ਜੇਸੀਟੀ ਮੁਲਾਜ਼ਮਾਂ ਨੂੰ 15 ਦਿਨਾਂ ’ਚ ਮਿਲੇਗੀ ਈਪੀਐੱਫ ਦੀ ਬਕਾਇਆ ਰਕਮ : ਡਾ. ਚੱਬੇਵਾਲ ਜੇ.ਸੀ.ਟੀ. ਮੁਲਾਜ਼ਮਾਂ ਨੂੰ ਲੰਬੇ ਸਮੇਂ ਤੋਂ ਬਕਾਇਆ ਈ.ਪੀ.ਐੱਫ. ਦੀ ਰਕਮ ਪੰਦਰਾ ਦਿਨਾਂ ਦੇ ਅੰਦਰ ਮਿਲਣੀ ਸ਼ੁਰੂ ਹੋਵੇਗੀ: ਚੱਬੇਵਾਲ
Publish Date: Thu, 08 Oct 2026 06:55 PM (IST)
Updated Date: Thu, 08 Oct 2026 06:56 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਪਿਛਲੇ ਕਈ ਸਾਲਾਂ ਤੋਂ ਆਪਣੀ ਸੇਵਾਮੁਕਤੀ ਬਚਤ ਦੀ ਰਕਮ ਦੇ ਨਿਪਟਾਰੇ ਦੀ ਉਡੀਕ ਕਰ ਰਹੇ ਹਜ਼ਾਰਾਂ ਜੇਸੀਟੀ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਕਿ ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਬਕਾਇਆ ਕਰਮਚਾਰੀ ਭਵਿੱਖ ਨਿਧੀ (ਈਪੀਐੱਫ) ਦੀ ਰਕਮ ਪੰਦਰਵਾੜੇ ਦੇ ਅੰਦਰ-ਅੰਦਰ ਜਾਰੀ ਹੋਣੀ ਸ਼ੁਰੂ ਹੋ ਜਾਵੇਗੀ। ਫਗਵਾੜਾ ਵਿਖੇ ਜੇਸੀਟੀ ਮੁਲਾਜ਼ਮਾਂ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਜੇਸੀਟੀ ਕਾਮਿਆਂ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਉਹ ਖੁਦ ਇਸ ਮਾਮਲੇ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ ਤਾਂ ਜੋ ਉਨ੍ਹਾਂ ਦੇ ਜਾਇਜ਼ ਬਕਾਏ ਦਾ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਮਚਾਰੀ ਭਵਿੱਖ ਨਿਧੀ ਸੰਗਠਨ (ਈਪੀਐੱਫਓ), ਰੈਜ਼ੋਲੂਸ਼ਨ ਪ੍ਰੋਫੈਸ਼ਨਲ ਤੇ ਹੋਰ ਸਬੰਧਤ ਧਿਰਾਂ ਦੇ ਅਧਿਕਾਰੀਆਂ ਨੂੰ ਸ਼ਾਮਲ ਕਰਕੇ ਇੱਕ ਕਮੇਟੀ ਦਾ ਗਠਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਇਹ ਕਮੇਟੀ ਬਕਾਇਆ ਰਕਮ ਦੇ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਨੂੰ ਮੁਕੰਮਲ ਕਰਨ ਵਾਸਤੇ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਮੁਲਾਜ਼ਮਾਂ ਦੇ ਸੇਵਾ ਰਿਕਾਰਡ ਤੇ ਭਵਿੱਖ ਨਿਧੀ ਖਾਤਿਆਂ ਦਾ ਮਿਲਾਨ ਕਰਨ ਦੇ ਨਾਲ-ਨਾਲ ਰੁਜ਼ਗਾਰ ਰਿਕਾਰਡ ਦੀ ਤਸਦੀਕ, ਪੀਐੱਫ ਯੋਗਦਾਨਾਂ ਦੀ ਜਾਂਚ ਤੇ ਪਿਛਲੇ ਕਈ ਸਾਲਾਂ ਦੌਰਾਨ ਪੈਦਾ ਹੋਈਆਂ ਵੱਖ-ਵੱਖ ਤਰੁੱਟੀਆਂ ਨੂੰ ਦੂਰ ਕਰਨ ਦਾ ਕੰਮ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਰਣਦੀਪ ਸਿੰਘ ਹੀਰ ਨੇ ਦੱਸਿਆ ਕਿ ਜੇਸੀਟੀ ਟਰੱਸਟ ਵੱਲੋਂ ਮੁਲਾਜ਼ਮਾਂ ਦੇ ਭਵਿੱਖ ਨਿਧੀ ਦੇ ਬਕਾਏ ਦੇ ਨਿਪਟਾਰੇ ਲਈ ਕਰੀਬ 124 ਕਰੋੜ ਰੁਪਏ ਕਰਮਚਾਰੀ ਭਵਿੱਖ ਨਿਧੀ ਸੰਗਠਨ (ਈਪੀਐੱਫਓ) ਕੋਲ ਜਮ੍ਹਾਂ ਕਰਵਾਏ ਗਏ ਹਨ। ਇਸ ਵਿੱਚੋਂ ਕਰੀਬ 81 ਕਰੋੜ ਰੁਪਏ ਫਗਵਾੜਾ ਯੂਨਿਟ ਨਾਲ ਸਬੰਧਤ ਹਨ ਤੇ ਇਸ ਨਾਲ ਲਗਭਗ 24,000 ਮੁਲਾਜ਼ਮਾਂ ਨੂੰ ਲਾਭ ਮਿਲਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਹਰੇਕ ਮੁਲਾਜ਼ਮ ਨੂੰ ਅਦਾ ਕੀਤੀ ਜਾਣ ਵਾਲੀ ਰਕਮ ਦੀ ਤਸਦੀਕ ਸਮੇਤ ਮੁਲਾਜ਼ਮਵਾਰ ਕਾਰਵਾਈ ਮੁਕੰਮਲ ਕਰ ਲਈ ਗਈ ਹੈ। ਈਪੀਐੱਫਓ ਵੱਲੋਂ ਜਲਦ ਹੀ ਇਹ ਵੇਰਵੇ ਆਪਣੇ ਪੋਰਟਲ ’ਤੇ ਅਪਲੋਡ ਕਰ ਦਿੱਤੇ ਜਾਣਗੇ, ਜਿਸ ਤੋਂ ਬਾਅਦ ਯੋਗ ਮੁਲਾਜ਼ਮਾਂ ਦੀ ਬਕਾਇਆ ਰਕਮ ਉਨ੍ਹਾਂ ਦੇ ਸਬੰਧਤ ਪੀਐੱਫ ਖਾਤਿਆਂ ਵਿੱਚ ਜਮ੍ਹਾਂ ਹੋਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਤੇ ਸਬੰਧਤ ਅਧਿਕਾਰੀਆਂ ਕੋਲ ਅਰਜ਼ੀ ਦੇ ਕੇ ਆਪਣੀ ਯੋਗ ਪੀਐੱਫ ਰਕਮ ਕਢਵਾ ਸਕਣਗੇ।