- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੰਨਾ ਕਿਸਾਨਾਂ ਦੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਸਿਰਫ਼ ਸਿਆਸੀ ਡਰਾਮਾ : ਨਵਜਿੰਦਰ ਸਿੰਘ ਬਾਈਆ

ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਫਗਵਾੜਾ ਦੀ ਗੋਲਡਨ ਸੰਧਰ ਸ਼ੂਗਰ ਮਿਲ ਨੂੰ ਲੈ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਲਗਾਤਾਰ ਵਧ ਰਹੀਆਂ ਹਨ, ਪਰ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨ ਵੀ ਹੁਣ ਸਵਾਲਾਂ ਦੇ ਘੇਰੇ ਵਿੱਚ ਆਉਣ ਲੱਗੇ ਹਨ। ਕਿਸਾਨ ਆਗੂ ਨਵਜਿੰਦਰ ਸਿੰਘ ਬਾਈਆ ਨੇ ਵੀਰਵਾਰ ਨੂੰ ਫਗਵਾੜਾ ਸ਼ੂਗਰ ਮਿਲ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵੱਲੋਂ ਲਗਾਏ ਧਰਨੇ ਨੂੰ ਸਿਰਫ਼ ਇੱਕ ਸਿਆਸੀ ਡਰਾਮਾ ਕਰਾਰ ਦਿੰਦਿਆਂ ਦੋਸ਼ ਲਗਾਇਆ ਕਿ ਕਿਸਾਨਾਂ ਦੇ ਹਿੱਤਾਂ ਦੀ ਬਜਾਏ ਇਸ ਧਰਨੇ ਰਾਹੀਂ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਗਈ। ਨਵਜਿੰਦਰ ਸਿੰਘ ਬਾਈਆ ਨੇ ਕਿਹਾ ਕਿ ਧਰਨੇ ਦੌਰਾਨ ਕਿਸਾਨਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝਣ ਜਾਂ ਉਨ੍ਹਾਂ ਦਾ ਹੱਲ ਲੱਭਣ ਦੀ ਕੋਈ ਗੰਭੀਰ ਕੋਸ਼ਿਸ਼ ਨਹੀਂ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਮਿਲ ਦੇ ਬਾਹਰ ਮੌਜੂਦ ਆਮ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਚਿੰਤਾਵਾਂ ਨੂੰ ਵੀ ਅਣਗੌਲਿਆ ਕੀਤਾ ਗਿਆ। ਕਿਸਾਨਾਂ ਨੂੰ ਇਹ ਜਾਣਨ ਦੀ ਲੋੜ ਸੀ ਕਿ ਜੇਕਰ ਮਿਲ ਸਮੇਂ ਸਿਰ ਨਹੀਂ ਚੱਲਦੀ ਤਾਂ ਉਨ੍ਹਾਂ ਦੀ ਫ਼ਸਲ ਕਿੱਥੇ ਜਾਵੇਗੀ, ਗੰਨੇ ਦੀ ਖਰੀਦ ਕਿਵੇਂ ਹੋਵੇਗੀ ਤੇ ਜੇਕਰ ਮਿੱਲ ਚਾਲੂ ਹੋ ਜਾਂਦੀ ਹੈ ਤਾਂ ਉਸ ਦੀ ਪ੍ਰਕਿਰਿਆ ਕੀ ਹੋਵੇਗੀ, ਪਰ ਧਰਨੇ ਵਿੱਚ ਇਨ੍ਹਾਂ ਸਵਾਲਾਂ ਦਾ ਕੋਈ ਠੋਸ ਜਵਾਬ ਜਾਂ ਯੋਜਨਾ ਸਾਹਮਣੇ ਨਹੀਂ ਆਈ। ਉਨ੍ਹਾਂ ਕਿਹਾ ਕਿ ਧਰਨੇ ਵਿੱਚ ਸਿਰਫ਼ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਤੇ ਆਪਣੀ ਸਿਆਸੀ ਪਛਾਣ ਬਣਾਉਣ ਦੀ ਕੋਸ਼ਿਸ਼ ਕੀਤੀ ਗਈ, ਜਦਕਿ ਕਿਸਾਨਾਂ ਦੀ ਅਸਲ ਸਮੱਸਿਆ ਜਿਉਂ ਦੀ ਤਿਉਂ ਰਹੀ। ਨਵਜਿੰਦਰ ਸਿੰਘ ਬਾਈਆ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੀ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨ ਲਈ ਗੰਭੀਰ ਨਹੀਂ ਹੈ। ਗੰਨਾ ਕਿਸਾਨਾਂ ਦੀ ਫ਼ਸਲ ਖੇਤਾਂ ਵਿੱਚ ਖੜ੍ਹੀ ਹੈ ਤੇ ਮਿਲ ਦੇ ਬੰਦ ਰਹਿਣ ਕਾਰਨ ਕਿਸਾਨਾਂ ਨੂੰ ਇਹ ਚਿੰਤਾ ਸਤਾਉਣ ਲੱਗੀ ਹੈ ਕਿ ਉਹ ਆਪਣਾ ਗੰਨਾ ਕਿੱਥੇ ਲੈ ਕੇ ਜਾਣਗੇ। ਕਿਸਾਨਾਂ ਦੀ ਮਿਹਨਤ, ਖਰਚ ਤੇ ਫ਼ਸਲ ਦੀ ਸੰਭਾਲ ਨਾਲ ਜੁੜੇ ਸਵਾਲਾਂ ਦਾ ਜਵਾਬ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਨਵਜਿੰਦਰ ਸਿੰਘ ਬਾਈਆ ਨੇ ਕਿਹਾ ਕਿ ਉਹ ਖੁਦ ਵੀ ਧਰਨੇ ਵਿੱਚ ਸ਼ਾਮਲ ਹੋਏ ਸਨ ਤੇ ਉੱਥੇ ਮੌਜੂਦ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਚਿੰਤਾਵਾਂ ਨੂੰ ਮਹਿਸੂਸ ਕੀਤਾ, ਪਰ ਜਿਹੜੇ ਲੋਕ ਆਪਣੇ ਆਪ ਨੂੰ ਕਿਸਾਨ ਆਗੂ ਕਹਿੰਦੇ ਹਨ, ਉਨ੍ਹਾਂ ਵੱਲੋਂ ਕਿਸਾਨਾਂ ਨੂੰ ਇਹ ਭਰੋਸਾ ਨਹੀਂ ਦਿੱਤਾ ਗਿਆ ਕਿ ਮਿੱਲ ਨਾ ਚੱਲਣ ਦੀ ਸਥਿਤੀ ਵਿੱਚ ਅਗਲਾ ਕਦਮ ਕੀ ਹੋਵੇਗਾ।