ਬੇਰੁਜ਼ਗਾਰ ਲਾਈਨਮੈਨਾਂ ’ਤੇ ਕੀਤਾ ਅੰਨਾ ਤਸ਼ੱਦਦ ਨਿੰਦਣਯੋਗ : ਚਰਨਜੀਤ
ਬੇਰੁਜ਼ਗਾਰ ਲਾਈਨਮੈਨਾਂ ਤੇ ਪੁਲਿਸ ਵੱਲੋਂ ਕੀਤਾ ਅੰਨਾ ਤਸ਼ੱਦਦ ਨਿੰਦਣਯੋਗ- ਚਰਨਜੀਤ ਸ਼ਰਮਾ
Publish Date: Sun, 07 Jun 2026 09:22 PM (IST)
Updated Date: Sun, 07 Jun 2026 09:23 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੂਬੇ ਵਿਚ ਨੌਕਰੀ ਦੀ ਮੰਗ ਕਰਦੇ ਬੇਰੁਜ਼ਗਾਰ ਲਾਈਨਮੈਨਾਂ ’ਤੇ ਪਟਿਆਲਾ ਵਿਖੇ ਡਾਂਗਾਂ ਵਰਾ ਕੇ ਅਣਮਨੁੱਖੀ ਤਸ਼ੱਦਦ ਪੁਲਿਸ ਨੇ ਸਰਕਾਰ ਦੇ ਕਥਿਤ ਇਸ਼ਾਰੇ ’ਤੇ ਕੀਤਾ ਹੈ। ਹੁਣ ਆਮ ਆਦਮੀ ਪਾਰਟੀ ਦੇ ਜ਼ੁਲਮ ਦਾ ਅੰਤ ਨੇੜੇ ਆ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੈਨਸ਼ਨਰਜ਼ ਐਸੋਸੀਏਸ਼ਨ ਸ਼ਹਿਰੀ ਮੰਡਲ ਕਪੂਰਥਲਾ ਦੇ ਚਰਨਜੀਤ ਸ਼ਰਮਾ ਨੇ ਪ੍ਰੈੱਸ ਨੂੰ ਜਾਰੀ ਇਕ ਬਿਆਨ ਵਿਚ ਕੀਤਾ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਲਈ ਆਵਾਜ਼ ਉਠਾ ਰਹੇ ਲੋਕਾਂ ’ਤੇ ਲਾਠੀਚਾਰਜ ਕਰਨਾ ਲੋਕਤੰਤਰ ਕਦਰਾਂ ਕੀਮਤਾਂ ਦੇ ਖਿਲਾਫ ਹੈ। ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਜਾਇਜ਼ ਮੰਗਾਂ ਸੁਣਨ ਦੀ ਬਜਾਏ ਪੁਲਿਸ ਰਾਹੀਂ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿ ਬਹੁਤ ਹੀ ਮੰਦਭਾਗਾ ਤੇ ਨਿੰਦਣਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਧਰਨਾਕਾਰੀਆਂ ’ਤੇ ਕੀਤਾ ਗਿਆ ਲਾਠੀਚਾਰਜ ਹਾਕਮਾਂ ਵੱਲੋਂ ਲੋਕਾਂ ’ਤੇ ਅੱਤਿਆਚਾਰ ਕਰਨ ਦੀ ਘਿਨਾਉਣੀ ਮਿਸਾਲ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਐਸੋਸੀਏਸ਼ਨ ਦੇ ਸੀਨੀਅਰ ਆਗੂ ਦਿਆਲ ਸਿੰਘ ਦੀਪੇਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀਆਂ ਅਜਿਹੀਆਂ ਨੀਤੀਆਂ ਨੂੰ ਧਿਆਨ ਨਾਲ ਦੇਖ ਰਹੇ ਹਨ ਤੇ ਲੋਕਤੰਤਰਿਕ ਹੱਕਾਂ ਦਾ ਘਾਣ ਕਰਨ ਵਾਲੀ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਸਿਆਸੀ ਨਤੀਜਾ ਜ਼ਰੂਰ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਇਆ ਨਹੀਂ ਜਾ ਸਕਦਾ। ਅਸੋਸੀਏਸ਼ਨ ਦੇ ਆਗੂ ਹਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਬੇਰੁਜ਼ਗਾਰ ਲਾਈਨਮੈਨਾਂ ਨੂੰ ਡਾਂਗਾਂ, ਨਹੀਂ ਨੌਕਰੀਆਂ ਦੇਵੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਸਰਕਾਰ ਉਨ੍ਹਾਂ ਦੇ ਵਿਰੁੱਧ ਪ੍ਰਦਰਸ਼ਨ ਨੂੰ ਦਬਾਉਣ ਵਿਚ ਲੱਗੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਅਧਿਕਾਰੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। ਜ਼ਖ਼ਮੀ ਨੌਜਵਾਨ ਦਾ ਸਹੀ ਇਲਾਜ ਤੇ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰ ਵਿਚਾਰ-ਵਟਾਂਦਰੇ ਦੌਰਾਨ ਹੱਲ ਕੀਤਾ ਜਾਵੇ। ਇਸ ਮੌਕੇ ਚਰਨਜੀਤ ਸ਼ਰਮਾ, ਹਰਜੀਤ ਸਿੰਘ, ਮੁਖਤਿਆਰ ਸਿੰਘ ਖਿੰਡਾ, ਦਿਆਲ ਸਿੰਘ ਦੀਪੇਵਾਲ, ਬਲਵੀਰ ਸਿੰਘ ਆਦਿ ਵੀ ਹਾਜ਼ਰ ਸਨ।