ਡਾ. ਰਾਜ ਨੇ ਕੀਤਾ ਆਮ ਆਦਮੀ ਕਲੀਨਿਕ ਦਾ ਨਿਰੀਖਣ ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਆਮ ਆਦਮੀ ਕਲੀਨਿਕ ਗੁਰੂ ਨਾਨਕਪੁਰਾ ਦਾ ਨਿਰੀਖਣ
Publish Date: Tue, 08 Sep 2026 07:46 PM (IST)
Updated Date: Tue, 08 Sep 2026 07:49 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਗੁਰੂ ਨਾਨਕਪੁਰਾ, ਫਗਵਾੜਾ ਸਥਿਤ ਆਮ ਆਦਮੀ ਕਲੀਨਿਕ ਦਾ ਨਿਰੀਖਣ ਕਰਦਿਆਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਫਗਵਾੜਾ ਦੇ ਮੇਅਰ ਰਾਮਪਾਲ ਉੱਪਲ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ। ਡਾ. ਚੱਬੇਵਾਲ ਨੇ ਕਲੀਨਿਕ ਵਿਖੇ ਇਲਾਜ ਲਈ ਪਹੁੰਚੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਕੋਲੋਂ ਕਲੀਨਿਕ ਰਾਹੀਂ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਮੈਡੀਕਲ ਸਟਾਫ ਨਾਲ ਵੀ ਗੱਲਬਾਤ ਕਰਕੇ ਕਲੀਨਿਕ ਵਿੱਚ ਉਪਲਬਧ ਦਵਾਈਆਂ, ਡਾਇਗਨੋਸਟਿਕ ਟੈਸਟਾਂ ਤੇ ਹੋਰ ਸਿਹਤ ਸੇਵਾਵਾਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਮਰੀਜ਼ਾਂ ਵੱਲੋਂ ਕਲੀਨਿਕ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਪ੍ਰਤੀ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸੂਬੇ ਭਰ ਵਿੱਚ 1,090 ਆਮ ਆਦਮੀ ਕਲੀਨਿਕ ਕਾਰਜਸ਼ੀਲ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 603 ਕਲੀਨਿਕ ਪੇਂਡੂ ਤੇ 487 ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਸਥਾਪਿਤ ਕੀਤੇ ਗਏ ਹਨ। ਐੱਮਪੀ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਅਨੁਸਾਰ ਸੂਬਾ ਸਰਕਾਰ ਵੱਲੋਂ ਸਿਹਤ ਤੇ ਸਿੱਖਿਆ ਦੇ ਖੇਤਰਾਂ ਵਿੱਚ ਵਿਆਪਕ ਸੁਧਾਰ ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਡਾ. ਚੱਬੇਵਾਲ ਨੇ ਆਮ ਆਦਮੀ ਕਲੀਨਿਕ ਦੇ ਡਾਕਟਰਾਂ, ਮੈਡੀਕਲ ਸਟਾਫ ਤੇ ਹੋਰ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।