ਖਾਲਸਾ ਕਾਲਜ ਦੀ ਰਗਬੀ ਟੀਮ ਨੇ ਚਾਂਦੀ ਤਗਮਾ ਜਿੱਤਿਆ ਖਾਲਸਾ ਕਾਲਜ ਦੀ ਰਗਬੀ ਟੀਮ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਚਾਂਦੀ ਦਾ ਤਗਮਾ ਜਿੱਤਿਆ
Publish Date: Thu, 05 Nov 2026 06:33 PM (IST)
Updated Date: Thu, 05 Nov 2026 06:35 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਰਗਬੀ ਦੀ ਖੇਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-21 ਵਰਗ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਇਸ ਪ੍ਰਾਪਤੀ ਨਾਲ ਵਿਦਿਆਰਥੀਆਂ ਨੇ ਕਪੂਰਥਲਾ ਜ਼ਿਲ੍ਹੇ ਤੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਜੇਤੂ ਟੀਮ ਵਿੱਚ ਕਾਲਜ ਦੇ 11 ਵਿਦਿਆਰਥੀਆਂ ਰੋਹਿਤ, ਅਮਨਪ੍ਰੀਤ ਸਿੰਘ, ਮੋਹਿਤ, ਰਾਜਵੀਰ ਸਿੰਘ, ਦਲਜੀਤ ਸਿੰਘ, ਨਿਸ਼ਾਨ ਸਿੰਘ, ਗੁਰਬਾਜ ਸਿੰਘ, ਆਰੀਅਨ ਮਲਹੋਤਰਾ, ਗੁਰਜੀਤ ਸਿੰਘ, ਹਨੀ ਤੇ ਹਰਮਨਦੀਪ ਸਿੰਘ ਸ਼ਾਮਲ ਸਨ। ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਹਰਜਾਪ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਇਹ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ। ਇਸੇ ਤਰ੍ਹਾਂ ਕਾਲਜ ਦੇ ਬੀਏ ਭਾਗ ਤੀਜਾ ਦੇ ਵਿਦਿਆਰਥੀ ਅਭਿਰਾਜਪਾਲ ਸਿੰਘ ਨੇ ਕਰਾਟੇ ਮੁਕਾਬਲਿਆਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਹੋਏ ਇੰਟਰ ਕਾਲਜ ਟੂਰਨਾਮੈਂਟ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਕਾਲਜ ਦਾ ਮਾਣ ਵਧਾਇਆ। ਕਾਲਜ ਪਹੁੰਚਣ ਤੇ ਜੇਤੂ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜੀ. ਸਵਰਨ ਸਿੰਘ, ਬੀਬੀ ਗੁਰਪ੍ਰੀਤ ਕੌਰ ਰੂਹੀ, ਇੰਜੀ. ਹਰਨਿਆਮਤ ਕੌਰ ਤੇ ਕਾਲਜ ਦੇ ਡਾਇਰੈਕਟਰ ਇੰਜੀ. ਨਿਮਰਤਾ ਕੌਰ ਨੇ ਜੇਤੂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਨੇ ਵੀ ਜੇਤੂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।