- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਹੌਟਸਪੌਟ ਪਿੰਡਾਂ ਵਿੱਚ ਕਰਵਾਇਆ ਕਬੱਡੀ ਮੁਕਾਬਲਾ

ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਹੌਟਸਪੌਟ ਵਜੋਂ ਪਛਾਣੇ ਗਏ ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਫਗਵਾੜਾ ਸਬ-ਡਵੀਜ਼ਨ ਅਧੀਨ ਪੈਂਦੇ ਨਸ਼ਿਆਂ ਦੇ ਹੌਟਸਪੌਟ ਪਿੰਡ ਢੱਕ ਪੰਡੋਰੀ ਵਿਖੇ ਸਰਕਾਰੀ ਹਾਈ ਸਕੂਲ ਤੇ ਪਿੰਡ ਢੱਕ ਪੰਡੋਰੀ ਦੀਆਂ ਲੜਕਿਆਂ ਦੀਆਂ ਟੀਮਾਂ ਦਰਮਿਆਨ ਸਰਕਲ ਸਟਾਈਲ ਕਬੱਡੀ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਕੋਚ ਲਖਵਿੰਦਰ ਸਿੰਘ ਤੇ ਨਿਰਮਲ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਕਬੱਡੀ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਿੰਡ ਢੱਕ ਪੰਡੋਰੀ ਦੀ ਟੀਮ ਨੂੰ 30-20 ਅੰਕਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ। ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖਾਸ ਕਰਕੇ ਨਸ਼ਿਆਂ ਦੇ ਹੌਟਸਪੌਟ ਵਜੋਂ ਪਛਾਣੇ ਗਏ ਪਿੰਡਾਂ ਵਿੱਚ ਖੇਡ ਗਤੀਵਿਧੀਆਂ ਕਰਵਾਉਣਾ ਇੱਕ ਅਹਿਮ ਉਪਰਾਲਾ ਹੈ। ਇਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨਾ, ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਤੇ ਉਨ੍ਹਾਂ ਦੀ ਊਰਜਾ ਨੂੰ ਨਸ਼ਿਆਂ ਦੀ ਬਜਾਏ ਖੇਡਾਂ ਵੱਲ ਲਗਾਉਣਾ ਹੈ।