ਜਸਜੀਤ ਸਿੰਘ ਨੇ ਐੱਸਡੀਐੱਮ ਕਪੂਰਥਲਾ ਵਜੋਂ ਅਹੁਦਾ ਸੰਭਾਲਿਆ ਜਸਜੀਤ ਸਿੰਘ, ਪੀ.ਸੀ.ਐਸ ਨੇ ਐਸ.ਡੀ.ਐਮ ਕਪੂਰਥਲਾ ਵਜੋਂ ਅਹੁਦਾ ਸੰਭਾਲਿਆ
Publish Date: Fri, 13 Nov 2026 07:46 PM (IST)
Updated Date: Fri, 13 Nov 2026 07:48 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੀਸੀਐੱਸ ਅਧਿਕਾਰੀ ਜਸਜੀਤ ਸਿੰਘ ਨੇ 11 ਨਵੰਬਰ ਨੂੰ ਉਪ ਮੰਡਲ ਮੈਜਿਸਟਰੇਟ (ਐੱਸਡੀਐੱਮ), ਕਪੂਰਥਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੌਕੇ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਜਸਜੀਤ ਸਿੰਘ ਐੱਸਡੀਐੱਮ ਸੁਲਤਾਨਪੁਰ ਲੋਧੀ ਤੇ ਵਿਧਾਨ ਸਭਾ ਹਲਕਾ 28-ਸੁਲਤਾਨਪੁਰ ਲੋਧੀ ਦੇ ਚੋਣ ਰਜਿਸਟ੍ਰੇਸ਼ਨ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉੱਥੇ ਉਨ੍ਹਾਂ ਨੇ ਪਰਾਲੀ ਸਾੜਨ ਦੀ ਰੋਕਥਾਮ ਲਈ 215 ਪਿੰਡਾਂ ਵਿੱਚ ਵਿਆਪਕ ਮੁਹਿੰਮ ਚਲਾਈ, ਜਿਸ ਤਹਿਤ ਹੈਪੀ ਸੀਡਰ ਪ੍ਰਦਰਸ਼ਨੀਆਂ ਤੋਂ ਇਲਾਵਾ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਬੱਚਿਆਂ ਲਈ ਮੁਫ਼ਤ ਕਰੀਅਰ ਕਾਊਂਸਲਿੰਗ ਦੀ ਨਿਵੇਕਲੀ ਪਹਿਲਕਦਮੀ ਕੀਤੀ ਗਈ। ਉਨ੍ਹਾਂ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤੇ ਨਸ਼ਾ ਪ੍ਰਭਾਵਿਤ ਪਿੰਡਾਂ ਦੇ ਮੁੜ-ਵਸੇਬੇ ਦੇ ਕੰਮਾਂ ਵਿੱਚ ਅਹਿਮ ਭੂਮਿਕਾ ਨਿਭਾਈ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਸਮੇਂ ਸਿਰ ਮੁਕੰਮਲ ਕਰਵਾਇਆ ਤੇ ਨਵੇਂ ਤਹਿਸੀਲ ਕੰਪਲੈਕਸ ਸਮੇਤ ਲੋਕ ਹਿੱਤ ਦੇ ਕਈ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ। ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਜਸਜੀਤ ਸਿੰਘ ਨੇ ਕਿਹਾ ਕਿ ਦਫ਼ਤਰ ਆਉਣ ਵਾਲੇ ਹਰ ਵਿਅਕਤੀ ਦਾ ਕੰਮ ਸਤਿਕਾਰ ਤੇ ਬਿਨਾਂ ਦੇਰੀ ਤੋਂ ਕੀਤਾ ਜਾਵੇਗਾ। ਲੋਕਾਂ ਨੂੰ ਨਾਗਰਿਕ ਸੇਵਾਵਾਂ ਸਮਾਂਬੱਧ ਢੰਗ ਨਾਲ ਮਿਲਣ, ਇਹ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੂਰੀ ਲਗਨ ਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਤੇ ਇਲਾਕਾ ਨਿਵਾਸੀਆਂ ਤੋਂ ਸਹਿਯੋਗ ਦੀ ਆਸ ਪ੍ਰਗਟਾਈ।