ਨੀਟ ਪੇਪਰ ਲੀਕ ਮਾਮਲੇ ਨੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਕੀਤਾ ਖਿਲਵਾੜ : ਸ਼ੇਰਪੁਰ ਸੱਧਾ ਸੰਸਦ ਵੱਲ ਮਾਰਚ ਕਰ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਅਤਿ ਨਿੰਦਣਯੋਗ
Publish Date: Tue, 21 Jul 2026 07:39 PM (IST)
Updated Date: Tue, 21 Jul 2026 07:40 PM (IST)
ਕਿਹਾ, ਸੰਸਦ ਵੱਲ ਮਾਰਚ ਕਰ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਅਤਿ ਨਿੰਦਣਯੋਗ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੇਂਡੂ ਮਜ਼ਦੂਰ ਖੇਤ ਯੂਨੀਅਨ ਵੱਲੋਂ ਦਿੱਲੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਸਦ ਵੱਲ ਮਾਰਚ ਕਰ ਰਹੇ ਵਿਦਿਆਰਥੀਆਂ ’ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਦੀ ਅਗਵਾਈ ਹੇਠ ਇਕੱਠੇ ਹੋਏ ਮਜ਼ਦੂਰਾਂ ਅਤੇ ਲੋਕਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਨਿਰਮਲ ਸਿੰਘ ਸ਼ੇਰਪੁਰ ਸੱਧਾ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਆਪਣੇ ਹੱਕਾਂ ਅਤੇ ਭਵਿੱਖ ਦੀ ਲੜਾਈ ਲੜ ਰਹੇ ਵਿਦਿਆਰਥੀਆਂ ਦੀ ਆਵਾਜ਼ ਸੁਣਨ ਦੀ ਬਜਾਏ ਉਨ੍ਹਾਂ ’ਤੇ ਲਾਠੀਆਂ ਵਰ੍ਹਾਉਣਾ ਅਤੇ ਬਲ ਪ੍ਰਯੋਗ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਨੀਟ ਪੇਪਰ ਲੀਕ ਮਾਮਲੇ ਦੀ ਨਿਰਪੱਖ ਅਤੇ ਨਿਆਂਇਕ ਜਾਂਚ ਕਰਵਾਉਣ, ਘੁਟਾਲੇ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਲੈਣ ਲਈ ਤਿਆਰ ਨਹੀਂ। ਨ੍ਹਾਂ ਕਿਹਾ ਕਿ ਨੀਟ ਵਰਗੀਆਂ ਮਹੱਤਵਪੂਰਨ ਪ੍ਰੀਖਿਆਵਾਂ ਵਿੱਚ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਨੇ ਦੇਸ਼ ਦੇ ਲੱਖਾਂ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਗਰੀਬ ਅਤੇ ਮੱਧਵਰਗੀ ਪਰਿਵਾਰਾਂ ਦੇ ਬੱਚੇ ਸਾਲਾਂਬੱਧੀ ਮਿਹਨਤ ਕਰਕੇ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ, ਪਰ ਪੇਪਰ ਲੀਕ ਵਰਗੀਆਂ ਘਟਨਾਵਾਂ ਉਨ੍ਹਾਂ ਦੀ ਮਿਹਨਤ ਅਤੇ ਉਮੀਦਾਂ ’ਤੇ ਪਾਣੀ ਫੇਰ ਦਿੰਦੀਆਂ ਹਨ। ਨਿਰਮਲ ਸਿੰਘ ਸ਼ੇਰਪੁਰ ਸੱਧਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇ ਕਾਰਜਕਾਲ ਦੌਰਾਨ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹੀਆਂ ਹਨ, ਜਿਸ ਕਾਰਨ ਲੱਖਾਂ ਨੌਜਵਾਨਾਂ ਵਿੱਚ ਭਾਰੀ ਰੋਸ ਅਤੇ ਨਿਰਾਸ਼ਾ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੇਪਰ ਲੀਕ ਮਾਮਲਿਆਂ ਵਿੱਚ ਸ਼ਾਮਲ ਅਸਲ ਦੋਸ਼ੀਆਂ ਨੂੰ ਬਚਾਉਣ ਦੀ ਬਜਾਏ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਦੇਸ਼ ਦੇ ਵਿਦਿਆਰਥੀਆਂ ਦਾ ਪ੍ਰੀਖਿਆ ਪ੍ਰਣਾਲੀ ਅਤੇ ਸਰਕਾਰੀ ਸੰਸਥਾਵਾਂ ’ਤੇ ਭਰੋਸਾ ਕਾਇਮ ਰਹਿ ਸਕੇ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨਾ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਦਾ ਘਾਣ ਹੈ। ਸਰਕਾਰ ਨੂੰ ਵਿਦਿਆਰਥੀਆਂ ਦੀ ਆਵਾਜ਼ ਦਬਾਉਣ ਦੀ ਬਜਾਏ ਉਨ੍ਹਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਵਿਦਿਆਰਥੀਆਂ ’ਤੇ ਕੀਤੇ ਗਏ ਲਾਠੀਚਾਰਜ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਵਿਦਿਆਰਥੀਆਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਵਾਪਸ ਲਏ ਜਾਣ ਅਤੇ ਨੀਟ ਪੇਪਰ ਲੀਕ ਮਾਮਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਪੰਜਾਬ ਦੇ ਜ਼ਿਲ੍ਹਾ ਆਗੂ ਹੰਸਾਂ ਸਿੰਘ ਮੂੰਡੀ, ਕਸ਼ਮੀਰਾ ਸਿੰਘ ਭੰਡਾਲ ਦੋਨਾ, ਬਲਵੀਰ ਸਿੰਘ ਧਾਲੀਵਾਲ, ਗੁਰਦੀਪ ਸਿੰਘ ਨਬੀਪੁਰ, ਬਲਦੇਵ ਸਿੰਘ ਮੋਮੀ, ਲੁਭਾਇਆ ਰਾਮ, ਮਨਪ੍ਰੀਤ ਸਿੰਘ,ਕੁਲਦੀਪ ਕੌਰ ਉੱਚਾ ਬੋਹੜਵਾਲਾ, ਬਿੰਦਰ ਰਾਮਪੁਰ ਜਾਗੀਰ, ਸੰਦੀਪ ਕੌਰ, ਕੁਲਵੰਤ ਕੌਰ ਮੇਵਾ ਸਿੰਘ ਵਾਲਾ, ਕਾਤਾਂ ਸ਼ਾਹਜਹਾਨਪੁਰ ਆਦਿ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਵਿਦਿਆਰਥੀਆਂ ਦੇ ਸੰਘਰਸ਼ ਨਾਲ ਡਟ ਕੇ ਖੜ੍ਹਨ ਦਾ ਐਲਾਨ ਕੀਤਾ।