13 ਨੂੰ ਡੀਐੱਸਪੀ ਦਫ਼ਤਰ ਅੱਗੇ ਧਰਨਾ ਦੇਣਗੀਆਂ ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਰਾਮਪੁਰ ਜਗੀਰ ਦੇ ਗਰੀਬ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ 13 ਨਵੰਬਰ ਨੂੰ ਡੀਐੱਸਪੀ ਦਫ਼ਤਰ ਅੱਗੇ ਧਰਨਾ ਦੇਣਗੀਆਂ ਮਜ਼ਦੂਰ ਤੇ ਕਿਸਾਨ ਜਥੇਬੰਦੀਆਂ
Publish Date: Mon, 09 Nov 2026 08:53 PM (IST)
Updated Date: Mon, 09 Nov 2026 08:56 PM (IST)
ਰਾਮਪੁਰ ਜਗੀਰ ਦੇ ਗਰੀਬ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਨਿਤਰੀਆਂ ਜਥੇਬੰਦੀਆਂ, ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਬਜਾਏ ਕੀਤਾ ਜਾ ਰਿਹੈ ਖੱਜਲ-ਖੁਆਰ : ਨਿਰਮਲ ਸਿੰਘ, ਭੁੱਲਰ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਪਿੰਡ ਰਾਮਪੁਰ ਜਗੀਰ ਦੇ ਇੱਕ ਗਰੀਬ ਪਰਿਵਾਰ ਦੀ 8 ਮਰਲੇ ਰਿਹਾਇਸ਼ੀ ਨੰਬਰੀ ਜਗ੍ਹਾ ਨੂੰ ਕਥਿਤ ਤੌਰ ਤੇ ਲਾਲ ਲਕੀਰ ਵਿੱਚ ਸ਼ਾਮਲ ਕਰਕੇ ਹੜੱਪਣ ਦੇ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਤੇ ਪੀੜਤ ਪਰਿਵਾਰ ਸਮੇਤ ਮਜ਼ਦੂਰ ਤੇ ਕਿਸਾਨ ਆਗੂਆਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ 13 ਨਵੰਬਰ ਨੂੰ ਡੀਐੱਸਪੀ ਦਫ਼ਤਰ ਸੁਲਤਾਨਪੁਰ ਲੋਧੀ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮੱਲ ਤੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਪਿੰਡ ਰਾਮਪੁਰ ਜਗੀਰ ਦੇ ਇੱਕ ਗਰੀਬ ਪਰਿਵਾਰ ਦੀ 8 ਮਰਲੇ ਰਿਹਾਇਸ਼ੀ ਜਗ੍ਹਾ ਨੂੰ ਕਥਿਤ ਤੌਰ ਤੇ ਧੋਖਾਧੜੀ ਤੇ ਮਿਲੀਭੁਗਤ ਰਾਹੀਂ ਹੜੱਪਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਜਥੇਬੰਦੀਆਂ ਵੱਲੋਂ ਲੰਮਾ ਸੰਘਰਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੰਘਰਸ਼ ਦੌਰਾਨ ਸੁਲਤਾਨਪੁਰ ਲੋਧੀ ਪੁਲਿਸ ਵੱਲੋਂ ਪੀੜਤ ਪਰਿਵਾਰ ਤੇ ਮਜ਼ਦੂਰ-ਕਿਸਾਨ ਆਗੂਆਂ ਖ਼ਿਲਾਫ਼ ਕਥਿਤ ਤੌਰ ਤੇ ਝੂਠਾ ਕੇਸ ਦਰਜ ਕਰ ਦਿੱਤਾ ਗਿਆ। ਜਥੇਬੰਦੀਆਂ ਵੱਲੋਂ ਐੱਫਆਈਆਰ ਨੰਬਰ 116/23 ਸਬੰਧੀ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਰਖਾਸਤ ਨੰਬਰ 435/24 ਰਾਹੀਂ ਕਾਰਵਾਈ ਕਰਨ ਤੇ ਕੇਸ ਰੱਦ ਕਰਨ ਦੀ ਮੰਗ ਕੀਤੀ ਗਈ। ਆਗੂਆਂ ਅਨੁਸਾਰ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਹੁਕਮਾਂ ਤਹਿਤ ਮਾਲ ਵਿਭਾਗ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਗਰੀਬ ਪਰਿਵਾਰ ਦੀ ਜਗ੍ਹਾ ਹੜੱਪਣ ਦੇ ਦੋਸ਼ਾਂ ਤਹਿਤ 9 ਵਿਅਕਤੀਆਂ ਖ਼ਿਲਾਫ਼ 9 ਫਰਵਰੀ 2025 ਨੂੰ ਆਈਪੀਸੀ ਦੀਆਂ ਧਾਰਾਵਾਂ 420 ਤੇ 120-ਬੀ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਤੱਕ ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਨਹੀਂ ਕੀਤਾ ਗਿਆ ਤੇ ਪੀੜਤ ਪਰਿਵਾਰ ਇਨਸਾਫ਼ ਦੀ ਉਡੀਕ ਕਰ ਰਿਹਾ ਹੈ। ਆਗੂਆਂ ਨੇ ਕਿਹਾ ਕਿ ਉਹ ਕਈ ਵਾਰ ਡੀਐੱਸਪੀ ਤੇ ਐੱਸਐੱਚਓ ਸੁਲਤਾਨਪੁਰ ਲੋਧੀ ਨੂੰ ਮਿਲ ਕੇ ਪੀੜਤ ਪਰਿਵਾਰ ਤੇ ਆਗੂਆਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਤੇ ਗਰੀਬ ਪਰਿਵਾਰ ਦੀ ਜਗ੍ਹਾ ਹੜੱਪਣ ਦੇ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕਰਨ ਦੀ ਮੰਗ ਕਰ ਚੁੱਕੇ ਹਨ। ਇਸ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਦੇ ਰਵੱਈਏ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਨਸਾਫ਼ ਲੈਣ ਲਈ ਪੀੜਤ ਲੋਕਾਂ ਨੂੰ ਪੁਲਿਸ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣੇ ਪੈ ਰਹੇ ਹਨ ਤੇ ਉਨ੍ਹਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਗਰੀਬ ਪਰਿਵਾਰ ਪਹਿਲਾਂ ਹੀ ਆਰਥਿਕ ਤੰਗੀਆਂ ਨਾਲ ਜੂਝ ਰਹੇ ਹਨ, ਉੱਪਰੋਂ ਇਨਸਾਫ਼ ਲਈ ਲੰਮੀ ਉਡੀਕ ਉਨ੍ਹਾਂ ਦੀਆਂ ਮੁਸ਼ਕਲਾਂ ਵਧਾ ਰਹੀ ਹੈ। ਆਗੂਆਂ ਨੇ ਐਲਾਨ ਕੀਤਾ ਕਿ ਪੁਲਿਸ ਦੇ ਇਸ ਕਥਿਤ ਪੱਖਪਾਤੀ ਰਵੱਈਏ ਖ਼ਿਲਾਫ਼ 13 ਨਵੰਬਰ ਨੂੰ ਡੀਐੱਸਪੀ ਦਫ਼ਤਰ ਸੁਲਤਾਨਪੁਰ ਲੋਧੀ ਅੱਗੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ ਤੇ ਇਨਸਾਫ਼ ਪਸੰਦ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਬਲਵਿੰਦਰ ਸਿੰਘ ਬਾਜਵਾ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮੱਲ, ਕਿਸਾਨ ਆਗੂ ਰਛਪਾਲ ਸਿੰਘ ਫਾਜਲਾਬਾਦ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ, ਕੁਲਵਿੰਦਰ ਸਿੰਘ ਭੰਡਾਲ ਬੇਟ, ਕਰਮਜੀਤ ਸਿੰਘ ਨੂਰਪੁਰ ਜੱਟਾਂ, ਮਨਦੀਪ ਸਿੰਘ ਖ਼ਾਨਪੁਰ, ਕੁਲਦੀਪ ਕੌਰ ਉੱਚਾ ਬੋਹੜਵਾਲਾ ਤੇ ਕੁਲਵੰਤ ਕੌਰ ਮੇਵਾ ਸਿੰਘ ਵਾਲਾ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।