ਮਹਿੰਗਾਈ ਨੇ ਵਿਗਾੜਿਆ ਰਸੋਈ ਦਾ ਬਜਟ : ਸਾਹਿਲ ਮਹਿੰਗਾਈ ਨੇ ਵਿਗਾੜਿਆ ਆਮ ਜਨਤਾ ਦੀ ਰਸੋਈ ਦਾ ਬਜਟ, ਕੇਂਦਰ ਤੇ ਪੰਜਾਬ ਸਰਕਾਰ ’ਤੇ ਵਰ੍ਹੇ ਸਾਹਿਲ ਵੋਹਰਾ
Publish Date: Sat, 29 Aug 2026 08:03 PM (IST)
Updated Date: Sat, 29 Aug 2026 08:04 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਬਲਾਕ ਯੂਥ ਕਾਂਗਰਸ ਫਗਵਾੜਾ ਦੇ ਪ੍ਰਧਾਨ ਸਾਹਿਲ ਵੋਹਰਾ ਨੇ ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੂੰ ਲੈ ਕੇ ਕੇਂਦਰ ਦੀ ਭਾਜਪਾ ਸ਼ਾਸਿਤ ਸਰਕਾਰ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ’ਤੇ ਕਾਬੂ ਪਾਉਣ ਵਿੱਚ ਦੋਵੇਂ ਸਰਕਾਰਾਂ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀਆਂ ਹਨ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ਤੇ ਘਰੇਲੂ ਬਜਟ ’ਤੇ ਪੈ ਰਿਹਾ ਹੈ। ਸਾਹਿਲ ਵੋਹਰਾ ਨੇ ਕਿਹਾ ਕਿ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਦੀਆਂ ਕੀਮਤਾਂ ਲਗਾਤਾਰ ਵਧਣ ਕਾਰਨ ਮੱਧ ਵਰਗ ਤੇ ਗਰੀਬ ਪਰਿਵਾਰਾਂ ਲਈ ਘਰ ਦਾ ਖਰਚਾ ਚਲਾਉਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਉਨ੍ਹਾਂ ਖਾਸ ਤੌਰ ’ਤੇ ਖੰਡ ਦੀਆਂ ਵੱਧ ਰਹੀਆਂ ਤੇ ਬੇਕਾਬੂ ਕੀਮਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਖੰਡ ਵਰਗੀ ਰੋਜ਼ਾਨਾ ਵਰਤੋਂ ਵਾਲੀ ਵਸਤੂ ਵੀ ਹੁਣ ਆਮ ਆਦਮੀ ਦੀ ਪਹੁੰਚ ਤੋਂ ਦੂਰ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਘਰੇਲੂ ਗੈਸ ਸਿਲੰਡਰ, ਪੈਟਰੋਲ ਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵਿੱਚ ਵਾਧੇ ਨੇ ਲੋਕਾਂ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ। ਹੁਣ ਖਾਣ-ਪੀਣ ਦੀਆਂ ਵਸਤੂਆਂ ਦੇ ਲਗਾਤਾਰ ਵੱਧ ਰਹੇ ਭਾਅ ਨੇ ਰਸੋਈ ਦਾ ਬਜਟ ਪੂਰੀ ਤਰ੍ਹਾਂ ਵਿਗਾੜ ਦਿੱਤਾ ਹੈ। ਬਲਾਕ ਯੂਥ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਮਹਿੰਗਾਈ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਤਾਂ ਕਰਦੀ ਹੈ, ਪਰ ਜ਼ਮੀਨੀ ਪੱਧਰ ’ਤੇ ਆਮ ਜਨਤਾ ਨੂੰ ਇਸ ਦਾ ਕੋਈ ਲਾਭ ਦਿਖਾਈ ਨਹੀਂ ਦੇ ਰਿਹਾ। ਉੱਥੇ ਹੀ ਪੰਜਾਬ ਦੀ ‘ਆਪ’ ਸਰਕਾਰ ਵੀ ਮਹਿੰਗਾਈ ਤੋਂ ਰਾਹਤ ਦਿਵਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਆਦਮੀ ਦੀ ਆਵਾਜ਼ ਨੂੰ ਬੁਲੰਦ ਕਰਦੀ ਰਹੀ ਹੈ ਅਤੇ ਮਹਿੰਗਾਈ ਦੇ ਮੁੱਦੇ ’ਤੇ ਵੀ ਜਨਤਾ ਦੇ ਨਾਲ ਖੜ੍ਹੀ ਹੈ। ਜੇਕਰ ਸਰਕਾਰਾਂ ਨੇ ਵੱਧ ਰਹੀ ਮਹਿੰਗਾਈ ’ਤੇ ਜਲਦ ਕਾਬੂ ਨਾ ਪਾਇਆ ਤਾਂ ਕਾਂਗਰਸ ਵਰਕਰਾਂ ਵੱਲੋਂ ਜਨਤਾ ਦੇ ਹਿੱਤ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।