ਮਿੱਠੜਾ ’ਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ
Publish Date: Tue, 24 Feb 2026 08:51 PM (IST)
Updated Date: Tue, 24 Feb 2026 08:55 PM (IST)

ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ ਆਉਂਦੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਡਾ. ਹਰਸਿਮਰਨ ਕੌਰ, ਪ੍ਰਿੰਸੀਪਲ, ਸ੍ਰੀ ਗੁਰੂ ਤੇਗ ਬਹਾਦੁਰ ਕਾਲਜ ਤੇ ਡਾ. ਲਖਵੀਰ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਜਲੰਧਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਰਸਮੀ ਤੌਰ ‘ਤੇ ਸ਼ਮਾ ਰੌਸ਼ਨ ਕਰਕੇ ਕੀਤੀ ਗਈ। ਇਸ ਮੌਕੇ ‘ਤੇ ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਪ੍ਰੋ. ਡਾ. ਕਰਮਜੀਤ ਸਿੰਘ ਤੇ ਪ੍ਰੋ. ਡਾ. ਸਰੋਜ ਅਰੋੜਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਸਮੇਂ-ਸਮੇਂ ‘ਤੇ ਭਾਸ਼ਾ ਨੂੰ ਉਤਸ਼ਾਹਿਤ ਕਰਨ ਵਾਲੇ ਉਪਰਾਲਿਆਂ ਲਈ ਦਿੱਤੇ ਜਾ ਰਹੇ ਦਿਸ਼ਾ-ਨਿਰਦੇਸ਼ਾਂ ਤੇ ਮਾਰਗਦਰਸ਼ਨ ਕਾਲਜ ਲਈ ਪ੍ਰੇਰਣਾਦਾਇਕ ਹਨ। ਡਾ. ਹਰਸਿਮਰਨ ਕੌਰ ਨੇ ਪੰਜਾਬੀ ਭਾਸ਼ਾ ਨਾਲ ਜੁੜੇ ਰੋਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਵਿਚ ਉੱਚ ਅਧਿਐਨ ਕਰਨ ਵਾਲੇ ਵਿਦਿਆਰਥੀਆਂ ਲਈ ਅਧਿਆਪਕਤਾ, ਅਨੁਵਾਦ, ਪੱਤਰਕਾਰਤਾ, ਰੇਡੀਓ ਤੇ ਟੀਵੀ ਐਂਕਰਿੰਗ, ਸਿਵਲ ਸਰਵਿਸਿਜ਼ ਤੇ ਪ੍ਰਕਾਸ਼ਨ ਖੇਤਰ ਵਿਚ ਵਿਸ਼ਾਲ ਸੰਭਾਵਨਾਵਾਂ ਮੌਜੂਦ ਹਨ। ਡਾ. ਲਖਵੀਰ ਸਿੰਘ ਨੇ ਮਾਤ ਭਾਸ਼ਾ ਪੰਜਾਬੀ ਦੀ ਅਹਿਮੀਅਤ ਉਤੇ ਰੋਸ਼ਨੀ ਪਾਈ। ਉਨ੍ਹਾਂ ਕਿਹਾ ਕਿ ਮਾਤ ਭਾਸ਼ਾ ਮਨੁੱਖ ਦੀ ਪਹਿਲੀ ਪਹਿਚਾਣ ਹੁੰਦੀ ਹੈ ਤੇ ਇਹ ਸਾਡੀ ਸੰਸਕ੍ਰਿਤੀ, ਵਿਰਾਸਤ ਤੇ ਇਤਿਹਾਸ ਨਾਲ ਗੂੜ੍ਹੇ ਤੌਰ ‘ਤੇ ਜੁੜੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਅਸੀਂ ਆਪਣੀ ਮਾਤ ਭਾਸ਼ਾ ਨੂੰ ਸੰਭਾਲਾਂਗੇ ਤਾਂ ਹੀ ਆਪਣੀ ਸੱਭਿਆਚਾਰਕ ਧਰੋਹਰ ਨੂੰ ਬਚਾ ਸਕਾਂਗੇ। ਪ੍ਰੋਗਰਾਮ ਦੌਰਾਨ ਕਵਿਤਾ ਉਚਾਰਨ, ਲੋਕ ਗੀਤ, ਸਲੋਗਨ ਲਿਖਣ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਤਮਗੇ ਵੰਡ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਾਤ ਭਾਸ਼ਾ ਸਾਡੀ ਪਹਿਚਾਣ ਤੇ ਸੰਸਕ੍ਰਿਤੀ ਦੀ ਆਤਮਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੀ ਤਰੱਕੀ ਅਤੇ ਸੰਭਾਲ ਲਈ ਨੌਜਵਾਨ ਪੀੜ੍ਹੀ ਨੂੰ ਅੱਗੇ ਆਉਣਾ ਚਾਹੀਦਾ ਹੈ। ਅੰਤ ਵਿਚ ਪੰਜਾਬੀ ਵਿਭਾਗ ਤੋਂ ਮੈਡਮ ਹਰਜਿੰਦਰ ਕੌਰ ਨੇ ਮੁੱਖ ਮਹਿਮਾਨਾਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ। ਕਾਲਜ ਵੱਲੋਂ ਆਏ ਹੋਏ ਮੁੱਖ ਮਹਿਮਾਨਾਂ ਨੂੰ ਯਾਦਗਾਰ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ।