ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ 5 ਨੂੰ ਕਰੇਗੀ ਸੰਤ ਸੀਚੇਵਾਲ ਦਾ ਘੇਰਾਓ
ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ 5 ਫਰਵਰੀ ਨੂੰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਪੱਧਰੀ ਘਿਰਾਓ ਦਾ ਐਲਾਨ
Publish Date: Mon, 02 Feb 2026 10:09 PM (IST)
Updated Date: Mon, 02 Feb 2026 10:10 PM (IST)

ਪੂਰੇ ਸੂਬੇ ’ਚ ਕੀਤਾ ਜਾਵੇਗਾ ਘੇਰਾਓ ਦਾ ਪ੍ਰੋਗਰਾਮ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੇ ਜਾਇਜ਼ ਮੁੱਦਿਆਂ ਤੋਂ ਮੂੰਹ ਮੋੜਨ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 5 ਫਰਵਰੀ ਨੂੰ ਰਾਜ ਸਭਾ ਮੈਂਬਰ ਬਲਵੀਰ ਸਿੰਘ ਸੀਚੇਵਾਲ ਦੀ ਨਿਰਮਲ ਕੁਟੀਆ, ਸੁਲਤਾਨਪੁਰ ਲੋਧੀ ਵਿਖੇ ਸੂਬਾ ਪੱਧਰੀ ਜ਼ਬਰਦਸਤ ਘੇਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਕਮੇਟੀ ਦੀ ਜ਼ਿਲ੍ਹਾ ਕਪੂਰਥਲਾ ਵਿਖੇ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਲਿਆ ਗਿਆ। ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕੇ ਕੋਠੇ ਤੇ ਜ਼ਿਲ੍ਹਾ ਸੰਗਠਨ ਸਕੱਤਰ ਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਰ–ਵਾਰ ਮੀਟਿੰਗਾਂ ਦਾ ਝਾਂਸਾ ਦੇ ਕੇ ਕਿਸਾਨਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ ਤੇ ਸਰਕਾਰ ਸਵਾਲ-ਜਵਾਬ ਤੋਂ ਭੱਜ ਰਹੀ ਹੈ, ਜਿਸ ਕਾਰਨ ਕਿਸਾਨ ਤੇ ਮਜ਼ਦੂਰ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਬਿਜਲੀ ਸੋਧ ਬਿੱਲ ਕਿਸਾਨਾਂ ਦੀ ਕਮਰ ਤੋੜਨ ਵਾਲਾ ਹੈ, ਜਿਸਨੂੰ ਪੰਜਾਬ ਵਿਧਾਨ ਸਭਾ ਦੇ ਆਮ ਇਜਲਾਸ ਵਿਚ ਪੇਸ਼ ਕਰਨ ਦੀ ਬਜਾਏ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਬੀਜ ਐਕਟ ਨੂੰ ਰੱਦ ਕਰਨ ਤੇ ਕਰ ਮੁਕਤ ਸਮਝੌਤਿਆਂ ਦੇ ਵਿਰੋਧ ਦੀ ਵੀ ਜ਼ੋਰਦਾਰ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਮੰਡ ਖੇਤਰ ਵਿਚ ਕੁਦਰਤੀ ਮਾਰ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ, ਪਰ ਸਰਕਾਰ ਵੱਲੋਂ ਅਜੇ ਤੱਕ ਕਿਸਾਨਾਂ ਨੂੰ ਕੋਈ ਢੁੱਕਵਾਂ ਮੁਆਵਜ਼ਾ ਨਹੀਂ ਮਿਲਿਆ। ਕਮੇਟੀ ਨੇ ਮੰਗ ਕੀਤੀ ਹੈ ਕਿ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਤੇ ਮਨਰੇਗਾ ਸਕੀਮ ਨੂੰ ਪੂਰੀ ਤਰ੍ਹਾਂ ਬਹਾਲ ਕਰਕੇ ਗਰੀਬ ਮਜ਼ਦੂਰਾਂ ਨੂੰ ਰੋਜ਼ਗਾਰ ਦੀ ਗਾਰੰਟੀ ਦਿੱਤੀ ਜਾਵੇ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਜ਼ਿਲ੍ਹਾ ਖ਼ਜ਼ਾਨਚੀ ਹਾਕਮ ਸਿੰਘ ਸ਼ਾਹਜਹਾਨਪੁਰ, ਨਿਸ਼ਾਨ ਸਿੰਘ, ਭਜਨ ਸਿੰਘ ਖਿਜ਼ਰਪੁਰ, ਸਲਵਿੰਦਰ ਸਿੰਘ ਮੁਹੰਮਦਾਬਾਦ, ਸੁਖਵੰਤ ਸਿੰਘ ਤੁੜ, ਹਰਦੀਪ ਸਿੰਘ ਬਾਊਪੁਰ, ਮੇਜਰ ਸਿੰਘ, ਤਰਸੇਮ ਸਿੰਘ ਤਲਵੰਡੀ ਚੌਧਰੀਆਂ, ਬੀਬੀ ਬੀਰ ਕੌਰ, ਬਲਵਿੰਦਰ ਕੌਰ, ਸਰਬਜੀਤ ਕੌਰ, ਮਿੰਦਰ ਕੌਰ, ਗੁਰਸੇਵਕ ਸਿੰਘ, ਗੁਰਵਿੰਦਰ ਸਿੰਘ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਪੁਸ਼ਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰ ਆਗੂ ਹਾਜ਼ਰ ਰਹੇ।