- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ ਭਗਤ ਸਿੰਘ ਜੀ ਦੀ ਸੋਚ ਨੂੰ ਅੱਗੇ ਵਧਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ-ਡਾ.ਵਸੀਮ ਖ਼ਾਨ

ਪੰਜਾਬੀ ਜਾਗਰਣ ਪ੍ਰਤੀਨਿੱਧ
ਫਗਵਾੜਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਸ਼ਨ-ਏ-ਇਨਕਲਾਬ ਸਮਾਗਮ 28 ਸਤੰਬਰ 2026 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਗਰਾਊਂਡ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪੱਧਰਾਂ ’ਤੇ ਵਿਸਤ੍ਰਿਤ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਵਸੀਮ ਅਹਿਮਦ ਖ਼ਾਨ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਪ੍ਰਸਿੱਧ ਪੰਜਾਬੀ ਕਲਾਕਾਰ ਰਣਜੀਤ ਬਾਵਾ, ਕੁਲਵਿੰਦਰ ਬਿੱਲਾ, ਪਰੀ ਭੰਦੇਰ ਤੇ ਬਸੰਤ ਕੌਰ ਆਪਣੀਆਂ ਪੇਸ਼ਕਾਰੀਆਂ ਰਾਹੀਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਮੌਕੇ ਲੋਕਾਂ ਨੂੰ ਬਸੰਤੀ ਰੰਗ ਦੇ ਕੱਪੜੇ ਤੇ ਬਸੰਤੀ ਪੱਗਾਂ ਸਜਾ ਕੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਗਈ ਹੈ। ਡਾ. ਵਸੀਮ ਖ਼ਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਤੇ ਦੇਸ਼ ਪ੍ਰਤੀ ਉਨ੍ਹਾਂ ਦੇ ਅਟੁੱਟ ਸਮਰਪਣ ਨੂੰ ਯਾਦ ਕਰਨ ਲਈ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੋਸ਼ ਲਾਉਂਦੀਆਂ ਸਨ ਕਿ ਪੰਜਾਬ ਦੀ ਜਵਾਨੀ ਭਟਕ ਚੁੱਕੀ ਹੈ, ਪਰ ਜਦੋਂ ਅਸੀਂ ਮੈਰਾਥਨ ਦੀ ਸ਼ੁਰੂਆਤ ਕੀਤੀ ਤਾਂ ਹਜ਼ਾਰਾਂ ਨੌਜਵਾਨਾਂ ਨੇ ਖ਼ੁਦ ਅੱਗੇ ਆ ਕੇ ਰਜਿਸਟ੍ਰੇਸ਼ਨ ਕਰਵਾਈ। ਬਠਿੰਡਾ ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨਾਂ ਨੇ ਹਿੱਸਾ ਲਿਆ ਸੀ। ਜੋ ਲੋਕ ਕਹਿੰਦੇ ਸਨ ਕਿ ਪੰਜਾਬ ਦੀ ਜਵਾਨੀ ਬਰਬਾਦ ਹੋ ਗਈ ਹੈ, ਉਹ ਦੇਖਣ ਕਿ ਅੱਜ ਵੀ ਪੰਜਾਬ ਦਾ ਨੌਜਵਾਨ ਸ਼ਹੀਦ ਭਗਤ ਸਿੰਘ ਦੇ ਦਰਸਾਏ ਮਾਰਗ ’ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਪੀਏਯੂ ਲੁਧਿਆਣਾ ਵਿਖੇ ਦੁਪਹਿਰ 3:00 ਵਜੇ ਮੁੱਖ ਸਮਾਗਮ ਸ਼ੁਰੂ ਹੋਵੇਗਾ। ਉਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਵਿਦਿਆਰਥੀ ਆਪਣੀ ਕਲਾ ਤੇ ਹੁਨਰ ਦਾ ਪ੍ਰਦਰਸ਼ਨ ਕਰਨਗੇ। ਸ਼ਾਮ ਨੂੰ ਪ੍ਰਸਿੱਧ ਗਾਇਕ ਰਣਜੀਤ ਬਾਵਾ ਜੀ ਦਾ ਸੱਭਿਆਚਾਰਕ ਪ੍ਰੋਗਰਾਮ ਹੋਵੇਗਾ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਮੰਚ ਤੋਂ ਪੰਜਾਬ ਦੇ ਨੌਜਵਾਨਾਂ ਦੇ ਨਾਂ ਵਿਸ਼ੇਸ਼ ਸੰਦੇਸ਼ ਦੇਣਗੇ। ਇਸ ਈਵੈਂਟ ਲਈ ਹੁਣ ਤੱਕ 1 ਲੱਖ 25 ਹਜ਼ਾਰ ਤੋਂ ਵੱਧ ਨੌਜਵਾਨ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ।