- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਆਪਕਾਂ ਦੀਆਂ ਗੈਰ ਵਿੱਦਿਅਕ ਡਿਊਟੀ ਲਗਾਕੇ ਪਰੇਸ਼ਾਨ ਕਨਨ ਦੋਸ਼

ਵਿਜੇ ਸੋਨੀ ਪੰਜਾਬੀ ਜਾਗਰਣ
ਫਗਵਾੜਾ : ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਹਾਇਕ ਪ੍ਰੈੱਸ ਸਕੱਤਰ ਗਣੇਸ਼ ਭਗਤ, ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਆਗੂ ਦਲਜੀਤ ਸਿੰਘ ਸੈਣੀ, ਬਲਾਕ ਫਗਵਾੜਾ ਦੇ ਸੀਨੀਅਰ ਆਗੂ ਪਰਮਜੀਤ ਚੌਹਾਨ ਨੇ ਬਿਆਨ ਜਾਰੀ ਕਰਦਿਆਂ ਡਰੱਗ ਤੇ ਸਮਾਜਿਕ ਆਰਥਿਕ ਸੈਂਸਸ ਦੇ ਨਾਂ ’ਤੇ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਤੋਂ ਜਬਰੀ ਡਿਊਟੀ ਲੈਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਹੁਕਮਰਾਨ ਧਿਰ ਆਪਣੇ ਸਿਆਸੀ ਮੁਫਾਦਾਂ ਨੂੰ ਪੂਰਾ ਕਰਨ ਲਈ ਸਰਕਾਰੀ ਮਸ਼ੀਨਰੀ ਦਾ ਦੁਰਉਪਯੋਗ ਕਰ ਰਹੀ ਹੈ। ਇਕ ਪਾਸੇ ਸਰਕਾਰ ਵੱਲੋਂ ਅਖਬਾਰਾਂ ਰਾਹੀਂ ਤੇ ਸਰਵੇ ਲਈ ਸਵੈ-ਇੱਛੁਕ ਮੁਲਾਜ਼ਮਾਂ ਦੀਆਂ ਡਿਊਟੀਆਂ ਲਾਉਣ ਸਬੰਧੀ ਇਸ਼ਤਿਹਾਰ ਦਿੱਤੇ ਗਏ ਸਨ। ਦੂਜੇ ਪਾਸੇ ਅਧਿਕਾਰੀਆਂ ਵੱਲੋਂ ਅਧਿਆਪਕਾਂ ਦੀਆਂ ਜਬਰੀ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਈ ਤਕਨੀਕ ਦੀ ਵਰਤੋਂ ਕਰਦਿਆਂ ਆਮ ਲੋਕਾਂ ਤੋਂ ਅਜਿਹੇ ਸਵਾਲ ਕੀਤੇ ਜਾ ਰਹੇ ਹਨ, ਜਿਸ ਨਾਲ ਸਰਕਾਰ ਦੀਆਂ ਸਕੀਮਾਂ ਸਬੰਧੀ ਹੀ ਲੋਕਾਂ ਦੀ ਰਾਏ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਨੇ ਜਨਤਕ ਤੌਰ ’ਤੇ ਐਲਾਨ ਕੀਤਾ ਸੀ। ਕਿਸੇ ਵੀ ਅਧਿਆਪਕ ਤੋਂ ਗੈਰ ਵਿੱਦਿਅਕ ਡਿਊਟੀ ਨਹੀਂ ਕਰਵਾਈ ਜਾਏਗੀ। ਇਹੀ ਸਰਕਾਰ ਹੁਣ ਲਗਾਤਾਰ ਅਧਿਆਪਕਾਂ ਤੋਂ ਵੱਧ ਕੰਮ ਕਰਵਾ ਰਹੀ ਹੈ। ਇਥੋਂ ਤੱਕ ਕਿ ਮਰਦਮ ਸ਼ੁਮਾਰੀ, ਬੀਐੱਲਓ ਡਿਊਟੀਆਂ, ਇਲੈਕਸ਼ਨ ਡਿਊਟੀਆਂ ਤੋਂ ਇਲਾਵਾ ਡਰੱਗ ਸੈਂਸਸ ਤੇ ਹੈਲਥ ਕਾਰਡ ਬਣਾਉਣ ਲਈ ਵੀ ਵੱਡੇ ਪੱਧਰ ਉੱਪਰ ਅਧਿਆਪਕਾਂ ਦੀਆਂ ਡਿਊਟੀਆਂ ਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਡਿਊਟੀਆਂ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ। ਜੇਕਰ ਇਸ ਵਿੱਦਿਅਕ ਸੈਸ਼ਨ ਦੀ ਗੱਲ ਕਰੀਏ ਤਾਂ ਪੰਜਾਬ ਭਰ ਵਿਚ ਸਿੱਖਿਆ ਦਾ ਮਿਆਰ ਡਿੱਗਿਆ ਹੈ ਤੇ ਇਸਦਾ ਸਿੱਧਾ ਕਾਰਨ ਇਹ ਹੈ ਅਧਿਆਪਕ ਸਕੂਲਾਂ ਵਿਚ ਬੱਚਿਆਂ ਨੂੰ ਪੜਾ ਨਹੀਂ ਪਾ ਰਹੇ ਹਨ ਤੇ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚੋਂ ਕੱਢਵਾ ਕੇ ਫਿਰ ਦੁਬਾਰਾ ਪ੍ਰਾਈਵੇਟ ਸਕੂਲਾਂ ਵੱਲ ਰੁਖ਼ ਕਰ ਰਹੇ ਹਨ। ਇਸ ਸਾਲ ਦੇ ਸੈਸ਼ਨ ਦੌਰਾਨ ਦਾਖਲੇ ਸਬੰਧੀ ਬੱਚਿਆਂ ਦੀ ਗਿਣਤੀ ਬਹੁਤ ਘੱਟ ਹੈ। ਇਸ ਲਈ ਪੰਜਾਬ ਸਰਕਾਰ ਤੇ ਉਸ ਦੀ ਸਿੱਖਿਆ ਕ੍ਰਾਂਤੀ ਨੀਤੀ ਜ਼ਿੰਮੇਵਾਰ ਹੈ ਕਿਉਂਕਿ ਉਨ੍ਹਾਂ ਨੇ ਅਧਿਆਪਕਾਂ ਨੂੰ ਗੈਰਜ਼ਰੂਰੀ ਕੰਮਾਂ ਵਿਚ ਲਗਾਇਆ ਹੈ। ਦੂਸਰੇ ਪਾਸੇ ਪ੍ਰਸ਼ਾਸਨ ਅਧਿਕਾਰੀਆਂ ਨੂੰ ਜਬਰੀ ਅਧਿਆਪਕਾਂ ਦੀਆਂ ਡਿਊਟੀਆਂ ਲਾਉਣ ਲਈ ਕਿਹਾ ਰਿਹਾ ਹੈ। ਪੰਜਾਬ ਵਿਚ ਹੋਰ ਵੀ ਵਿਭਾਗਾਂ ਦੇ ਮੁਲਾਜ਼ਮ ਹਨ, ਜਿਨ੍ਹਾਂ ਤੋਂ ਇਹ ਕੰਮਾਂ ਲਿਆ ਜਾ ਸਕਦਾ ਹੈ ਪਰ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਦੀ ਕਰਨੀ ਤੇ ਕਥਣੀ ਵਿੱਚ ਬਹੁਤ ਅੰਤਰ ਹੈ। ਇਸ ਤੋਂ ਸਪਸ਼ਟ ਹੁੰਦਾ ਹੈ ਭਗਵੰਤ ਮਾਨ ਸਰਕਾਰ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਧਿਆਪਕਾਂ ਪ੍ਰਤੀ ਨੀਅਤ ਠੀਕ ਨਹੀਂ ਹੈ। ਇਸ ਸਬੰਧ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਨਾਂ ਮੰਗ ਪੱਤਰ ਵੀ ਭੇਜਿਆ ਗਿਆ ਹੈ ਕਿ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਤੋਂ ਨਿਜਾਤ ਦਿਵਾਈ ਜਾਵੇ। ਉਨ੍ਹਾਂ ਦਾ ਕੰਮ ਸਿਰਫ ਬੱਚਿਆਂ ਨੂੰ ਪੜ੍ਹਾਉਣਾ ਹੈ। ਜੇਕਰ ਭਗਵੰਤ ਮਾਨ ਸਰਕਾਰ ਕੋਈ ਠੋਸ ਕਦਮ ਨਹੀਂ ਚੁੱਕਦੀ ਤਾਂ ਪੰਜਾਬ ਭਰ ਵਿਚ ਇਸ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ ਤੇ ਅਧਿਆਪਕ ਸੰਘਰਸ਼ ਕਰਨ ਲਈ ਸੜਕਾਂ ’ਤੇ ਉਤਰ ਆਉਣਗੇ।