ਗੁਰਦੁਆਰਾ ਸਿੰਘ ਸਭਾ ’ਚ ਖਾਲਸਾ ਸਾਜਨਾ ਦਿਵਸ ਮਨਾਇਆ
ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਰੀਜੋਮਿਲੀਆ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ
Publish Date: Fri, 17 Apr 2026 10:43 PM (IST)
Updated Date: Fri, 17 Apr 2026 10:45 PM (IST)
- ਪ੍ਰਬੰਧਕ ਕਮੇਟੀ ਨੇ ਢਾਡੀ ਜਥਿਆਂ ਦਾ ਕੀਤਾ ਸਨਮਾਨ
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਦੇਸ਼ਾਂ-ਵਿਦੇਸ਼ਾਂ ਦੀ ਧਰਤੀ ਤੇ ਪੰਜਾਬੀਆਂ ਵੱਲੋਂ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪਾਵਨ ਦਿਹਾੜਾ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸੇ ਤਹਿਤ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਰੀਜੋਮਿਲੀਆ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਨ੍ਹਾਂ ਸਮਾਗਮਾਂ ਵਿੱਚ ਪੰਜਾਬ ਦੀ ਧਰਤੀ ਤੋਂ ਯੂਰਪ ਧਰਮ ਪ੍ਰਚਾਰ ਤੇ ਪ੍ਰਸਾਰ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਗੁਰਜੀਤ ਸਿੰਘ ਗੌਰੀ ਜਾਂਗਲਾ ਦੇ ਢਾਡੀ ਜੱਥੇ ਨੇ ਸਿੱਖ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਸਿੱਖ ਸੰਗਤਾਂ ਨੂੰ ਅੰਮ੍ਰਿਤਧਾਰੀ ਹੋਣ ਲਈ ਪ੍ਰੇਰਿਆ। ਉਨ੍ਹਾਂ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਦਿਹਾੜੇ ਦੀਆਂ ਸਮੁੱਚੀਆਂ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ। ਦੀਵਾਨ ਦੀ ਸਮਾਪਤੀ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਟਲੀ ਸਰਕਾਰ ਦੇ ਉੱਚ ਅਧਿਕਾਰੀਆਂ ਇਕਬਾਲ ਸਿੰਘ ਸੋਢੀ, ਪਰਮਿੰਦਰ ਸਿੰਘ, ਸਤਨਾਮ ਸਿੰਘ, ਗਿਆਨੀ ਤਲਵਿੰਦਰ ਸਿੰਘ, ਸਰਦਾਰ ਬਖਤੌਰ ਸਿੰਘ, ਜਤਿੰਦਰ ਸਿੰਘ ਵੱਲੋਂ ਪੰਥਕ ਢਾਡੀ ਗੁਰਜੀਤ ਸਿੰਘ ਗੌਰੀ ਜਾਂਗਲਾ, ਢਾਡੀ ਬੂਟਾ ਸਿੰਘ ਸੁੰਨੜ, ਢਾਡੀ ਸਿਮਰਨਜੀਤ ਸਿੰਘ ਸੁੰਨੜ, ਸਰੰਗੀ ਮਾਸਟਰ ਗੁਰਪ੍ਰੀਤ ਸਿੰਘ ਮੌਜੀ ਸਾਦਕਪੁਰੀਆ ਸਮੇਤ ਸਮੁੱਚੇ ਜਥੇ ਦਾ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਸ਼ਿਰਕਤ ਕਰਦਿਆਂ ਗੁਰੂ ਘਰ ਤੋਂ ਲਾਹਾ ਪ੍ਰਾਪਤ ਕੀਤਾ ਗਿਆ। ਸਮਾਗਮ ਉਪਰੰਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਭਾਰੀ ਗਿਣਤੀ ਵਿੱਚ ਸਿੱਖ ਸੰਗਤਾਂ ਸ਼ਾਮਲ ਹੋਈਆਂ ਅਤੇ ਹਰਿ ਜਸ ਕੀਰਤਨ ਕੀਤਾ। ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸੱਦੇ ’ਤੇ ਇਟਲੀ ਸਰਕਾਰ ਦੇ ਉੱਚ ਅਧਿਕਾਰੀਆਂ ਤੇ ਵੱਖ-ਵੱਖ ਨੁਮਾਇੰਦਿਆਂ ਨੇ ਹਾਜ਼ਰੀ ਭਰੀ। ਇਸ ਮੌਕੇ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ।