ਜਾਸ, ਕਪੂਰਥਲਾ : ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਕਪੂਰਥਲਾ ਪੁਲਿਸ ਨੇ ਸੋਮਵਾਰ ਦੁਪਹਿਰ 'ਵਾਰਿਸ ਪੰਜਾਬ ਦੇ' ਦੇ ਮੁਖੀ ਅਤੇ ਖ਼ਾਲਸਾ ਵੀਰ ਦੇ ਸੰਸਥਾਪਕ ਅੰਮ੍ਰਿਤਪਾਲ ਸਿੰਘ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਪਿੰਡ ਓਜਲਾ ਯੋਗੀ ਦਾ ਰਹਿਣ ਵਾਲਾ 22 ਸਾਲਾ ਅਜੈਪਾਲ ਸਿੰਘ ਕੁਝ ਸਮਾਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਸੰਪਰਕ ਵਿੱਚ ਆਇਆ ਸੀ, ਜਿਸ ਦੇ ਮੱਦੇਨਜ਼ਰ ਪੁਲਿਸ ਨੇ ਅਹਿਤਿਆਤ ਵਜੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਪਰ ਇਸ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।
ਸੋਸ਼ਲ ਪਲੇਟਫਾਰਮ ਰਾਹੀਂ ਜੁੜਿਆ ਹੋਇਆ ਸੀ ਅਜੈਪਾਲ
ਇਸ ਸਬੰਧੀ ਡੀਐਸਪੀ ਮਨਿੰਦਰ ਸਿੰਘ ਦਾ ਕਹਿਣਾ ਹੈ ਕਿ ਇਹ ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਪਲੇਟਫਾਰਮ ਨਾਲ ਜੁੜਿਆ ਹੋਇਆ ਸੀ। ਅਜੈਪਾਲ ਸਿੰਘ ਅੰਮ੍ਰਿਤਪਾਲ ਸਿੰਘ ਦੇ ਵਟਸਐਪ ਅਤੇ ਫੇਸਬੁੱਕ ਆਦਿ ਸਾਰੇ ਗਰੁੱਪਾਂ ਦਾ ਮੈਂਬਰ ਸੀ। ਇਸ ਆਧਾਰ 'ਤੇ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਡੀਐਸਪੀ ਦਾ ਕਹਿਣਾ ਹੈ ਕਿ ਸ਼ਾਮ ਤੱਕ ਉਡੀਕ ਕਰੋ, ਸਾਰੀ ਸਥਿਤੀ ਬਾਰੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਜਾਵੇਗੀ।
ਅੰਮ੍ਰਿਤਪਾਲ ਨੂੰ ਫੜਨ ਲਈ ਪੁਲਿਸ ਦੀ ਮੈਗਾ ਮੁਹਿੰਮ
ਪੰਜਾਬ ਵਿੱਚ ਖ਼ਾਲਿਸਤਾਨੀ ਲਹਿਰ ਨੂੰ ਹਵਾ ਦੇ ਰਹੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੰਜਾਬ ਪੁਲਿਸ ਨੇ ਇੱਕ ਵੱਡਾ ਅਭਿਆਨ ਸ਼ੁਰੂ ਕੀਤਾ ਹੈ। ਇਸ ਦੌਰਾਨ ਪੰਜਾਬ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਇੰਟਰਨੈੱਟ ਅਤੇ SMS ਸੇਵਾਵਾਂ ’ਤੇ ਲੱਗੀ ਪਾਬੰਦੀ ਨੂੰ ਮੰਗਲਵਾਰ ਦੁਪਹਿਰ ਤਕ ਵਧਾ ਦਿੱਤਾ ਹੈ।
Posted By: Jagjit Singh