ਪ੍ਰਕਾਸ਼ ਪੁਰਬ ’ਚ ਸ਼ਾਮਲ ਹੋਏ ਖਾਲਸਾ ਕਾਲਜ ਦੇ ਵਿਦਿਆਰਥੀ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਖਾਲਸਾ ਕਾਲਜ ਦੇ ਵਿਦਿਆਰਥੀਆਂ ਲਿਆ ਹਿੱਸਾ
Publish Date: Fri, 27 Nov 2026 07:49 PM (IST)
Updated Date: Fri, 27 Nov 2026 07:49 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਵੱਖ-ਵੱਖ ਪ੍ਰੋਗਰਾਮਾਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਤੇ ਆਰਟਸ ਵਿਭਾਗ ਦੇ ਮੁਖੀ ਪ੍ਰੋ. ਰਾਜਦੀਪ ਕੌਰ ਜੋਸਨ ਵੱਲੋਂ 12 ਨਵੰਬਰ 2026 ਨੂੰ ਲੇਖ ਲਿਖਣ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਇਸ ਮੁਕਾਬਲੇ ਵਿੱਚ ਹਰਮਨਪ੍ਰੀਤ ਕੌਰ ਬੀਏ ਭਾਗ ਪਹਿਲਾ ਨੇ ਪਹਿਲਾ ਸਥਾਨ, ਹਰਪ੍ਰੀਤ ਕੌਰ ਬੀਏ ਭਾਗ ਦੂਜਾ ਨੇ ਦੂਜਾ ਤੇ ਅਰਮਾਨਦੀਪ ਸਿੰਘ ਬੀਏ ਭਾਗ ਪਹਿਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ 13 ਨਵੰਬਰ 2026 ਨੂੰ ਨਿਰਮਲ ਕੁਟੀਆ, ਸੁਲਤਾਨਪੁਰ ਲੋਧੀ ਵਿਖੇ ਕਰਵਾਏ ਗਏ ਸੈਮੀਨਾਰ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ। ਇਸ ਮੌਕੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸਰਬੱਤ ਦੇ ਭਲੇ, ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੇ ਸੰਦੇਸ਼ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਡਾਇਰੈਕਟਰ ਇੰਜ. ਨਿਮਰਤਾ ਕੌਰ, ਸਕੱਤਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਗੁਰਪ੍ਰੀਤ ਕੌਰ ਤੇ ਇੰਜ. ਹਰਨਿਆਮਤ ਕੌਰ ਨੇ ਸਮੂਹ ਸੰਗਤ ਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।