- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਦੇ ਰਾਜ ਵਿੱਚ ਇਨਵਰਟਰਾਂ ਦੀ ਹੋਣ ਲੱਗੀ ‘ਟੂੰ-ਟੂੰ’

ਪੰਜਾਬੀ ਜਾਗਰਣ ਪ੍ਰਤੀਨਿੱਧ
ਫਗਵਾੜਾ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਜਲੀ ਸਪਲਾਈ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਸੂਬੇ ਵਿੱਚ ਬਿਜਲੀ ਦੀ ਪੂਰੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਖੇਤਾਂ ਵਿੱਚ ਬਿਜਲੀ ਦੀ ਕਥਿਤ ਘਾਟ ਕਾਰਨ ਝੋਨੇ ਦੀ ਫਸਲ ਪ੍ਰਭਾਵਿਤ ਹੋ ਰਹੀ ਹੈ, ਉੱਥੇ ਘਰਾਂ ਵਿੱਚ ਵੀ ਬਿਜਲੀ ਸਪਲਾਈ ਨਿਰਵਿਘਨ ਨਾ ਹੋਣ ਕਾਰਨ ਇਨਵਰਟਰਾਂ ਨੇ ਵੀ ਜਵਾਬ ਦੇਣਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਭੂੰਗਰਨੀ, ਐੱਸਸੀ ਵਿੰਗ ਦੇ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ, ਦਿਹਾਤੀ ਇੰਚਾਰਜ ਵਪਾਰ ਵਿੰਗ ਜਸਵਿੰਦਰ ਸਿੰਘ ਘੁੰਮਣ ਤੇ ਯੂਥ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਰਣਜੀਤ ਸਿੰਘ ਜੀਤੀ ਖੇੜਾ ਨੇ ਕੀਤਾ।
ਅਕਾਲੀ ਆਗੂਆਂ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਮੁੱਖ ਮੰਤਰੀ ਵੱਲੋਂ ਮਹਿਲਾਵਾਂ ਦੇ ਖਾਤਿਆਂ ਵਿੱਚ ਪੈਸੇ ਪਾਉਣ ਦੇ ਵਾਅਦਿਆਂ ਦੀ ਚਰਚਾ ਤਾਂ ਬਹੁਤ ਕੀਤੀ ਜਾ ਰਹੀ ਹੈ, ਪਰ ਜੇਕਰ ਬਿਜਲੀ ਦੀ ਸਪਲਾਈ ਹੀ ਪੂਰੀ ਨਹੀਂ ਮਿਲੇਗੀ ਤਾਂ ਇਸ ਦਾ ਸਿੱਧਾ ਪ੍ਰਭਾਵ ਕਿਸਾਨਾਂ ਤੇ ਆਮ ਪਰਿਵਾਰਾਂ ’ਤੇ ਪਵੇਗਾ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ “ਮੁੱਖ ਮੰਤਰੀ ਸਾਹਿਬ ਨੇ ਪੈਸੇ ਪਾਉਣ ਦੀ ਟੂੰ-ਟੂੰ ਤਾਂ ਕਰਵਾ ਦਿੱਤੀ, ਪਰ ਉਸ ਟੂੰ-ਟੂੰ ਦੇ ਚੱਕਰ ਵਿੱਚ ਹੁਣ ਇਨਵਰਟਰ ਵੀ ਟੂੰ-ਟੂੰ ਕਰਨ ਲੱਗ ਪਏ ਹਨ।” ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ ਲਈ ਸਮੇਂ ਸਿਰ ਲੋੜੀਂਦੀ ਬਿਜਲੀ ਤੇ ਪਾਣੀ ਨਾ ਮਿਲਣ ਕਾਰਨ ਕਿਸਾਨ ਚਿੰਤਤ ਹਨ। ਦੂਜੇ ਪਾਸੇ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿੱਚ ਬਿਜਲੀ ਦੇ ਕੱਟਾਂ ਕਾਰਨ ਘਰੇਲੂ ਖਪਤਕਾਰ ਵੀ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦੀ ਅਨਿਯਮਿਤ ਸਪਲਾਈ ਕਾਰਨ ਇਨਵਰਟਰਾਂ ਦੀ ਬੈਟਰੀ ਵੀ ਪੂਰੀ ਤਰ੍ਹਾਂ ਚਾਰਜ ਨਹੀਂ ਹੋ ਰਹੀ, ਜਿਸ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੱਧ ਰਹੀਆਂ ਹਨ।
ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨਾਲ ਕੀਤਾ ਗਿਆ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਇਸ ਦੇ ਨਾਲ ਹੀ ਪਿੰਡਾਂ ਤੇ ਸ਼ਹਿਰਾਂ ਵਿੱਚ ਘਰੇਲੂ ਖਪਤਕਾਰਾਂ ਨੂੰ ਵੀ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਲੋਕਾਂ ਤੇ ਕਿਸਾਨਾਂ ਨੂੰ ਮੌਜੂਦਾ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ।