ਖੈੜਾ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ ਖੈੜਾ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਧੂਮਧਾਮ ਨਾਲ ਮਨਾਇਆ
Publish Date: Sun, 25 Oct 2026 07:46 PM (IST)
Updated Date: Sun, 25 Oct 2026 07:49 PM (IST)
-ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹਿਆ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਖੈੜਾ ਇੰਟਰਨੈਸ਼ਨਲ ਪਬਲਿਕ ਸਕੂਲ ਖੈੜਾ ਦੋਨਾ ਕਪੂਰਥਲਾ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹਾਜ਼ਰ ਮਹਿਮਾਨਾਂ ਤੇ ਮਾਪਿਆਂ ਦਾ ਮਨ ਮੋਹ ਲਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਸਾਲ ਭਰ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣਾ ਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕਰਨਾ ਸੀ। ਇਹ ਸਮਾਗਮ ਸਕੂਲ ਦੇ ਡਾਇਰੈਕਟਰ ਅਮਰੀਕ ਸਿੰਘ, ਗੁਰਬਖਸ਼ ਸਿੰਘ, ਜਤਿੰਦਰ ਸਿੰਘ ਤੇ ਪ੍ਰਿੰਸੀਪਲ ਮੰਜੂ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ, ਜਿਸ ਨਾਲ ਮਾਹੌਲ ਰੂਹਾਨੀ ਤੇ ਉਤਸ਼ਾਹਪੂਰਨ ਬਣ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਸਵਾਗਤੀ ਗੀਤ ਪੇਸ਼ ਕਰਕੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਕਲਾਸੀਕਲ ਡਾਂਸ, ਪੰਜਾਬੀ ਲੋਕ ਨਾਚ ਤੇ ਅੰਗਰੇਜ਼ੀ ਨਾਟਕ ਸਮੇਤ ਕਈ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਖ਼ਾਸ ਕਰਕੇ ਪੰਜਾਬੀ ਲੋਕ ਨਾਚ ਨੇ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਸੇ ਦੀ ਝਲਕ ਪੇਸ਼ ਕੀਤੀ। ਇਸ ਮੌਕੇ ਪ੍ਰਿੰਸੀਪਲ ਮੰਜੂ ਸ਼ਰਮਾ ਵੱਲੋਂ ਸਲਾਨਾ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਸਮੂਹ ਅਧਿਆਪਕ ਸਾਹਿਬਾਨ ਦਾ ਅਹਿਮ ਯੋਗਦਾਨ ਰਿਹਾ। ਇਹ ਸਾਰਾ ਪ੍ਰੋਗਰਾਮ ਵੈਸਟ ਹਾਊਸ ਦੀ ਦੇਖ-ਰੇਖ ਹੇਠ ਸੁਚੱਜੇ ਢੰਗ ਨਾਲ ਕਰਵਾਇਆ ਗਿਆ। ਸਮਾਗਮ ਨੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਨਵੀਆਂ ਪ੍ਰਾਪਤੀਆਂ ਲਈ ਪ੍ਰੇਰਿਤ ਕੀਤਾ।