ਨਸ਼ਿਆਂ ਬਾਰੇ ਸਾਂਝੇ ਯਤਨ ਕਰਨ ਦੀ ਲੋੜ : ਚਾਹਲ ਨਸ਼ਿਆਂ ਦੇ ਮੁੱਦੇ ਨੂੰ ਸਿਰਫ਼ ਸਿਆਸੀ ਦੋਸ਼ਾਂ ਤੱਕ ਸੀਮਤ ਰੱਖਣ ਦੀ ਬਜਾਏ, ਸਾਰੀਆਂ ਧਿਰਾਂ ਸਾਂਝੇ ਯਤਨ ਕਰਨ : ਮਲਵਿੰਦਰ ਸਿੰਘ ਚਾਹਲ
Publish Date: Fri, 23 Oct 2026 09:53 PM (IST)
Updated Date: Fri, 23 Oct 2026 09:54 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਦੇਸ਼ ਵਿੱਚ ਨਸ਼ਿਆਂ ਦੀ ਸਮੱਸਿਆ ਤੇ ਨੌਜਵਾਨਾਂ ਦੇ ਜੀਵਨ ’ਤੇ ਇਸ ਦੇ ਮਾੜੇ ਪ੍ਰਭਾਵ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ (ਮੰਮੂ ਚਾਹਲ) ਨੇ ਕੇਂਦਰ ਸਰਕਾਰ ਨੂੰ ਐੱਨਡੀਪੀਐੱਸ ਐਕਟ ਵਿੱਚ ਜ਼ਰੂਰੀ ਸੋਧਾਂ ਕਰਨ ਤੇ ਨਸ਼ਿਆਂ ਦੀ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਮੰਮੂ ਚਾਹਲ ਨੇ ਕਿਹਾ ਕਿ ਨਸ਼ਿਆਂ ਨਾਲ ਸਬੰਧਤ ਅਨੇਕਾਂ ਮੌਤਾਂ ਹੋਈਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਨਸ਼ਿਆਂ ਨਾਲ ਸਬੰਧਤ ਮੌਤਾਂ ਨੂੰ ਰੋਕਣ ਲਈ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਇਸ ਨੂੰ ਲਾਗੂ ਕਰਨ ਦੀ ਜ਼ਰੂਰਤ ਨੂੰ ਕਿਉਂ ਨਹੀਂ ਮੰਨਿਆ ਜਾ ਰਿਹਾ ਹੈ। ਮੰਮੂ ਚਾਹਲ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਇੱਕ ਸਮਾਜਿਕ ਤੇ ਸਿਹਤ ਸੰਕਟ ਹੈ, ਇਹ ਕਿਸੇ ਇੱਕ ਪਾਰਟੀ ਜਾਂ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਪੂਰੇ ਸਮਾਜ ਤੇ ਦੇਸ਼ ਦੀ ਸਾਂਝੀ ਚਿੰਤਾ ਹੈ। ਸਿਰਫ਼ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨਾ ਕਾਫ਼ੀ ਨਹੀਂ ਹੈ, ਪ੍ਰਭਾਵਿਤ ਨੌਜਵਾਨਾਂ ਨੂੰ ਸਸ਼ਕਤ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਐੱਨਡੀਪੀਐੱਸ ਐਕਟ ਦੀ ਸਮੀਖਿਆ ਕਰਨ ਤੇ ਗੰਭੀਰ ਅਪਰਾਧਾਂ ਵਿੱਚ ਕਾਨੂੰਨੀ ਕਾਰਵਾਈ ਨੂੰ ਤੇਜ਼ ਕਰਨ ਵਾਲੇ ਉਪਬੰਧ ਜੋੜਨ ਦੀ ਅਪੀਲ ਕੀਤੀ। ਮੰਮੂ ਚਾਹਲ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ ਨੂੰ ਸਿਰਫ਼ ਰਾਜਨੀਤਿਕ ਦੋਸ਼ਾਂ ਤੱਕ ਸੀਮਤ ਕਰਨ ਦੀ ਬਜਾਏ, ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਨੌਜਵਾਨਾਂ ਦੀਆਂ ਜਾਨਾਂ ਬਚਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।