ਨਸ਼ਾ ਤਸਕਰ ਜਾਂ ਤਾਂ ਤਸਕਰੀ ਛੱਡ ਦੇਣ ਜਾਂ ਇਲਾਕਾ ਛੱਡ ਦੇਣ : ਇੰਸ: ਹਰਿੰਦਰ ਸਿੰਘ
ਲਖਵੀਰ ਸਿੰਘ ਲੱਖੀ, ਪੰਜਾਬੀ
Publish Date: Sat, 24 Jan 2026 07:36 PM (IST)
Updated Date: Sat, 24 Jan 2026 07:40 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਵੱਲੋਂ ਬੀਤੇ ਦਿਨੀਂ ਵੱਖ-ਵੱਖ ਥਾਣਾ ਮੁਖੀਆਂ ਦੇ ਕੀਤੇ ਗਏ ਤਬਾਦਲਿਆਂ ਦੌਰਾਨ ਪੁਲਿਸ ਵਿਭਾਗ ਵਿਚ ਸਖ਼ਤ ਤੇ ਤੇਜ਼-ਤਰਾਰ ਇੰਸਪੈਕਟਰ ਵਜੋਂ ਜਾਣੇ ਜਾਂਦੇ ਹਰਿੰਦਰ ਸਿੰਘ ਨੂੰ ਥਾਣਾ ਸੁਲਤਾਨਪੁਰ ਲੋਧੀ ਦਾ ਐੱਸਐੱਚਓ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਅਹੁਦਾ ਸੰਭਾਲਣ ਉਪਰੰਤ ਕੰਮਕਾਜ ਸ਼ੁਰੂ ਕਰ ਦਿੱਤਾ ਗਿਆ। ਨਵ-ਨਿਯੁਕਤ ਐੱਸਐੱਚਓ ਇੰਸਪੈਕਟਰ ਹਰਿੰਦਰ ਸਿੰਘ ਨੇ ਕਿਹਾ ਕਿ ਜਿਥੇ ਪੰਜਾਬ ਸਰਕਾਰ ਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤੇ ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਦੀਆਂ ਹਦਾਇਤਾਂ ਉੱਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਤੇਜ਼ ਕਰਦੇ ਹੋਏ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਸਲਾਖਾਂ ਦੇ ਪਿੱਛੇ ਭੇਜਿਆ ਜਾਵੇਗਾ ਉਥੇ ਸੁਲਤਾਨਪੁਰ ਲੋਧੀ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਨਸ਼ਾ ਤਸਕਰ ਜਾਂ ਤਾਂ ਕੰਮ ਛੱਡ ਦੇਣ ਜਾਂ ਇਲਾਕਾ ਛੱਡ ਦੇਣ ਨਹੀਂ ਤਾਂ ਉਨ੍ਹਾਂ ਦੀ ਖੈਰ ਨਹੀਂ। ਐੱਸਐੱਚਓ ਹਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਆਮ ਲੋਕਾਂ ਤੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਲੋਕ ਪੁਲਿਸ ਦਾ ਸਹਿਯੋਗ ਕਰਨ ਤਾਂ ਜੋ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸਮਾਜ ਵਿਰੋਧੀ ਅਨਸਰ ਜਾਂ ਨਸ਼ਾ ਤਸਕਰ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧੇ ਤੌਰ ’ਤੇ ਸੰਪਰਕ ਕਰ ਸਕਦਾ ਹੈ ਤੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਥੇ ਇਹ ਜ਼ਿਕਰਯੋਗ ਹੈ ਕਿ ਇੰਸਪੈਕਟਰ ਹਰਿੰਦਰ ਸਿੰਘ ਜੋ ਕਿ 2016 ਤੋਂ ਪੁਲਿਸ ਵਿਭਾਗ ਵਿਚ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾ ਰਹੇ ਹਨ। ਇਸ ਦੌਰਾਨ ਉਹ ਕਈ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਭੇਜ ਚੁੱਕੇ ਹਨ। ਇੰਸਪੈਕਟਰ ਹਰਿੰਦਰ ਸਿੰਘ ਵੱਲੋਂ ਟਾਂਡੇ ਵਿਚ ਵਾਪਰੇ ਗਊ ਹੱਤਿਆਕਾਂਡ ਨੂੰ ਟਰੇਸ ਕਰਦੇ ਹੋਏ ਮੁਲਜ਼ਮਾਂ ਨੂੰ ਯੂਪੀ ਤੋਂ ਕਾਬੂ ਕਰਕੇ ਸਲਾਖਾਂ ਪਿੱਛੇ ਭੇਜਿਆ ਗਿਆ ਸੀ।