਥਿਤੀ ਵਿਚ ਆਰਥਿਕ ਕਮਜ਼ੋਰੀ ਹੋਰ ਖ਼ਤਰੇ ਪੈਦਾ ਕਰ ਸਕਦੀ ਹੈ। ਉਨ੍ਹਾਂ ਦੱਸਿਆ ਕਿ ਰਾਜਪਾਲ ਦੇ ਨਾਂ ਦਿੱਤੇ ਮੰਗ ਪੱਤਰ ਵਿਚ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਮੁੜ ਵਿਚਾਰ ਕਰਕੇ ਇਸਦੀ ਸਮੀਖਿਆ ਕੀਤੀ ਜਾਵੇ ਤਾਂ ਜੋ ਦੇਸ਼ ਦੀ ਖੇਤੀਬਾੜੀ, ਆਰਥਿਕਤਾ ਤੇ ਕਿਸਾਨਾਂ ਦੇ ਹਿੱਤ ਸੁਰੱਖਿਅਤ ਰਹਿ ਸਕਣ। ਇਸ ਮੌਕੇ ਕਾਂਗਰਸ ਐੱਸਸੀ ਸੈੱਲ, ਬੀਸੀ ਸੈੱਲ, ਸ਼ਹਿਰੀ, ਦਿਹਾਤੀ, ਐੱਨਐੱਸਯੂਆਈ, ਮਹਿਲਾ ਵਿੰਗ, ਸੇਵਾ ਦਲ ਦੇ ਆਗੂਆਂ ਤੋਂ ਇਲਾਵਾ ਨਗਰ ਕੌਂਸਲਰ, ਪਿੰਡਾਂ ਦੇ ਸਰਪੰਚ, ਪੰਚ, ਨੰਬਰਦਾਰ ਤੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਸਨ, ਜਿਨ੍ਹਾਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।