ਕਪੂਰਥਲਾ ਪੁਲਿਸ ਵੱਲੋਂ ਆਜ਼ਾਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਪੂਰਥਲਾ ਪੁਲਿਸ ਵੱਲੋਂ ਆਜ਼ਾਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
Publish Date: Fri, 14 Aug 2026 09:05 PM (IST)
Updated Date: Fri, 14 Aug 2026 09:05 PM (IST)
ਐੱਸਐੱਸਪੀ ਗੌਰਵ ਤੂਰਾ ਨੇ ਫਲੈਗ ਮਾਰਚ ਦੀ ਕੀਤੀ ਅਗਵਾਈ ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੇ ਮੱਦੇਨਜ਼ਰ, ਕਪੂਰਥਲਾ ਪੁਲਿਸ ਨੇ ਸਾਰੇ ਪ੍ਰੋਗਰਾਮਾਂ ਨੂੰ ਅਮਨ-ਅਮਾਨ ਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਭਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ। ਸੁਰੱਖਿਆ ਤਿਆਰੀਆਂ ਵਜੋਂ ਸਾਰੀਆਂ ਸਬ-ਡਿਵੀਜ਼ਨਾਂ ਵਿੱਚ ਫਲੈਗ ਮਾਰਚ ਕੱਢੇ ਗਏ, ਕਪੂਰਥਲਾ ਵਿਖੇ ਐੱਸਐੱਸਪੀ ਗੌਰਵ ਤੂਰਾ ਨੇ ਫਲੈਗ ਮਾਰਚ ਦੀ ਅਗਵਾਈ ਕੀਤੀ ਤੇ ਜ਼ਮੀਨੀ ਪੱਧਰ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਐੱਸਐੱਸਪੀ ਨੇ ਦੱਸਿਆ ਕਿ ਕੌਮੀ ਦਿਹਾੜੇ ਲਈ ਜ਼ਿਲ੍ਹੇ ਭਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਮਹੱਤਵਪੂਰਨ ਸਥਾਨਾਂ, ਜਨਤਕ ਥਾਵਾਂ ਤੇ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਾਲੀਆਂ ਥਾਵਾਂ ਦੇ ਆਲੇ-ਦੁਆਲੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਚੈਕਿੰਗ ਤੇ ਨਿਗਰਾਨੀ ਲਈ ਵਿਸ਼ੇਸ਼ ਪੁਲਿਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜਦਕਿ ਕਿਸੇ ਵੀ ਸਮਾਜ ਵਿਰੋਧੀ ਜਾਂ ਸ਼ੱਕੀ ਗਤੀਵਿਧੀ ਨੂੰ ਰੋਕਣ ਲਈ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਸਥਿਤੀ ਤੇ ਨਜ਼ਰ ਰੱਖਣ ਲਈ ਕਈ ਗਸ਼ਤੀ ਪਾਰਟੀਆਂ ਤਾਇਨਾਤ ਕਰਕੇ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਵਿਵਸਥਾ ਤੇ ਤਿੱਖੀ ਨਜ਼ਰ ਰੱਖਣ ਲਈ ਨਾਈਟ ਡੋਮੀਨੇਸ਼ਨ ਤੇ ਗਸ਼ਤ ਹੋਰ ਵਧਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਸੰਵੇਦਨਸ਼ੀਲ ਤੇ ਰਣਨੀਤਕ ਪੁਆਇੰਟਾਂ ਤੇ ਵਾਹਨਾਂ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਜਦਕਿ ਪੁਲਿਸ ਟੀਮਾਂ ਅਹਿਮ ਇਮਾਰਤਾਂ ਤੇ ਭੀੜ-ਭੜੱਕੇ ਵਾਲੇ ਇਲਾਕਿਆਂ ਦੇ ਆਲੇ-ਦੁਆਲੇ ਪੂਰੀ ਚੌਕਸੀ ਵਰਤ ਰਹੀਆਂ ਹਨ। ਉਨ੍ਹਾਂ ਜਨਤਾ ਨੂੰ ਚੌਕਸ ਰਹਿਣ ਤੇ ਕਿਸੇ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨਾਗਰਿਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਤੇ ਸੁਰੱਖਿਆ ਸਲਾਹਾਂ ਦੀ ਪਾਲਣਾ ਕਰਨ ਤਾਂ ਜੋ ਆਜ਼ਾਦੀ ਦਿਹਾੜੇ ਦੇ ਸਮਾਗਮ ਸੁਰੱਖਿਅਤ, ਸ਼ਾਂਤੀਪੂਰਨ ਤੇ ਸੁਚਾਰੂ ਰਹਿਣ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।