ਕਪੂਰਥਲਾ 80ਵੇਂ ਆਜ਼ਾਦੀ ਦਿਹਾੜੇ ਲਈ ਤਿਆਰ ਕਪੂਰਥਲਾ 80ਵੇਂ ਆਜ਼ਾਦੀ ਦਿਹਾੜੇ ਲਈ ਫੁੱਲ ਡਰੈੱਸ ਰਿਹਰਸਲ ਨਾਲ ਤਿਆਰ
Publish Date: Thu, 13 Aug 2026 06:39 PM (IST)
Updated Date: Thu, 13 Aug 2026 06:41 PM (IST)
-ਫੁੱਲ ਡਰੈੱਸ ਰਿਹਰਸਲ ਨਾਲ ਏਡੀਸੀ ਨੇ ਤਿਆਰੀਆਂ ਦਾ ਲਿਆ ਜਾਇਜ਼ਾ - ਸ਼ਾਨਦਾਰ ਸਮਾਗਮ ਲਈ ਦਿੱਤੇ ਨਿਰਦੇਸ਼ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਲਈ ਫੁੱਲ-ਡਰੈੱਸ ਰਿਹਰਸਲ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਵਰਿੰਦਰ ਪਾਲ ਸਿੰਘ ਬਾਜਵਾ ਨੇ ਪਰੇਡ ਦੀ ਪ੍ਰਧਾਨਗੀ ਕੀਤੀ ਤੇ ਝੰਡਾ ਲਹਿਰਾਇਆ। ਉਨ੍ਹਾਂ ਨੇ ਪਰੇਡ ਕਮਾਂਡਰ ਡੀਐੱਸਪੀ ਡਾ. ਸ਼ੀਤਲ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ (ਮਰਦ ਤੇ ਔਰਤਾਂ), ਪੰਜਾਬ ਹੋਮ ਗਾਰਡਜ਼, ਐੱਨਸੀਸੀ ਸਕਾਊਟਸ (ਮੁੰਡੇ ਤੇ ਕੁੜੀਆਂ) ਤੇ ਹੋਰ ਟੁਕੜੀਆਂ ਵੱਲੋਂ ਕੱਢੇ ਮਾਰਚ ਪਾਸਟ ਤੋਂ ਸਲਾਮੀ ਲਈ। ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਸਰਕਾਰੀ ਸਕੂਲਾਂ ਦੇ 900 ਵਿਦਿਆਰਥੀਆਂ ਵੱਲੋਂ ਇੱਕ ਸ਼ਾਨਦਾਰ ਮਾਸ ਪੀਟੀ ਸ਼ੋਅ ਤੇ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਭਰਪੂਰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਫੁੱਲ-ਡਰੈੱਸ ਰਿਹਰਸਲ ਤੋਂ ਤੁਰੰਤ ਬਾਅਦ, ਵਧੀਕ ਡਿਪਟੀ ਕਮਿਸ਼ਨਰ ਨੇ ਸਟੇਡੀਅਮ ਵਿਖੇ ਹੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਬੈਠਕ ਕੀਤੀ ਤੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੇ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਇੱਥੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੇ ਸਮਾਗਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਕਰਨਗੇ। ਬਾਜਵਾ ਨੇ ਸਬੰਧਤ ਸਾਰੇ ਵਿਭਾਗਾਂ ਨੂੰ ਆਜ਼ਾਦੀ ਦਿਹਾੜੇ ਦੇ ਸਮਾਗਮ ਨੂੰ ਬੇਮਿਸਾਲ ਬਣਾਉਣ ਲਈ ਇਮਾਨਦਾਰੀ ਨਾਲ ਯਤਨ ਕਰਨ ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਵਿਸ਼ਾਲ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ ਤੇ ਬਾਰੀਕੀ ਨਾਲ ਯੋਜਨਾਬੰਦੀ ਤੇ ਅਮਲ ਦੀ ਮਹੱਤਤਾ ਤੇ ਚਾਨਣਾ ਪਾਇਆ। ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਸੁਪਰਡੰਟ ਆਫ਼ ਪੁਲਿਸ ਹਰਿੰਦਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗਿੱਲ, ਐੱਸਡੀਐੱਮ ਮੇਜਰ ਡਾ. ਇਰਵਿਨ ਕੌਰ, ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਤੇ ਹੋਰ ਸ਼ਾਮਲ ਸਨ।