ਖ਼ਾਲਸਾ ਕਾਲਜ ’ਚ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮਨਾਇਆ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮਨਾਇਆ
Publish Date: Tue, 15 Sep 2026 10:03 PM (IST)
Updated Date: Tue, 15 Sep 2026 10:05 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਰੈੱਡ ਰਿਬਨ ਕਲੱਬ ਤੇ ਐੱਨਐੱਸਐੱਸ ਯੂਨਿਟ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮੌਕੇ ’ਤੇ ਵਿਦਿਆਰਥੀਆਂ ਵਿੱਚ ਲੋਕਤੰਤਰ ਦੀ ਮਹੱਤਤਾ ਤੇ ਇਸ ਦੀਆਂ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਲੋਕਤੰਤਰ ਵਿੱਚ ਆਜ਼ਾਦੀ, ਸਮਾਨਤਾ, ਨਿਆਂ, ਲੋਕਾਂ ਦੀ ਭਾਗੀਦਾਰੀ, ਸਹਿਣਸ਼ੀਲਤਾ ਤੇ ਦੂਜਿਆਂ ਦੇ ਅਧਿਕਾਰਾਂ ਪ੍ਰਤੀ ਸਤਿਕਾਰ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਪ੍ਰੋ. ਕਿਰਨਦੀਪ ਕੌਰ, ਮੁਖੀ, ਰਾਜਨੀਤੀ ਸ਼ਾਸਤਰ ਵਿਭਾਗ ਨੇ ਦੱਸਿਆ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਸੁਤੰਤਰ ਮੀਡੀਆ ਤੇ ਸਰਗਰਮ ਨਾਗਰਿਕਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਨੇ ਵਿਧਾਨਪਾਲਿਕਾ, ਕਾਰਜਪਾਲਿਕਾ ਤੇ ਨਿਆਂਪਾਲਿਕਾ ਵਿਚਕਾਰ ਸੰਤੁਲਨ ਤੇ ਨਿਗਰਾਨੀ ਦੀ ਪ੍ਰਣਾਲੀ ਨੂੰ ਲੋਕਤੰਤਰਿਕ ਕਦਰਾਂ-ਕੀਮਤਾਂ ਦੀ ਰੱਖਿਆ ਲਈ ਜ਼ਰੂਰੀ ਦੱਸਿਆ। ਵਿਦਿਆਰਥੀਆਂ ਨੇ ਆਪਣੇ ਪੋਸਟਰਾਂ ਰਾਹੀਂ ਲੋਕਤੰਤਰ ਬਾਰੇ ਵੱਖ-ਵੱਖ ਵਿਚਾਰਾਂ ਤੇ ਦ੍ਰਿਸ਼ਟੀਕੋਣਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਮੁਕਾਬਲੇ ਵਿੱਚ ਵਿਦਿਆਰਥਣ ਸੁਖਦਮਨ ਕੌਰ ਨੇ ਪਹਿਲਾ, ਰਜਿੰਦਰ ਸਿੰਘ ਨੇ ਦੂਜਾ ਤੇ ਸੁਖਰਾਜ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਉਤਸ਼ਾਹਪੂਰਵਕ ਭਾਗੀਦਾਰੀ ਲਈ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਸ ਮੌਕੇ ਪ੍ਰੋ. ਇੰਦਰਪ੍ਰੀਤ ਸਿੰਘ ਤੇ ਪ੍ਰੋ. ਮਨਜੋਤ ਕੌਰ ਵੀ ਹਾਜ਼ਰ ਰਹੇ।