ਇਨਰਵ੍ਹੀਲ ਕਲੱਬ ਵੱਲੋਂ ਸਕੂਲ ਨੂੰ ਸਟੇਸ਼ਨਰੀ ਭੇਟ
ਇੰਨਰਵੀਲ ਕਲੱਬ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਅਦਾਲਤ ਚੱਕ ਨੂੰ ਸਟੇਸ਼ਨਰੀ ਭੇਂਟ
Publish Date: Sun, 25 Jan 2026 09:10 PM (IST)
Updated Date: Sun, 25 Jan 2026 09:13 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਮਾਜ ਭਲਾਈ ਕਾਰਜਾਂ ਨੂੰ ਸਮਰਪਿਤ ਸੁਲਤਾਨਪੁਰ ਇਲਾਕੇ ਅੰਦਰ ਪਿਛਲੇ ਕਈ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਇਨਰਵ੍ਹੀਲ ਕਲੱਬ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਅਦਾਲਤ ਚੱਕ ਨੂੰ ਵੱਖ-ਵੱਖ ਤਰ੍ਹਾਂ ਦੀ ਸਟੇਸ਼ਨਰੀ ਭੇਟ ਕੀਤੀ ਗਈ। ਸਕੂਲ ਇੰਚਾਰਜ ਅਜੇ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਇਨਰਵੀਲ ਕਲੱਬ ਦੇ ਪ੍ਰਧਾਨ ਜਸਪਾਲ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਕਲੱਬ ਵੱਲੋਂ ਪਿਛਲੇ ਕਈ ਸਾਲਾਂ ਤੋਂ ਸੁਲਤਾਨਪੁਰ ਲੋਧੀ ਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿਚ ਲੋੜਵੰਦਾਂ ਦੀ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਿਆਨ ਪ੍ਰਾਪਤ ਕਰ ਰਹੇ ਬੱਚਿਆਂ ਲਈ ਮਦਦ ਕਰਨਾ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਬੱਚਿਆਂ ਨੇ ਆਉਣ ਵਾਲੇ ਸਮੇਂ ਵਿਚ ਸਮਾਜ ਤੇ ਦੇਸ਼ ਦੀ ਸੇਵਾ ਕਰਨੀ ਹੈ। ਉਨ੍ਹਾਂ ਨੇ ਬੱਚਿਆਂ ਨੂੰ ਸਖ਼ਤ ਮਿਹਨਤ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਦੁਨੀਆਂ ਵਿਚ ਜਿੰਨੇ ਵੀ ਮਹਾਨ ਵਿਅਕਤੀ ਹੋਏ ਹਨ, ਉਨ੍ਹਾਂ ਸਭ ਨੇ ਸਖ਼ਤ ਮਿਹਨਤ ਕਰਦਿਆਂ ਰੁਤਬੇ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨਰਵ੍ਹੀਲ ਕਲੱਬ ਆਉਣ ਵਾਲੇ ਸਮੇਂ ਵਿਚ ਵੀ ਆਪਣੀਆਂ ਸੇਵਾਵਾਂ ਜਾਰੀ ਰੱਖੇਗਾ। ਇਸ ਮੌਕੇ ਸਕੂਲ ਇੰਚਾਰਜ ਅਜੇ ਕੁਮਾਰ ਨੇ ਇਨਰਵ੍ਹੀਲ ਕਲੱਬ ਦਾ ਉਚੇਚੇ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਉੱਚ ਪੱਧਰ ਦੀ ਪੜ੍ਹਾਈ ਮੁਫ਼ਤ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਉੱਚ ਸਿੱਖਿਆ ਪ੍ਰਾਪਤ ਹਨ। ਇਸ ਮੌਕੇ ਪਰਵਿੰਦਰ ਕੌਰ, ਰੁਪਿੰਦਰ ਕੌਰ ਮੋਮੀ, ਅਲਕਾ ਛੁਰਾ, ਅਧਿਆਪਕ ਵਰਿੰਦਰ ਸਿੰਘ, ਨੀਰਜਾ ਸ਼ਰਮਾ ਆਦਿ ਹਾਜ਼ਰ ਸਨ।