ਜੇਕੇ ਪਬਲਿਕ ਸਕੂਲ ’ਚ ਮਨਾਇਆ ਗਿਆ ਗਣਤੰਤਰ ਦਿਵਸ
ਦੀਪਕ, ਪੰਜਾਬੀ ਜਾਗਰਣ ਕਪੂਰਥਲਾ :
Publish Date: Sat, 24 Jan 2026 08:56 PM (IST)
Updated Date: Sat, 24 Jan 2026 08:58 PM (IST)

ਕਪੂਰਥਲਾ : ਜੇਕੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਭਾਰਤ ਦਾ ਰਾਸ਼ਟਰੀ ਤਿਉਹਾਰ ਗਣਤੰਤਰ ਦਿਵਸ ਸਕੂਲ ਦੇ ਡਾਇਰੈਕਟਰ ਪ੍ਰਦੀਪ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਦੇ ਗੀਤ ਪੇਸ਼ ਕੀਤੇ ਗਏ ਤੇ ਕਵਿਤਾਵਾਂ ਦੇ ਮਾਧਿਅਮ ਨਾਲ ਦੇਸ਼ ਲਈ ਕੁਰਬਾਨ ਹੋਣ ਵਾਲੇ ਵੀਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਅਧਿਆਪਕਾਂ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਐੱਸਪੀ ਕਾਲੀਆ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੇ ਮਹੱਤਵ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਅੱਜ ਅਸੀਂ ਆਜ਼ਾਦ ਭਾਰਤ ਵਿਚ ਜੋ ਸਾਹ ਲੈ ਰਹੇ ਹਾਂ, ਉਸ ਦੇ ਪਿੱਛੇ ਅਨੇਕਾਂ ਮਹਾਨ ਪੁਰਖਾਂ ਦਾ ਤਿਆਗ ਅਤੇ ਬਲਿਦਾਨ ਹੈ। ਸਕੂਲ ਦੇ ਡਾਇਰੈਕਟਰ ਪ੍ਰਦੀਪ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤ ਦਾ ਵਿਸ਼ਾਲ ਸੰਵਿਧਾਨ ਸਾਡੇ ਦੇਸ਼ ਦੇ ਮਹਾਨ ਪੁਰਖ ਡਾ. ਭੀਮ ਰਾਓ ਅੰਬੇਡਕਰ ਜੀ ਦੀ ਦੇਣ ਹੈ। ਭਾਰਤੀ ਸੰਵਿਧਾਨ ਦੇਸ਼ ਦੇ ਸਭ ਨਾਗਰਿਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਮਾਨ ਅਧਿਕਾਰ ਤੇ ਆਜ਼ਾਦੀ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੇਸ਼-ਪ੍ਰੇਮ ਦੀ ਮਹੱਤਤਾ ਸਮਝਾਈ ਤੇ ਸਦਾਚਾਰ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ, ਕਿਉਂਕਿ ਦੇਸ਼ ਦਾ ਭਵਿੱਖ ਬੱਚਿਆਂ ਦੇ ਹੱਥਾਂ ਵਿਚ ਹੈ। ਅੰਤ ਵਿਚ ਪ੍ਰਦੀਪ ਕੁਮਾਰ ਸ਼ਰਮਾ ਨੇ ਸਭ ਨੂੰ ਗਣਤੰਤਰ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਨਿਰਦੇਸ਼ਿਕਾ ਸ਼੍ਰੀਮਤੀ ਰੀਤੂ ਸ਼ਰਮਾ, ਮਿਸ ਭਾਨਵੀ ਸ਼ਰਮਾ, ਸ਼੍ਰੀਮਤੀ ਵੀਣਾ ਮੇਹਤਾ ਤੇ ਸਮੂਹ ਸਟਾਫ ਹਾਜ਼ਰ ਸੀ।