ਅਧੂਰਾ ਡੀਏ ਦੇ ਕੇ ਦੀਵਾਲੀ ਦਾ ਤੋਹਫ਼ਾ ਕਹਿਣਾ ਅਤਿ ਨਿੰਦਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਹਾਈਕੋਰਟ ਦੇ ਫੈਸਲੇ ਤੋਂ ਉਲਟ ਅਧੂਰਾ ਡੀ ਏ ਦੇ ਕੇ, ਦੀਵਾਲੀ ਦਾ ਤੋਹਫ਼ਾ ਕਹਿਣਾ ਅਤਿ ਨਿੰਦਣਯੋਗ*
Publish Date: Mon, 09 Nov 2026 07:44 PM (IST)
Updated Date: Mon, 09 Nov 2026 07:44 PM (IST)
ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫ਼ਗਵਾੜਾ : ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੀ ਮਾਸਿਕ ਮੀਟਿੰਗ ਪ੍ਰਧਾਨ ਮੋਹਣ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੇ ਸ਼ੁਰੂ ਵਿੱਚ ਪੈਨਸ਼ਨਰ ਆਗੂ ਦਰਸ਼ਨ ਰਾਮ ਬਿਲਗਾ, ਜੀਟੀਯੂ ਪੰਜਾਬ ਦੇ ਸਾਬਕਾ ਸੂਬਾਈ ਆਗੂ ਜਰਮਨਜੀਤ ਸਿੰਘ ਬਾਠ, ਮੁਲਾਜ਼ਮ ਲਹਿਰ ਮੈਗਜ਼ੀਨ ਦੇ ਮੈਨੇਜਰ ਗਿਆਨੀ ਜਗਤਾਰ ਸਿੰਘ, ਪੁਰਾਣੀ ਪੈਨਸ਼ਨ ਬਹਾਲ ਕਮੇਟੀ ਕਪੂਰਥਲਾ ਦੇ ਕਨਵੀਨਰ ਪਰਮਿੰਦਰ ਪਾਲ ਸਿੰਘ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਦੀ ਸਮੁੱਚੀ ਕਾਰਵਾਈ ਨੂੰ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈੱਡਰੇਸ਼ਨ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਚਲਾਇਆ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਜਨਰਲ ਸਕੱਤਰ ਕੌੜਾ ਨੇ ਦੱਸਿਆ ਕਿ ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਹਾਈਕੋਰਟ ਦੇ ਡਬਲ ਬੈਂਚ ਵੱਲੋਂ 18 ਪ੍ਰਤੀਸ਼ਤ ਡੀਏ ਦੇਣ ਦੇ ਦਿੱਤੇ ਫੈਸਲੇ ਅਨੁਸਾਰ ਅਜੇ ਤੱਕ ਵੀ ਪੂਰਾ ਪੂਰਾ ਡੀਏ ਨਾ ਦੇ ਕੇ, ਸਿਰਫ਼ 3 ਪ੍ਰਤੀਸ਼ਤ ਡੀਏ ਦੇ ਕੇ, ਉਸਨੂੰ ਦੀਵਾਲੀ ਦਾ ਤੋਹਫ਼ਾ ਕਹਿਣਾ ਸਰਾਸਰ ਆਮ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਬਿਆਨ ਹੈ, ਜਿਸ ਦੀ ਐਸੋਸੀਏਸ਼ਨ ਵੱਲੋਂ ਜ਼ੋਰਦਾਰ ਨਿਖੇਧੀ ਕੀਤੀ ਜਾਂਦੀ ਹੈ। ਨਵੰਬਰ ਮਹੀਨੇ ਵਿੱਚ ਐਸੋਸੀਏਸ਼ਨ ਦੇ ਜਿਨ੍ਹਾਂ ਮੈਂਬਰਾਂ ਦਾ ਜਨਮ ਦਿਨ ਆਉਂਦਾ ਹੈ, ਉਨ੍ਹਾਂ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੰਦੇ ਹੋਏ ਤੰਦਰੁਸਤੀ ਤੇ ਖੁਸ਼ੀਆਂ ਭਰਪੂਰ ਲੰਬੀ ਉਮਰ ਦੀ ਕਾਮਨਾ ਕੀਤੀ ਗਈ। ਸਾਂਝੀ ਤਾਲਮੇਲ ਕਮੇਟੀ ਪੰਜਾਬ ਵੱਲੋਂ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਲਗਾਏ ਜਾ ਰਹੇ ਪੱਕੇ ਧਰਨੇ ਵਿੱਚ ਤੇ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਤੇ ਪੈਨਸ਼ਨਰਜ਼ ਫੈੱਡਰੇਸ਼ਨ ਵੱਲੋਂ ਸਾਂਝੇ ਤੌਰ ਤੇ 12 ਦਸੰਬਰ ਦੀ ਕੌਮੀ ਪੱਧਰ ਦੀ ਦਿੱਲੀ ਰੈਲੀ ਵਿੱਚ ਐਸੋਸੀਏਸ਼ਨ ਦੀ ਸਮਰੱਥਾ ਅਨੁਸਾਰ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਐਸੋਸੀਏਸ਼ਨ ਨੇ ਸਰਬ ਸੰਮਤੀ ਨਾਲ ਮਤਾ ਪਾਸ ਕਰਦੇ ਹੋਏ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਭਰਤੀ ਦੀਆਂ ਵਿਭਾਗੀ ਗਲਤੀਆਂ ਦੀ ਸਜ਼ਾ 253 ਅਧਿਆਪਕਾਂ ਨੂੰ ਰੁਜ਼ਗਾਰ ਵਿਹੂਣੇ ਕਰਕੇ ਤੇ ਟਰਮੀਨੇਟ ਕਰਕੇ ਘਰਾਂ ਨੂੰ ਤੋਰਨ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਪੰਜਾਬ ਸਰਕਾਰ ਤੋਂ ਜ਼ੋਰਦਾਰ ਢੰਗ ਨਾਲ ਮੰਗ ਕੀਤੀ ਕਿ ਸਕੂਲਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਖ਼ਾਲੀ ਪਈਆਂ ਪੋਸਟਾਂ ਉੱਤੇ 253 ਟਰਮੀਨੇਟ ਕੀਤੇ ਅਧਿਆਪਕਾਂ ਦੀ ਤੁਰੰਤ ਐਡਜਸਟਮੈਂਟ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ। ਪਿਛਲੇ ਸਮੇਂ ਦੌਰਾਨ ਹੋਏ ਸੰਘਰਸ਼ਾਂ ਦਾ ਰਿਵਿਊ ਕਰਦੇ ਹੋਏ ਸੰਘਰਸ਼ਾਂ ਵਿੱਚ ਐਸੋਸੀਏਸ਼ਨ ਵੱਲੋਂ ਕੀਤੀ ਗਈ ਸ਼ਮੂਲੀਅਤ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਐਸੋਸੀਏਸ਼ਨ ਦੇ ਵਿੱਤ ਸਕੱਤਰ ਗੁਰਨਾਮ ਸਿੰਘ ਸੈਣੀ ਵੱਲੋਂ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨਾਲ ਆਮਦਨ ਤੇ ਖਰਚੇ ਦੇ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ ਕੀਤੇ ਗਏ ਖਰਚਿਆਂ ਨੂੰ ਪਾਸ ਕਰਵਾਇਆ ਗਿਆ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਗਏ ਬਿਆਨ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਹੱਲ ਕਰਨ ਲਈ ਪੰਜਾਬ ਸਰਕਾਰ ਦੇ ਦਰਵਾਜ਼ੇ ਸਦਾ ਖੁੱਲ੍ਹੇ ਹਨ, ਉਹਨਾਂ ਦੇ ਆਗੂ ਜਦੋਂ ਮਰਜ਼ੀ ਆ ਕੇ ਗੱਲ ਬਾਤ ਕਰ ਸਕਦੇ ਹਨ, ਇਸ ਨੂੰ ਸਿਰਫ਼ ਤੇ ਸਿਰਫ਼ ਝੂਠ ਦਾ ਪੁਲੰਦਾ ਦੱਸਦੇ ਹੋਏ ਮੁੱਖ ਮੰਤਰੀ ਪੰਜਾਬ ਦੇ ਬਿਆਨ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਰਤੀ ਭਰ ਵੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ, ਸਗੋਂ ਵਾਰ ਵਾਰ ਆਨੇ ਬਹਾਨੇ ਮੀਟਿੰਗ ਕਰਨ ਤੋਂ ਲਗਾਤਾਰ ਪਾਸਾ ਵੱਟਿਆ ਜਾ ਰਿਹਾ ਹੈ।ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੁੱਖ ਮੰਤਰੀ ਪੰਜਾਬ ਨੇ ਅਜੇ ਵੀ ਸਮਾਂ ਰਹਿੰਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਈ ਤਾਂ ਇਸ ਦਾ ਨਤੀਜਾ ਵਿਧਾਨ ਸਭਾ ਚੋਣਾਂ 2027 ਵਿੱਚ ਜ਼ਰੂਰ ਭੁਗਤਣਾ ਪਵੇਗਾ। ਮੀਟਿੰਗ ਦੇ ਆਖ਼ਰ ਵਿੱਚ ਪ੍ਰਧਾਨ ਮੋਹਣ ਸਿੰਘ ਭੱਟੀ ਨੇ ਹਾਜ਼ਰ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਘਰਾਂ ਵਿੱਚ ਬੈਠੇ ਮੈਂਬਰਾਂ ਨੂੰ ਨਿਮਰਤਾ ਸਹਿਤ ਅਪੀਲ ਵੀ ਕੀਤੀ ਕਿ ਸਮੂਹ ਮੈਂਬਰ ਐਸੋਸੀਏਸ਼ਨ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਮਾਸਿਕ ਮੀਟਿੰਗ ਵਿੱਚ ਅਤੇ ਹੋਰ ਸੰਘਰਸ਼ਾਂ ਵਿੱਚ ਸ਼ਮੂਲੀਅਤ ਕਰਨ ਲਈ ਗੰਭੀਰਤਾ ਨਾਲ ਉਪਰਾਲਾ ਜ਼ਰੂਰ ਕਰਨ ਤਾਂ ਜੋ ਮੰਗਾਂ ਨੂੰ ਮੰਨਵਾਉਣ ਲਈ ਪੰਜਾਬ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ। ਉਹਨਾਂ ਨੇ ਸਮੂਹ ਜ਼ਿੰਮੇਵਾਰ ਮੈਂਬਰਾਂ ਨੂੰ ਅਪੀਲ ਵੀ ਕੀਤੀ ਕਿ ਜਿਹਨਾਂ ਮੈਂਬਰਾਂ ਨੇ ਅਜੇ ਤੱਕ ਆਪਣਾ ਸਾਲ 2026 ਦਾ ਸਲਾਨਾ ਸੰਘਰਸ਼ ਫੰਡ ਜਮਾਂ ਨਹੀਂ ਕਰਵਾਇਆ,ਉਹ ਸਲਾਨਾ ਸੰਘਰਸ਼ ਫੰਡ ਜਲਦੀ ਤੋਂ ਜਲਦੀ ਜਮਾਂ ਕਰਵਾਉਣ ਦੀ ਕਿਰਪਾਲਤਾ ਕਰਨ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਸਪਾਲ ਸਿੰਘ ਗਰੇਵਾਲ, ਕ੍ਰਿਸ਼ਨ ਗੋਪਾਲ ਚੋਪੜਾ,ਪ੍ਰਮੋਦ ਕੁਮਾਰ ਜੋਸ਼ੀ,ਗੁਰਨਾਮ ਸਿੰਘ ਸੈਣੀ,ਸਤਪਾਲ ਸਿੰਘ ਖੱਟਕੜ,ਰਤਨ ਸਿੰਘ ਗੁਰਾਇਆ,ਨਿਰਮੋਲਕ ਸਿੰਘ ਹੀਰਾ, ਸੁੱਚਾ ਰਾਮ ਬੰਗੜ, ਪਿਆਰਾ ਰਾਮ ਜੱਸੀ,ਕੇ ਕੇ ਪਾਂਡੇ, ਅਸ਼ਵਨੀ ਕੁਮਾਰ ਆਦਿ ਪੈਨਸ਼ਨਰ ਸਾਥੀ ਸ਼ਾਮਲ ਹੋਏ।