ਪਿੰਡ ਟਿੱਬਾ ਜ਼ਮੀਨੀ ਵਿਵਾਦ : ਪੁਲਿਸ ਨੇ ਦੋਵਾਂ ਧਿਰਾਂ ਦਾ ਇਕ-ਇਕ ਵਿਅਕਤੀ ਕੀਤਾ ਗ੍ਰਿਫਤਾਰ ਪਿੰਡ ਟਿੱਬਾ ਜ਼ਮੀਨੀ ਵਿਵਾਦ: ਫਾਇਰਿੰਗ ਮਾਮਲੇ ’ਚ ਦੋਵੇਂ ਧਿਰਾਂ ਆਹਮੋ-ਸਾਹਮਣੇ, ਪ੍ਰੈੱਸ ਕਾਨਫਰੰਸ ਕਰਕੇ ਲਗਾਏ ਗੰਭੀਰ ਦੋਸ਼
Publish Date: Sat, 14 Nov 2026 08:42 PM (IST)
Updated Date: Sat, 14 Nov 2026 08:45 PM (IST)
--ਇੱਕ ਧਿਰ ਨੇ ਇਰਾਦਾ ਕਤਲ ਦਾ ਮਾਮਲਾ ਦਰਜ ਕਰਨ ਦੀ ਕੀਤੀ ਮੰਗ, ਦੂਜੀ ਧਿਰ ਨੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਹਲਕਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਟਿੱਬਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ ਫਾਇਰਿੰਗ ਤੇ ਕੁੱਟਮਾਰ ਦੀ ਘਟਨਾ ਤੱਕ ਪਹੁੰਚ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਹੁਣ ਦੋਵੇਂ ਧਿਰਾਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਵਿਖੇ ਵੱਖ-ਵੱਖ ਪ੍ਰੈੱਸ ਕਾਨਫਰੰਸਾਂ ਕਰਕੇ ਇੱਕ-ਦੂਜੇ ’ਤੇ ਗੰਭੀਰ ਦੋਸ਼ ਲਗਾਏ ਹਨ। ਪਹਿਲੀ ਧਿਰ ਵੱਲੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਰਵਿੰਦਰ ਪਾਲ ਸਿੰਘ ਨੇ ਦੋਸ਼ ਲਗਾਇਆ ਕਿ ਜ਼ਮੀਨੀ ਵਿਵਾਦ ਦੌਰਾਨ ਦੂਜੀ ਧਿਰ ਦੇ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਬੰਦਿਆਂ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ ਤੇ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਇੰਨੀ ਗੰਭੀਰ ਘਟਨਾ ਦੇ ਬਾਵਜੂਦ ਪੁਲਿਸ ਵੱਲੋਂ ਸਿਆਸੀ ਦਬਾਅ ਹੇਠ ਇਰਾਦਾ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਨਹੀਂ ਕੀਤਾ ਗਿਆ ਤੇ ਸਿਰਫ਼ ਖ਼ਾਨਾਪੂਰਤੀ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਉਨ੍ਹਾਂ ਦੇ 21 ਸਾਲਾ ਨੌਜਵਾਨ ਨੂੰ ਬਿਨਾਂ ਕੋਈ ਮਾਮਲਾ ਦਰਜ ਕੀਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਨੂੰ ਬਚਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ, ਉਨ੍ਹਾਂ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਡਾਕਟਰ ਜਸਬੀਰ ਸਿੰਘ, ਜਤਿੰਦਰ ਖਾਲਸਾ ਤੇ ਸਤਪਾਲ ਹੈਪੀ ਵੀ ਮੌਜੂਦ ਸਨ। ਦੂਜੀ ਧਿਰ ਨੇ ਦੋਸ਼ਾਂ ਨੂੰ ਨਕਾਰਿਆ ਦੂਜੇ ਪਾਸੇ ਅਮਰੀਕ ਸਿੰਘ ਦੇ ਭਰਾ ਕੁਲਬੀਰ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਟਿੱਬਾ ਨੇ ਮੀਡੀਆ ਸਾਹਮਣੇ ਆਪਣਾ ਪੱਖ ਰੱਖਦਿਆਂ ਪਹਿਲੀ ਧਿਰ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਝੂਠਾ ਤੇ ਬੇਬੁਨਿਆਦ ਕਰਾਰ ਦਿੱਤਾ। ਕੁਲਬੀਰ ਸਿੰਘ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਕਰੀਬ 3:30 ਵਜੇ ਝਗੜਾ ਹੋਇਆ ਸੀ। ਉਨ੍ਹਾਂ ਕਿਹਾ ਕਿ ਅਮਰੀਕ ਸਿੰਘ ਨੂੰ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਦੂਜੀ ਧਿਰ ਵੱਲੋਂ ਕਣਕ ਵਾਹ ਦਿੱਤੀ ਗਈ ਹੈ। ਇਸ ਤੋਂ ਬਾਅਦ ਅਮਰੀਕ ਸਿੰਘ ਆਪਣੇ ਮਜ਼ਦੂਰ ਨਾਲ ਮੌਕੇ ’ਤੇ ਪਹੁੰਚਿਆ, ਜਿੱਥੇ ਉਸ ਦੇ ਨਾਲ ਅਜਮੇਰ ਸਿੰਘ ਤੇ ਮਜ਼ਦੂਰ ਆਸ਼ੀਸ਼ ਵੀ ਮੌਜੂਦ ਸੀ। ਉਨ੍ਹਾਂ ਦੇ ਦਾਅਵੇ ਅਨੁਸਾਰ ਜਦੋਂ ਉਹ ਖੇਤ ਵਿੱਚ ਵੱਟ ਪਾ ਰਹੇ ਸਨ ਤਾਂ ਉਨ੍ਹਾਂ ਨੇ ਆਪਣਾ ਅਸਲਾ ਮਜ਼ਦੂਰ ਨੂੰ ਫੜਾ ਦਿੱਤਾ। ਦੂਜੀ ਧਿਰ ਦੇ ਵਿਅਕਤੀਆਂ ਨੇ ਪਿੱਛੋਂ ਆ ਕੇ ਬੇਸਬਾਲ ਨਾਲ ਉਨ੍ਹਾਂ ਦੇ ਮਜ਼ਦੂਰ ’ਤੇ ਹਮਲਾ ਕਰ ਦਿੱਤਾ ਤੇ ਉਸ ਕੋਲ ਮੌਜੂਦ ਅਸਲਾ ਖੋਹ ਕੇ ਹਵਾਈ ਫਾਇਰ ਕਰ ਦਿੱਤੇ। ਇਸ ਦੌਰਾਨ ਅਮਰੀਕ ਸਿੰਘ ਦੀ ਵੀ ਕੁੱਟਮਾਰ ਕੀਤੀ ਗਈ, ਜਿਸ ਕਾਰਨ ਅਮਰੀਕ ਸਿੰਘ ਤੇ ਮਜ਼ਦੂਰ ਆਸ਼ੀਸ਼ ਗੰਭੀਰ ਜ਼ਖ਼ਮੀ ਹੋ ਗਏ। ਕੁਲਬੀਰ ਸਿੰਘ ਨੇ ਕਿਹਾ ਕਿ ਇਹ ਵਿਵਾਦ ਕੋਈ ਨਵਾਂ ਨਹੀਂ, ਸਗੋਂ ਪਿਛਲੇ 20-25 ਸਾਲਾਂ ਤੋਂ ਚੱਲਦਾ ਆ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਕਈ ਵਾਰ ਪੰਚਾਇਤੀ ਪੱਧਰ ’ਤੇ ਬੈਠ ਕੇ ਸਮਝੌਤੇ ਦੀ ਕੋਸ਼ਿਸ਼ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਸਲਾ ਸਿਰਫ਼ ਜ਼ਮੀਨ ਦੀ ਤਕਸੀਮ ਕਰਵਾਉਣ ਦਾ ਹੈ, ਪਰ ਦੂਜੀ ਧਿਰ ਵੱਲੋਂ ਹਰ ਵਾਰ ਤਕਸੀਮ ਕਰਵਾਉਣ ਤੋਂ ਇਨਕਾਰ ਕੀਤਾ ਜਾਂਦਾ ਹੈ। ਉਨ੍ਹਾਂ ਦੂਜੀ ਧਿਰ ਦੇ ਬੈਂਕ ਕਰਜ਼ੇ ਤੇ ਡਿਫਾਲਟਰ ਹੋਣ ਸਬੰਧੀ ਵੀ ਦਾਅਵੇ ਕੀਤੇ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਵਿਰਾਸਤੀ ਜ਼ਮੀਨ ਹੈ ਤੇ ਆਪਣੇ ਪੱਖ ਵਿੱਚ ਉਨ੍ਹਾਂ ਵੱਲੋਂ ਅਮਰੀਕ ਸਿੰਘ ਦੀ ਐੱਮਐੱਲਆਰ ਵੀ ਮੀਡੀਆ ਸਾਹਮਣੇ ਪੇਸ਼ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਦੋ ਵਿਅਕਤੀ ਜ਼ਖ਼ਮੀ ਹੋਏ ਹਨ, ਜਦਕਿ ਦੂਜੀ ਧਿਰ ਦਾ ਕੋਈ ਵਿਅਕਤੀ ਜ਼ਖ਼ਮੀ ਨਹੀਂ ਹੋਇਆ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਕਿਸੇ ਵੀ ਸਿਆਸੀ ਪਾਰਟੀ ਜਾਂ ਆਗੂ ਨਾਲ ਕੋਈ ਸਬੰਧ ਨਹੀਂ ਹੈ ਤੇ ਨਾ ਹੀ ਕਿਸੇ ਸਿਆਸੀ ਆਗੂ ਵੱਲੋਂ ਉਨ੍ਹਾਂ ਦੀ ਮਦਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਉਨ੍ਹਾਂ ਦੇ ਵਿਅਕਤੀਆਂ ਖ਼ਿਲਾਫ਼ ਵੀ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ ਕੀਤੀ ਗਈ ਹੈ, ਪਰ ਪੁਲਿਸ ਵੱਲੋਂ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਅਮਰੀਕ ਸਿੰਘ ਦੇ ਭਰਾ ਕੁਲਬੀਰ ਸਿੰਘ ਵਾਸੀ ਟਿੱਬਾ, ਸਰਪੰਚ ਬਲਵਿੰਦਰ ਸਿੰਘ, ਰਛਪਾਲ ਸਿੰਘ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਜਸਬੀਰ ਸਿੰਘ ਆਦਿ ਮੌਜੂਦ ਸਨ। ਪੁਲਿਸ ਵੱਲੋਂ ਕਰਾਸ ਕੇਸ ਦਰਜ ਇਸ ਮਾਮਲੇ ਸਬੰਧੀ ਜਦੋਂ ਥਾਣਾ ਤਲਵੰਡੀ ਚੌਧਰੀਆਂ ਦੀ ਐੱਸਐੱਚਓ ਇੰਸਪੈਕਟਰ ਸੋਨਮਦੀਪ ਕੌਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮੁਕੱਦਮਾ ਨੰਬਰ 86 ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਟਿੱਬਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਸੀ ਤੇ ਇਸ ਦੌਰਾਨ ਹਵਾਈ ਫਾਇਰਿੰਗ ਵੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਰਾਸ ਕੇਸ ਦਰਜ ਕੀਤਾ ਗਿਆ ਹੈ। ਅਮਰੀਕ ਸਿੰਘ ਦੇ ਬਿਆਨਾਂ ’ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਮੁੱਖ ਮੁਲਜ਼ਮ ਗੁਰਤਾਜ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਦੋਵਾਂ ਧਿਰਾਂ ਵੱਲੋਂ 1-1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਅਮਰੀਕ ਸਿੰਘ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਅਮਰੀਕ ਸਿੰਘ ਤੇ ਮਜ਼ਦੂਰ ਆਸ਼ੀਸ਼ ਵੀ ਜ਼ਖ਼ਮੀ ਹੋਏ ਸਨ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ। ਉਨ੍ਹਾਂ ਸਿਆਸੀ ਦਬਾਅ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਪੂਰੀ ਤਰ੍ਹਾਂ ਕਾਨੂੰਨ ਅਨੁਸਾਰ ਹੈ ਤੇ ਕਿਸੇ ਵੀ ਤਰ੍ਹਾਂ ਦਾ ਸਿਆਸੀ ਦਬਾਅ ਨਹੀਂ ਹੈ।