ਡਿਵੀਜ਼ਨਲ ਕਮਿਸ਼ਨਰ ਨੇ ਪੋਲਿੰਗ ਬੂਥਾਂ ਦਾ ਕੀਤਾ ਨਿਰੀਖਣ ਡਿਵੀਜ਼ਨਲ ਕਮਿਸ਼ਨਰ ਜਲੰਧਰ-ਕਮ-ਰੋਲ ਆਬਜ਼ਰਵਰ ਵੱਲੋਂ ਪੋਲਿੰਗ ਬੂਥਾਂ ਦਾ ਨਿਰੀਖਣ
Publish Date: Sun, 22 Nov 2026 08:58 PM (IST)
Updated Date: Sun, 22 Nov 2026 09:01 PM (IST)
--ਬੂਥ ਲੈਵਲ ਅਫ਼ਸਰਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ, ਯੋਗ ਵਿਅਕਤੀਆਂ ਦੀਆਂ ਵੋਟਾਂ ਬਣਾਉਣ ’ਤੇ ਦਿੱਤਾ ਜ਼ੋਰ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ 2027 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਡਿਵੀਜ਼ਨਲ ਕਮਿਸ਼ਨਰ ਜਲੰਧਰ-ਕਮ-ਰੋਲ ਆਬਜ਼ਰਵਰ ਰਾਮਵੀਰ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਡਿਵੀਜ਼ਨਲ ਕਮਿਸ਼ਨਰ ਨੇ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਬੂਥ ਨੰਬਰ 61, 62, 63 ਤੇ 64 ਤੇ ਹਲਕਾ ਸੁਲਤਾਨਪੁਰ ਲੋਧੀ ਦੇ ਬੂਥ ਨੰਬਰ 19 ਤੇ 20 ਦਾ ਦੌਰਾ ਕੀਤਾ। ਉਨ੍ਹਾਂ ਵੱਲੋਂ ਫਾਰਮ ਨੰਬਰ 6, 7 ਤੇ 8 ਦੀ ਜਾਂਚ ਕੀਤੀ ਗਈ ਤੇ ਸਮੁੱਚਾ ਕੰਮਕਾਜ ਤਸੱਲੀਬਖ਼ਸ਼ ਪਾਇਆ ਗਿਆ। ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਉਨ੍ਹਾਂ ਨੇ ਉਨ੍ਹਾਂ ਯੋਗ ਵਿਅਕਤੀਆਂ ਦੀਆਂ ਵੋਟਾਂ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ, ਜਿਨ੍ਹਾਂ ਦੀਆਂ ਵੋਟਾਂ ਅਜੇ ਤੱਕ ਨਹੀਂ ਬਣੀਆਂ ਤੇ ਅਜਿਹੇ ਨੌਜਵਾਨਾਂ ਨੂੰ ਵੀ ਵੋਟਰ ਵਜੋਂ ਰਜਿਸਟਰ ਕਰਨ ਲਈ ਕਿਹਾ, ਜੋ 1 ਜਨਵਰੀ 2027 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਅੱਜ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ, ਜਿੱਥੇ ਬੂਥ ਲੈਵਲ ਅਫ਼ਸਰ (ਬੀਐੱਲਓਜ਼) ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹੇ ਤੇ ਦਾਅਵਿਆਂ ਤੇ ਇਤਰਾਜ਼ਾਂ ਸਬੰਧੀ ਫਾਰਮ ਪ੍ਰਾਪਤ ਕੀਤੇ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਟੋਲ-ਫ੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ, ਜਿਸ ’ਤੇ ਕੋਈ ਵੀ ਵੋਟਰ ਜਾਂ ਵਿਅਕਤੀ ਆਪਣੀ ਵੋਟ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰਨ ਲਈ ਸੰਪਰਕ ਕਰ ਸਕਦਾ ਹੈ। ਇਸ ਮੌਕੇ ਐੱਸਡੀਐੱਮਜ਼ ਤੇ ਚੋਣ ਅਮਲੇ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।