ਐੱਸਐੱਚਓ ਜੰਗ ਬਹਾਦਰ ਸਿੰਘ ਨੇ ਸੰਭਾਲਿਆ ਅਹੁਦਾ ਥਾਣਾ ਸਦਰ ਫਗਵਾੜਾ ਦੇ ਨਵੇਂ ਐਸਐਚਓ ਜੰਗ ਬਹਾਦਰ ਸਿੰਘ ਨੇ ਸੰਭਾਲਿਆ ਅਹੁਦਾ
Publish Date: Tue, 06 Oct 2026 08:45 PM (IST)
Updated Date: Tue, 06 Oct 2026 08:47 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਗਵਾੜਾ ਥਾਣਾ ਸਦਰ ਫਗਵਾੜਾ ਦੇ ਨਵੇਂ ਐਸਐਚਓ ਵਜੋਂ ਜੰਗ ਬਹਾਦਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਲਾਕੇ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਅਤੇ ਲੋਕਾਂ ਦੀ ਸੁਰੱਖਿਆ ਪੁਲਿਸ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐੱਸਐੱਚਓ ਜੰਗ ਬਹਾਦਰ ਸਿੰਘ ਨੇ ਖ਼ਾਸ ਤੌਰ ’ਤੇ ਬੁਲਟ ਮੋਟਰਸਾਈਕਲਾਂ ਦੇ ਪਟਾਕੇ ਵਜਾ ਕੇ ਆਮ ਲੋਕਾਂ ਲਈ ਪ੍ਰੇਸ਼ਾਨੀ ਪੈਦਾ ਕਰਨ ਵਾਲੇ ਨੌਜਵਾਨਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸੜਕਾਂ ’ਤੇ ਦਹਿਸ਼ਤ ਜਾਂ ਹੁੱਲੜਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਅਤੇ ਖ਼ਤਰਨਾਕ ਢੰਗ ਨਾਲ ਵਾਹਨ ਚਲਾਉਣ ਵਾਲਿਆਂ ’ਤੇ ਵੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਵੀ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਵੱਲੋਂ ਨਸ਼ਾ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਨਸ਼ਾ ਵੇਚਣ ਜਾਂ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਵੇਂ ਐੰਸਐੱਚਓ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ, ਨਸ਼ਾ ਤਸਕਰੀ ਜਾਂ ਸਮਾਜ ਵਿਰੋਧੀ ਗਤੀਵਿਧੀ ਸਬੰਧੀ ਪੁਲਿਸ ਨੂੰ ਤੁਰੰਤ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੇਵਾ ਅਤੇ ਸੁਰੱਖਿਆ ਲਈ ਹਮੇਸ਼ਾ ਤਤਪਰ ਹੈ ਅਤੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਆਉਣ ’ਤੇ ਥਾਣਾ ਸਦਰ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਲੋਕਾਂ ਦੇ ਸਹਿਯੋਗ ਨਾਲ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ ਅਤੇ ਸਮਾਜ ਵਿਰੋਧੀ ਤੱਤਾਂ ’ਤੇ ਨਕੇਲ ਕੱਸੀ ਜਾਵੇਗੀ।