ਕੇਂਦਰ ਸਰਕਾਰ ਬਦਨਾਮ ਕਰਨ ਦੀ ਬਜਾਏ ਕਿਸਾਨਾਂ ਦਾ ਸਾਥ ਦੇਵੇ : ਪੱਡਾ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਬਜਾਏ,ਕਿਸਾਨਾਂ ਦਾ ਸਾਥ ਦੇਵੇ : ਸੁਖਵੰਤ ਪੱਡਾ
Publish Date: Thu, 12 Nov 2026 06:30 PM (IST)
Updated Date: Thu, 12 Nov 2026 06:33 PM (IST)
-ਕੇਂਦਰੀ ਏਜੰਸੀਆਂ ਦੀਆਂ ਰਿਪੋਰਟਾਂ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 95% ਕਮੀ ਦੀ ਪੁਸ਼ਟੀ -ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਗਲਤ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਕੇਂਦਰ ਦੀ ਭਾਜਪਾ ਸਰਕਾਰ ਤੇ ਭਾਜਪਾ ਆਗੂਆਂ ’ਤੇ ਜਾਣਬੁੱਝ ਕੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦਾ ਦੋਸ਼ ਲਗਾਉਂਦੇ ਹੋਏ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾਈ ਉਪ ਪ੍ਰਧਾਨ ਸੁਖਵੰਤ ਸਿੰਘ ਪੱਡਾ ਨੇ ਕਿਹਾ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਵਧਣ ’ਤੇ ਹਰ ਵਾਰ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਣਾ ਭਾਜਪਾ ਦੀ ਰਾਜਨੀਤਿਕ ਮਾਨਸਿਕਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਦੇ ਅੰਨਦਾਤਾ ਹਨ ਤੇ ਉਨ੍ਹਾਂ ਦੀ ਮਿਹਨਤ ਤੇ ਕੁਰਬਾਨੀ ਨੂੰ ਰਾਜਨੀਤਿਕ ਬਿਆਨਬਾਜ਼ੀ ਦਾ ਮੁੱਦਾ ਨਹੀਂ ਬਣਾਇਆ ਜਾਣਾ ਚਾਹੀਦਾ। ਪੱਡਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਦੇ ਆਗੂ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਖ ਕਾਰਨ ਪਰਾਲੀ ਸਾੜਨ ਨੂੰ ਜ਼ਿੰਮੇਵਾਰ ਠਹਿਰਾ ਕੇ ਪੰਜਾਬ ਦੇ ਕਿਸਾਨਾਂ ’ਤੇ ਦੋਸ਼ ਲਗਾ ਰਹੇ ਹਨ, ਜਦੋਂ ਕਿ ਕੇਂਦਰ ਸਰਕਾਰ ਦੀਆਂ ਆਪਣੀਆਂ ਏਜੰਸੀਆਂ ਦੀਆਂ ਰਿਪੋਰਟਾਂ ਨੇ ਪੰਜਾਬ ਵਿੱਚ ਪਰਾਲੀ ਸਾੜਨ ਵਿੱਚ ਲਗਭਗ 95 ਪ੍ਰਤੀਸ਼ਤ ਕਮੀ ਦੀ ਪੁਸ਼ਟੀ ਕੀਤੀ ਹੈ। ਅਜਿਹੀ ਸਥਿਤੀ ਵਿੱਚ ਭਾਜਪਾ ਆਗੂਆਂ ਨੂੰ ਪੰਜਾਬ ਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਤੱਥਾਂ ਦੇ ਆਧਾਰ ’ਤੇ ਬੋਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਵਾਤਾਵਰਣ ਸੁਰੱਖਿਆ ਲਈ ਲਗਾਤਾਰ ਨਵੇਂ ਤਰੀਕੇ ਅਪਣਾ ਰਹੇ ਹਨ। ਸਰਕਾਰ ਤੇ ਖੇਤੀਬਾੜੀ ਵਿਭਾਗ ਕਿਸਾਨਾਂ ਵਿੱਚ ਜਾਗਰੂਕਤਾ ਵਧਾ ਰਹੇ ਹਨ ਤੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਤੇ ਆਧੁਨਿਕ ਤਕਨਾਲੋਜੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ। ਇਸ ਦੇ ਬਾਵਜੂਦ ਪਰਾਲੀ ਦੇ ਸਹੀ ਪ੍ਰਬੰਧਨ ਲਈ ਕਿਸਾਨਾਂ ਨੂੰ ਲੋੜੀਂਦੀ ਵਿੱਤੀ ਸਹਾਇਤਾ ਤੇ ਜ਼ਰੂਰੀ ਸਹੂਲਤਾਂ ਪ੍ਰਦਾਨ ਕਰਨ ਦੀ ਬਜਾਏ, ਉਨ੍ਹਾਂ ਨੂੰ ਦੋਸ਼ੀ ਠਹਿਰਾਉਣਾ ਮੰਦਭਾਗਾ ਹੈ। ਪੱਡਾ ਨੇ ਕਿਹਾ ਕਿ ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਪ੍ਰਦੂਸ਼ਣ ਦੇ ਪਿੱਛੇ ਕਈ ਕਾਰਨ ਹਨ, ਜਿਨ੍ਹਾਂ ਵਿੱਚ ਵਾਹਨਾਂ ਦਾ ਧੂੰਆਂ, ਉਦਯੋਗਿਕ ਪ੍ਰਦੂਸ਼ਣ, ਉਸਾਰੀ ਕਾਰਜਾਂ ਤੋਂ ਨਿਕਲਣ ਵਾਲੀ ਧੂੜ ਤੇ ਹੋਰ ਸਥਾਨਕ ਕਾਰਨ ਸ਼ਾਮਲ ਹਨ। ਕੇਂਦਰ ਸਰਕਾਰ ਨੂੰ ਇਨ੍ਹਾਂ ਸਾਰੇ ਕਾਰਨਾਂ ਤੇ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤੀ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਕਿਸਾਨਾਂ ਨੂੰ ਬਦਨਾਮ ਕਰਨ ਦੀ ਬਜਾਏ ਭਾਜਪਾ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ ਤੇ ਪਰਾਲੀ ਪ੍ਰਬੰਧਨ ਲਈ ਇੱਕ ਠੋਸ ਨੀਤੀ ਬਣਾਉਣੀ ਚਾਹੀਦੀ ਹੈ।