ਜੱਟ ਸਿੱਖ ਕੌਂਸਲ ਜਲੰਧਰ ਨੇ 13 ਵਿਦਿਆਰਥੀਆਂ ਨੂੰ ਦਿੱਤੀ ਸਕਾਲਰਸ਼ਿਪ
ਜੱਟ ਸਿੱਖ ਕੌਂਸਲ ਜਲੰਧਰ ਨੇ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ 13 ਵਿਦਿਆਰਥੀਆਂ ਨੂੰ ਦਿੱਤੀ ਸਕਾਲਰਸ਼ਿਪ
Publish Date: Mon, 16 Mar 2026 07:35 PM (IST)
Updated Date: Mon, 16 Mar 2026 07:37 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਵਿਖੇ ਜੱਟ ਸਿੱਖ ਕੌਂਸਲ, ਜਲੰਧਰ ਵੱਲੋਂ ਸਿੱਖਿਆ ਦੇ ਪਸਾਰ ਤੇ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਸ ਵਿਚ ਕੌਂਸਲ ਦੇ ਪ੍ਰਧਾਨ ਕੁਲਜੀਤ ਸਿੰਘ ਹੇਅਰ, ਸਕੱਤਰ ਸੁਖਬਹਾਰ ਸਿੰਘ ਵੜੈਚ, ਕੌਂਸਲ ਦੇ ਫਾਊਂਡਰ ਮੈਂਬਰ ਜਸਪਾਲ ਸਿੰਘ ਵੜੈਚ, ਤੇਜਿੰਦਰ ਸਿੰਘ ਸੋਹਲ, ਬਹਾਦਰ ਸਿੰਘ ਸਿੱਧੂ ਤੇ ਦਵਿੰਦਰਪਾਲ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਵੱਲੋਂ ਕੌਂਸਲ ਦੇ ਪ੍ਰਧਾਨ ਕੁਲਜੀਤ ਸਿੰਘ ਹੇਅਰ, ਜਸਪਾਲ ਸਿੰਘ ਵੜੈਚ, ਸਕੱਤਰ ਸੁਖਬਹਾਰ ਸਿੰਘ ਵੜੈਚ ਤੇ ਮੈਂਬਰ ਸਾਹਿਬਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਜੀ ਆਇਆਂ ਆਖਿਆ ਤੇ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਦੌਰਾਨ ਜੱਟ ਸਿੱਖ ਕੌਂਸਲ ਨੇ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ 13 ਵਿਦਿਆਰਥੀਆਂ ਨੂੰ 52,000 ਰੁਪਏ ਦੀ ਸਕਾਲਰਸ਼ਿਪ ਪ੍ਰਦਾਨ ਕੀਤੀ। ਇਹ ਸਕਾਲਰਸ਼ਿਪ ਉਨ੍ਹਾਂ ਵਿਦਿਆਰਥੀਆਂ ਨੂੰ ਦਿੱਤੀ ਗਈ ਜੋ ਪੜ੍ਹਾਈ ਵਿਚ ਵਿਸ਼ੇਸ਼ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹਨ। ਕੌਂਸਲ ਦੇ ਪ੍ਰਧਾਨ ਕੁਲਜੀਤ ਸਿੰਘ ਹੇਅਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਉਹ ਤਾਕਤ ਹੈ ਜੋ ਨੌਜਵਾਨਾਂ ਨੂੰ ਆਪਣਾ ਭਵਿੱਖ ਸੰਵਾਰਨ ਦੇ ਨਾਲ-ਨਾਲ ਸਮਾਜ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੀ ਹੈ। ਨੌਜਵਾਨ ਪੀੜ੍ਹੀ ਨੂੰ ਉੱਚ ਸਿੱਖਿਆ ਵੱਲ ਪ੍ਰੇਰਿਤ ਕਰਨਾ ਹਰ ਸਮਾਜਕ ਸੰਸਥਾ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਕਾਬਲ ਤੇ ਮਿਹਨਤੀ ਵਿਦਿਆਰਥੀ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਜਾਰੀ ਨਹੀਂ ਰੱਖ ਸਕਦੇ। ਅਜਿਹੇ ਵਿਦਿਆਰਥੀਆਂ ਦੀ ਮਦਦ ਕਰਨਾ ਸਾਡਾ ਸਮਾਜਕ ਫ਼ਰਜ਼ ਹੈ। ਸਕਾਲਰਸ਼ਿਪ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਜੱਟ ਸਿੱਖ ਕੌਂਸਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਹੌਸਲਾ ਅਫ਼ਜ਼ਾਈ ਨਾਲ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਣਾ ਮਿਲੀ ਹੈ। ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਕੌਂਸਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜਕ ਸੰਸਥਾਵਾਂ ਵੱਲੋਂ ਅਜਿਹੇ ਕਦਮ ਸਿੱਖਿਆ ਦੇ ਪ੍ਰਸਾਰ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਜਸਪਾਲ ਸਿੰਘ ਵੜੈਚ ਨੇ ਦੱਸਿਆ ਕਿ ਜੱਟ ਸਿੱਖ ਕੌਂਸਲ ਸਿੱਖਿਆ ਅਤੇ ਸਮਾਜ ਦੀ ਤਰੱਕੀ ਲਈ ਹਮੇਸ਼ਾ ਅੱਗੇ ਰਹੀ ਹੈ।