ਖਾਲਸਾ ਏਡ ਜਲ ਸੇਵਾ ਤੇ ਜਾਗਰੂਕਤਾ ਕੈਂਪ ਲਗਾਇਆ ਖਾਲਸਾ ਏਡ ਵੱਲੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਜਲ ਸੇਵਾ ਅਤੇ ਜਾਗਰੂਕਤਾ ਕੈਂਪ ਲਗਾਇਆ
Publish Date: Thu, 26 Nov 2026 08:00 PM (IST)
Updated Date: Thu, 26 Nov 2026 08:01 PM (IST)
--ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ, ਬਰਾਬਰਤਾ ਤੇ ਬਿਨਾਂ ਭੇਦਭਾਵ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਤੋਂ ਸੰਗਤਾਂ ਨੂੰ ਕਰਵਾਇਆ ਜਾਣੂ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਨੁੱਖਤਾ ਦੀ ਸੇਵਾ ਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਚੱਲਦਿਆਂ ਖਾਲਸਾ ਏਡ ਵੱਲੋਂ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਜਲ ਸੇਵਾ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸੰਗਤਾਂ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਵਿਚਾਰਧਾਰਾ ਤੇ ਸਮਾਜ ਨੂੰ ਦਿੱਤੀਆਂ ਮਹਾਨ ਸੇਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਸੰਗਤਾਂ ਨੂੰ ਜਲ ਸੇਵਾ ਰਾਹੀਂ ਸੇਵਾ ਭਾਵਨਾ ਦਾ ਸੰਦੇਸ਼ ਵੀ ਦਿੱਤਾ ਗਿਆ। ਇਸ ਦੇ ਨਾਲ ਹੀ ਖਾਲਸਾ ਏਡ ਵੱਲੋਂ ਦੁਨੀਆ ਭਰ ਵਿੱਚ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਵੱਖ-ਵੱਖ ਸੇਵਾ ਕਾਰਜਾਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਗੁਰੂ ਸਾਹਿਬਾਨ ਵੱਲੋਂ ਦਿੱਤੇ ਗਏ ਸਰਬੱਤ ਦੇ ਭਲੇ, ਬਰਾਬਰਤਾ, ਆਪਸੀ ਭਾਈਚਾਰੇ ਤੇ ਨਿਸ਼ਕਾਮ ਸੇਵਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਖਾਲਸਾ ਏਡ ਦੇ ਸੀਨੀਅਰ ਮੈਂਬਰ ਲਖਵੀਰ ਸਿੰਘ ਰਿੰਪਾ ਨੇ ਦੱਸਿਆ ਕਿ ਖਾਲਸਾ ਏਡ ਵੱਲੋਂ ਲੰਮੇ ਸਮੇਂ ਤੋਂ ਸ਼ਹੀਦ ਪਰਿਵਾਰਾਂ ਦੀ ਸਹਾਇਤਾ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸੰਸਥਾ ਵੱਲੋਂ 150 ਤੋਂ ਵੱਧ ਸ਼ਹੀਦ ਪਰਿਵਾਰਾਂ ਨੂੰ ਹਰ ਮਹੀਨੇ 4,500 ਰੁਪਏ ਪੈਨਸ਼ਨ ਦੇ ਰੂਪ ਵਿੱਚ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਨ੍ਹਾਂ ਪਰਿਵਾਰਾਂ ਨੂੰ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਸਹਾਰਾ ਮਿਲ ਸਕੇ। ਇਸ ਤੋਂ ਇਲਾਵਾ ਸ਼ਹੀਦ ਪਰਿਵਾਰਾਂ ਦੇ ਘਰਾਂ ਦੀ ਉਸਾਰੀ ਤੇ ਲੋੜ ਅਨੁਸਾਰ ਮੁਰੰਮਤ, ਮੈਡੀਕਲ ਸਹੂਲਤਾਂ ਤੇ ਹੋਰ ਜ਼ਰੂਰੀ ਸਹਾਇਤਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਈ ਵਾਰ ਪਰਿਵਾਰਾਂ ਨੂੰ ਅਚਾਨਕ ਆਰਥਿਕ, ਸਿਹਤ ਜਾਂ ਘਰੇਲੂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਅਜਿਹੇ ਸਮੇਂ ਸੰਸਥਾ ਵੱਲੋਂ ਉਨ੍ਹਾਂ ਦੀ ਲੋੜ ਅਨੁਸਾਰ ਸਹਾਇਤਾ ਕਰਨ ਦਾ ਯਤਨ ਕੀਤਾ ਜਾਂਦਾ ਹੈ, ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਲਖਵੀਰ ਸਿੰਘ ਰਿੰਪਾ ਨੇ ਕਿਹਾ ਕਿ ਸ਼ਹੀਦ ਪਰਿਵਾਰਾਂ ਦੀ ਸੇਵਾ ਕਰਨਾ ਸਿਰਫ਼ ਆਰਥਿਕ ਸਹਾਇਤਾ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਦੇ ਸੰਘਰਸ਼, ਕੁਰਬਾਨੀ ਤੇ ਯੋਗਦਾਨ ਦਾ ਸਤਿਕਾਰ ਕਰਨਾ ਵੀ ਹੈ। ਅਜਿਹੇ ਪਰਿਵਾਰਾਂ ਨੂੰ ਇਹ ਅਹਿਸਾਸ ਕਰਵਾਉਣਾ ਬਹੁਤ ਜ਼ਰੂਰੀ ਹੈ ਕਿ ਸਮਾਜ ਤੇ ਸੰਸਥਾਵਾਂ ਉਨ੍ਹਾਂ ਦੇ ਨਾਲ ਖੜ੍ਹੀਆਂ ਹਨ। ਉਨ੍ਹਾਂ ਕਿਹਾ ਕਿ ਖਾਲਸਾ ਏਡ ਦਾ ਉਦੇਸ਼ ਸਿਰਫ਼ ਤੁਰੰਤ ਰਾਹਤ ਪਹੁੰਚਾਉਣਾ ਹੀ ਨਹੀਂ, ਸਗੋਂ ਲੋੜਵੰਦ ਪਰਿਵਾਰਾਂ ਨੂੰ ਲੰਮੇ ਸਮੇਂ ਤੱਕ ਸਹਾਰਾ ਦੇਣਾ ਤੇ ਉਨ੍ਹਾਂ ਦੀਆਂ ਜ਼ਰੂਰਤਾਂ ਅਨੁਸਾਰ ਮਦਦ ਕਰਨਾ ਵੀ ਹੈ। ਗੁਰਦੁਆਰਾ ਬੇਰ ਸਾਹਿਬ ਵਰਗੇ ਪਵਿੱਤਰ ਅਸਥਾਨ ਤੇ ਜਾਗਰੂਕਤਾ ਕੈਂਪ ਲਗਾਉਣ ਦਾ ਮਕਸਦ ਵੀ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੋੜਨਾ ਤੇ ਸੇਵਾ ਦੇ ਇਸ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ।