ਸਾਬਕਾ ਸੈਨਿਕਾਂ ਦੇ ਮਸਲੇ ਤੁਰੰਤ ਹੱਲ ਕੀਤੇ ਜਾਣਗੇ : ਡੀਸੀ ਸਾਬਕਾ ਸੈਨਿਕਾਂ ਤੇ ਸ਼ਹੀਦਾਂ ਦੇ ਪਰਿਵਾਰਾਂ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣਗੇ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ
Publish Date: Tue, 15 Sep 2026 07:12 PM (IST)
Updated Date: Tue, 15 Sep 2026 07:14 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਤੇ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦਾ ਜਾਇਜ਼ਾ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ਤੇ ਲਿਆ ਜਾਵੇਗਾ ਤੇ ਸਬੰਧਤ ਵਿਭਾਗਾਂ ਦੇ ਤਾਲਮੇਲ ਨਾਲ ਬਿਨਾਂ ਕਿਸੇ ਬੇਲੋੜੀ ਦੇਰੀ ਦੇ, ਸੰਵੇਦਨਸ਼ੀਲ ਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜ਼ਿਲ੍ਹਾ ਸੈਨਿਕ ਬੋਰਡ ਨਾਲ ਲਗਾਤਾਰ ਤਾਲਮੇਲ ਬਣਾਏ ਰੱਖਣ ਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਮੁੱਦਿਆਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਫਲੈਗ ਡੇ ਫੰਡ ਦੀ ਉਗਰਾਹੀ, ਸ਼ਿਕਾਇਤਾਂ ਦੇ ਨਿਪਟਾਰੇ, ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆ ਰਹੀਆਂ ਮੁਸ਼ਕਲਾਂ, ਭੁਲੱਥ ਵਿਖੇ ਈਸੀਐੱਚਐੱਸ ਪੋਲੀਕਲੀਨਿਕ ਨੂੰ ਦੁਬਾਰਾ ਖੋਲ੍ਹਣ ਤੇ ਵੈਟਰਨ ਸਹਾਇਤਾ ਕੇਂਦਰ ਦੀ ਮੁੜ ਸਥਾਪਨਾ ਸਮੇਤ ਹੋਰ ਮੁੱਦਿਆਂ ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਮਸਲਿਆਂ ਤੇ ਤਾਲਮੇਲ ਵਾਲੀ ਕਾਰਵਾਈ ਕਰਦਿਆਂ ਜਲਦ ਨਿਪਟਾਰਾ ਯਕੀਨੀ ਬਣਾਉਣ ਤੇ ਪ੍ਰਗਤੀ ਬਾਰੇ ਜ਼ਿਲ੍ਹਾ ਸੈਨਿਕ ਬੋਰਡ ਨੂੰ ਜਾਣੂ ਕਰਵਾਉਂਦੇ ਰਹਿਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਬਕਾ ਸੈਨਿਕਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੀ ਵੰਡੇ। ਸਕੱਤਰ, ਜ਼ਿਲ੍ਹਾ ਸੈਨਿਕ ਬੋਰਡ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਲੈਫਟੀਨੈਂਟ ਕਰਨਲ ਰੋਹਿਤ ਸ਼ਰਮਾ (ਰਿਟਾ.) ਨੇ ਦਫ਼ਤਰ ਦੇ ਕੰਮਕਾਜ ਤੇ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ। ਮੀਟਿੰਗ ਵਿੱਚ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰਾਂ ਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੇ ਸ਼ਿਰਕਤ ਕੀਤੀ।