ਵਿਰਾਸਤੀ ਮੇਲੇ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲੋਕ : ਡੀਸੀ
ਕਪੂਰਥਲਾ ਵਿਰਾਸਤੀ ਮੇਲਾ–2026, ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਦਾ ਸੱਦਾ
Publish Date: Mon, 16 Mar 2026 06:56 PM (IST)
Updated Date: Mon, 16 Mar 2026 06:58 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਵੱਲੋਂ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਕਪੂਰਥਲਾ ਵਿਰਾਸਤੀ ਮੇਲਾ 20, 21 ਤੇ 22 ਮਾਰਚ 2026 ਨੂੰ ਗੁਰੂ ਨਾਨਕ ਸਟੇਡੀਅਮ, ਕਪੂਰਥਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਇਸ ਵਿਰਾਸਤੀ ਮੇਲੇ ਵਿਚ ਸ਼ਮੂਲੀਅਤ ਕਰਕੇ ਪੰਜਾਬ ਦੀ ਵਿਰਾਸਤ ਤੇ ਸੱਭਿਆਚਾਰ ਦਾ ਆਨੰਦ ਮਾਣਨ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਹਰ ਰੋਜ਼ ਸਵੇਰੇ 11 ਵਜੇ ਤੋਂ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ ਹੋਣਗੀਆਂ, ਜਦਕਿ ਸ਼ਾਮ ਨੂੰ ਮਸ਼ਹੂਰ ਕਲਾਕਾਰਾਂ ਵੱਲੋਂ ਸਟਾਰ ਨਾਈਟ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਇਸ ਮੌਕੇ 20 ਮਾਰਚ ਨੂੰ ਗੁਰਨਾਮ ਭੁੱਲਰ, 21 ਮਾਰਚ ਨੂੰ ਸਿਕੰਦਰ ਸਲੀਮ ਤੇ 22 ਮਾਰਚ ਨੂੰ ਕਨਵਰ ਗਰੇਵਾਲ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਦੌਰਾਨ ਲੋਕਾਂ ਦੇ ਮਨੋਰੰਜਨ ਤੇ ਰੁਚੀ ਲਈ ਫੂਡ ਕੋਰਟ, ਕਰਾਫਟ ਬਜ਼ਾਰ, ਕਿਡਜ਼ ਜ਼ੋਨ ਤੇ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ ਵੀ ਖਾਸ ਆਕਰਸ਼ਣ ਹੋਣਗੀਆਂ। ਇਸ ਤੋਂ ਇਲਾਵਾ ਪੰਜਾਬ ਦੀ ਪਰੰਪਰਾਗਤ ਕਲਾ ਤੇ ਹਸਤਸ਼ਿਲਪ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੇਲੇ ਦਾ ਮੁੱਖ ਮਕਸਦ ਪੰਜਾਬ ਦੀ ਵਿਰਾਸਤ, ਸਭਿਆਚਾਰ ਤੇ ਲੋਕ ਕਲਾਵਾਂ ਨੂੰ ਉਭਾਰਨਾ ਤੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਮੇਲੇ ਵਿਚ ਪਹੁੰਚ ਕੇ ਇਸ ਨੂੰ ਕਾਮਯਾਬ ਬਣਾਉਣ।