ਸ਼ਿਵ ਸੈਨਾ ਵਿਦਿਆਰਥੀਆਂ ਦੇ ਨਾਲ ਖੜ੍ਹੀ : ਕਮਲ ਐੱਲ.ਪੀ.ਯੂ. ’ਚ ਵਿਿਦਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਕਮਲ ਸਰੋਜ ਨੇ ਚੁੱਕੇ ਸਵਾਲ
Publish Date: Sun, 27 Sep 2026 06:37 PM (IST)
Updated Date: Sun, 27 Sep 2026 06:39 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਫਗਵਾੜਾ-ਜਲੰਧਰ ਹਾਈ-ਵੇ ‘ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲਪੀਯੂ) ’ਚ ਬੀਤੀ ਰਾਤ ਵਿਦਿਆਰਥੀਆਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਨੂੰ ਲੈ ਕੇ ਸ਼ਿਵ ਸੈਨਾ ਯੂਬੀਟੀ ਦੇ ਸੂਬਾ ਪ੍ਰੈੱਸ ਸਕੱਤਰ ਕਮਲ ਸਰੋਜ ਨੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਕਮਲ ਸਰੋਜ ਨੇ ਕਿਹਾ ਕਿ ਯੂਨੀਵਰਸਿਟੀ ਨਾਲ ਜੁੜੀਆਂ ਪਿਛਲੀਆਂ ਘਟਨਾਵਾਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਦੇ ਅਚਾਨਕ ਲਾਪਤਾ ਹੋਣ ਜਾਂ ਮੌਤਾਂ ਸਬੰਧੀ ਸਵਾਲ ਉੱਠਦੇ ਰਹੇ ਹਨ, ਉਨ੍ਹਾਂ ਸਾਰੇ ਮਾਮਲਿਆਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਮਾਮਲਿਆਂ ਵਿੱਚ ਪਰਿਵਾਰਾਂ ’ਤੇ ਕਥਿਤ ਤੌਰ ’ਤੇ ਦਬਾਅ ਪਾ ਕੇ ਲਾਸ਼ਾਂ ਨੂੰ ਬਿਨਾਂ ਲੋੜੀਂਦੀ ਕਾਨੂੰਨੀ ਕਾਰਵਾਈ ਦੇ ਹਵਾਲੇ ਕਰਨ ਦੇ ਦੋਸ਼ ਵੀ ਸਾਹਮਣੇ ਆਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਾਮਲੇ ਵਿੱਚ ਅਜਿਹਾ ਹੋਇਆ ਹੈ ਤਾਂ ਉਸ ਦੀ ਵੀ ਕਾਨੂੰਨੀ ਤੌਰ ’ਤੇ ਜਾਂਚ ਕਰਕੇ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ। ਕਮਲ ਸਰੋਜ ਨੇ ਕਿਹਾ ਕਿ ਯੂਨੀਵਰਸਿਟੀਆਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਆਪਣੇ ਪਰਿਵਾਰਾਂ ਤੋਂ ਦੂਰ ਰਹਿੰਦੇ ਹਨ ਤੇ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਘਟਨਾ ਵਿੱਚ ਯੂਨੀਵਰਸਿਟੀ ਪ੍ਰਬੰਧਨ ਜਾਂ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਜਾਂ ਲਾਪਰਵਾਹੀ ਜਾਂਚ ਦੌਰਾਨ ਸਾਹਮਣੇ ਆਉਂਦੀ ਹੈ ਤਾਂ ਉਸ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਕਮਲ ਸਰੋਜ ਨੇ ਇੱਥੋਂ ਤੱਕ ਕਿਹਾ ਕਿ ਜੇਕਰ ਕਿਸੇ ਗੰਭੀਰ ਮਾਮਲੇ ਵਿੱਚ ਯੂਨੀਵਰਸਿਟੀ ਦੀ ਸਿੱਧੀ ਸ਼ਮੂਲੀਅਤ ਸਾਬਤ ਹੁੰਦੀ ਹੈ ਤਾਂ ਪ੍ਰਸ਼ਾਸਨ ਨੂੰ ਯੂਨੀਵਰਸਿਟੀ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕਰਨ ਤੋਂ ਗੁਰੇਜ਼ ਨਾ ਕਰੇ। ਕਮਲ ਸਰੋਜ ਨੇ ਕਿਹਾ ਕਿ ਸ਼ਿਵ ਸੈਨਾ ਯੂਬੀਟੀ ਵੱਲੋਂ ਪਹਿਲਾਂ ਵੀ ਵਿਦਿਆਰਥੀਆਂ ਦੀ ਸੁਰੱਖਿਆ ਤੇ ਯੂਨੀਵਰਸਿਟੀ ਦੇ ਆਲੇ-ਦੁਆਲੇ ਦੀਆਂ ਕਥਿਤ ਗੈਰ-ਕਾਨੂੰਨੀ ਗਤੀਵਿਧੀਆਂ ਦਾ ਮੁੱਦਾ ਉਠਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਹਿਲਾਂ ਵੀ ਸ਼ਿਕਾਇਤਾਂ ਤੇ ਮੰਗਾਂ ਕੀਤੀਆਂ ਗਈਆਂ ਹਨ ਤਾਂ ਇਹ ਵੀ ਜਾਂਚ ਦਾ ਵਿਸ਼ਾ ਬਣਨਾ ਚਾਹੀਦਾ ਹੈ ਕਿ ਉਨ੍ਹਾਂ ’ਤੇ ਕੀ ਕਾਰਵਾਈ ਹੋਈ। ਉਨ੍ਹਾਂ ਨੇ ਤਾਜ਼ਾ ਮਾਮਲੇ ਵਿੱਚ ਵਿਦਿਆਰਥੀਆਂ ਵੱਲੋਂ ਬੀਤੀ ਰਾਤ ਕੀਤੇ ਪ੍ਰਦਰਸ਼ਨ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਸਰਕਾਰ ਨੂੰ ਵਿਦਿਆਰਥੀਆਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਨਾ ਚਾਹੀਦਾ ਹੈ। ਕਮਲ ਸਰੋਜ ਨੇ ਮੰਗ ਕੀਤੀ ਕਿ ਪਿਛਲੇ ਸਮੇਂ ਵਿੱਚ ਯੂਨੀਵਰਸਿਟੀ ਨਾਲ ਜੁੜੀਆਂ ਅਜਿਹੀਆਂ ਸਾਰੀਆਂ ਘਟਨਾਵਾਂ ਦੀ ਰਿਕਾਰਡ ਦੇ ਆਧਾਰ ’ਤੇ ਜਾਂਚ ਕੀਤੀ ਜਾਵੇ, ਤਾਜ਼ਾ ਮਾਮਲੇ ਦੀ ਵੀ ਡੂੰਘਾਈ ਨਾਲ ਜਾਂਚ ਹੋਵੇ ਤੇ ਜੇਕਰ ਕਿਸੇ ਵਿਅਕਤੀ ਜਾਂ ਸੰਸਥਾ ਦੀ ਗਲਤੀ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਯੂਬੀਟੀ ਪੀੜਤ ਪਰਿਵਾਰਾਂ ਤੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ ਤੇ ਇਨਸਾਫ਼ ਲਈ ਲੋੜ ਪੈਣ ’ਤੇ ਵਿਦਿਆਰਥੀਆਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਇਆ ਜਾਵੇਗਾ।